ਬਹਾਦਰ ਸਿੰਘ ਮਰਦਾਂਪੁਰ
ਰਾਜਪੁਰਾ, 17 ਮਈ
ਇਥੋਂ ਨੇੜਲੇ ਪਿੰਡ ਨਲਾਸ ਖੁਰਦ ਦਾ ਅਗਾਂਵਧੂ ਨੌਜਵਾਨ ਕਿਸਾਨ ਹਰਿੰਦਰ ਸਿੰਘ ਪਿਛਲੇ ਤਿੰਨ ਸਾਲਾਂ ਤੋਂ ਆਪਣੀ ਸੱਤ ਏਕੜ ਜ਼ਮੀਨ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਕੇ ਹੋਰਨਾਂ ਕਿਸਾਨਾਂ ਲਈ ਰਾਹ ਦਿਸੇਰਾ ਬਣ ਰਿਹਾ ਹੈ। ਝੋਨੇ ਦੀ ਸਿੱਧੀ ਬਿਜਾਈ ਆਪਣੇ ਤਜਰਬੇ ਸਾਂਝੇ ਕਰਦਿਆਂ ਹਰਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੀ 9 ਏਕੜ ਜ਼ਮੀਨ ਵਿੱਚੋਂ ਸੱਤ ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ ਅਤੇ ਬਾਕੀ ਜ਼ਮੀਨ ਵਿੱਚ ਸਬਜ਼ੀ, ਹਰਾ-ਚਾਰਾ ਅਤੇ ਮੱਕੀ ਦੀ ਕਾਸ਼ਤ ਕਰਦਾ ਹੈ। ਉਸ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਜਿਥੇ ਪਾਣੀ ਦੀ ਖਪਤ ਅੱਧੀ ਹੋਈ ਹੈ। ਉਥੇ ਫ਼ਸਲ ਦੀ ਪੈਦਾਵਾਰੀ ਲਾਗਤ ਦੇ ਖਰਚੇ ਵੀ ਘਟੇ ਹਨ। ਇਸ ਤੋਂ ਇਲਾਵਾ ਝੋਨੇ ਤੋਂ ਬਾਅਦ ਉਕਤ ਜ਼ਮੀਨ ਵਿੱਚ ਕਣਕ ਦੀ ਫ਼ਸਲ ਦੇ ਝਾੜ ਵਿੱਚ ਵੀ ਵਾਧਾ ਹੁੰਦਾ ਹੈ। ਹਰਿੰਦਰ ਸਿੰਘ ਨੇ ਦੱਸਿਆ ਕਿ ਤਜਰਬੇ ਅਨੁਸਾਰ ਇਸ ਵਿਧੀ ਨਾਲ ਮੀਂਹ ਦਾ ਪਾਣੀ ਭੂਮੀਗਤ ਜ਼ਿਆਦਾ ਹੁੰਦਾ ਹੈ। ਫ਼ਸਲ ਨੂੰ ਬਿਮਾਰੀਆਂ ਘੱਟ ਲੱਗਦੀਆਂ ਹਨ ਅਤੇ ਜ਼ਮੀਨ ਦੀ ਤਾਕਤ ਵਿੱਚ ਵਾਧਾ ਹੁੰਦਾ ਹੈ। ਜਦੋਂਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਅਤੇ ਕੱਦੂ ਕਰਕੇ ਲਗਾਏ ਝੋਨੇ ਦੀ ਫ਼ਸਲ ਦਾ ਝਾੜ ਬਰਾਬਰ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਸਿੱਧੀ ਬਿਜਾਈ ਵਾਲੇ ਕਿਸਾਨਾਂ ਨੂੰ ਦਿੱਤੇ ਜਾ ਰਹੇ ਲਾਭ ਨੂੰ ਵੇਖਦਿਆਂ ਕਿਸਾਨਾਂ ਨੂੰ ਸਿੱਧੀ ਬਿਜਾਈ ਕਰਨ ਦਾ ਲਾਭ ਲੈਣਾ ਚਾਹੀਦਾ ਹੈ।