ਨਿੱਜੀ ਪੱਤਰ ਪ੍ਰੇਰਕ
ਰਾਜਪੁਰਾ, 31 ਮਾਰਚ
ਇੱਥੋਂ ਦੇ ਵਾਰਡ ਨੰਬਰ 3 ਤੋਂ ਅਕਾਲੀ ਦਲ (ਬ) ਦੀ ਇਕਲੌਤੀ ਕੌਂਸਲਰ ਸ਼ੁਭਪ੍ਰੀਤ ਕੌਰ ਅਤੇ ਉਸ ਦੇ ਪਤੀ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਕੰਡੇਵਾਲ਼ਾ, ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਹਲਕਾ ਰਾਜਪੁਰਾ ਦੀ ਵਿਧਾਇਕਾ ਨੀਨਾ ਮਿੱਤਲ ਨੇ ਪਾਰਟੀ ਵਿਚ ਸ਼ਾਮਲ ਹੋਏ ਇਨ੍ਹਾਂ ਵਿਅਕਤੀਆਂ ਦਾ ਸਿਰੋਪਾ ਭੇਟ ਕਰ ਕੇ ਸਵਾਗਤ ਕੀਤਾ ਹੈ। ਇਸ ਮੌਕੇ ਸ੍ਰੀਮਤੀ ਮਿੱਤਲ ਨੇ ਕਿਹਾ ਕਿ ਬੀਤੇ ਦਿਨੀਂ ਵਾਰਡ ਨੰਬਰ 4 ਦੇ ਕੌਂਸਲਰ ਕ੍ਰਿਸ਼ਨ ਅਗਰਵਾਲ, ਵਾਰਡ ਨੰਬਰ 17 ਤੋਂ ਕਾਂਗਰਸ ਪਾਰਟੀ ਨਾਲ ਸਬੰਧਿਤ ਮਹਿਲਾ ਕੌਂਸਲਰ ਸੁਰਜੀਤ ਕੌਰ ਅਤੇ ਰਾਕੇਸ਼ ਮਹਿਤਾ ਪਹਿਲਾਂ ਹੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਚੁੱਕੇ ਹਨ। ਅੱਜ ਕੌਂਸਲਰ ਸ਼ੁਭਪ੍ਰੀਤ ਕੌਰ ਨੇ ਆਪ ਵਿਚ ਸ਼ਾਮਲ ਹੋ ਕੇ ਪਾਰਟੀ ਦੇ ਪਰਿਵਾਰ ਵਿਚ ਵਾਧਾ ਕੀਤਾ ਹੈ। ਇਸ ਮੌਕੇ ਸ੍ਰੀ ਕੰਡੇਵਾਲ਼ਾ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਵਾਰਡ ਵਾਸੀਆਂ ਨਾਲ ਸਲਾਹ ਮਸ਼ਵਰਾ ਕਰ ਕੇ ਇਹ ਕਦਮ ਚੁੱਕਿਆ ਹੈ ਕਿਉਂਕਿ ਕਾਂਗਰਸ ਪਾਰਟੀ ਦੀ ਸਰਕਾਰ ਵੇਲ਼ੇ ਉਨ੍ਹਾਂ ਦਾ ਵਾਰਡ ਵਿਤਕਰੇ ਦਾ ਸ਼ਿਕਾਰ ਹੁੰਦਾ ਰਿਹਾ ਹੈ। ਇਸ ਮੌਕੇ ਅਮਨ ਸੈਣੀ, ਅਮਰਿੰਦਰ ਮੀਰੀ ਤੋਂ ਇਲਾਵਾ ਹੋਰ ਪਾਰਟੀ ਵਰਕਰ ਮੌਜੂਦ ਸਨ।