ਸਰਕਾਰੀ ਬੱਸਾਂ ਦੀ ਗਿਣਤੀ 10 ਹਜ਼ਾਰ ਕਰਨ ਦੀ ਮੰਗ
ਕਿਸਾਨ ਤੇ ਮੁਲਾਜ਼ਮ ਜਥੇਬੰਦੀਆਂ ਸੰਘਰਸ਼ ਦੇ ਹੱਕ ਵਿੱਚ ਨਿੱਤਰੀਆਂ
ਗੁਰਦੀਪ ਸਿੰਘ ਲਾਲੀ
ਸੰਗਰੂਰ, 10 ਸਤੰਬਰ
ਪੰਜਾਬ ਰੋਡਵੇਜ਼ ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵਲੋਂ ਬੇਮਿਆਦੀ ਹੜਤਾਲ ਦੇ ਪੰਜਵੇਂ ਦਿਨ ਬੱਸ ਸਟੈਂਡ ’ਚ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਦੇ ਮੰਗਾਂ ਪ੍ਰਤੀ ਅਪਣਾਏ ਕਥਿਤ ਅੜੀਅਲ ਰਵੱਈਏ ਦੀ ਸਖਤ ਨਿਖੇਧੀ ਕਰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।
ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੂਬਾ ਆਗੂ ਜਤਿੰਦਰ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਵਾਰ ਵਾਰ ਮੀਟਿੰਗਾਂ ਕਰਕੇ ਮੁਲਾਜ਼ਮ ਮੰਗਾਂ ਪੂਰੀਆਂ ਕਰਨ ਤੋਂ ਭੱਜ ਰਹੀ ਹੈ। ਸਰਕਾਰ ਦੇ ਅੜੀਅਲ ਰਵੱਈਏ ਕਾਰਨ ਕਰੀਬ ਸੱਤ ਹਜ਼ਾਰ ਕੱਚੇ ਮੁਲਾਜ਼ਮ ਸੜਕਾਂ ’ਤੇ ਉਤਰੇ ਹੋਏ ਹਨ ਅਤੇ ਪਿਛਲੇ ਪੰਜ ਦਿਨਾਂ ਤੋਂ ਹੜਤਾਲ ’ਤੇ ਹਨ। ਉਨ੍ਹਾਂ ਕਿਹਾ ਕਿ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਕੈਪਟਨ ਸਰਕਾਰ ਪ੍ਰਤੀ ਕੱਚੇ ਮੁਲਾਜ਼ਮਾਂ ਦਾ ਰੋਸ ਲਗਾਤਾਰ ਵਧਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੜਤਾਲੀ ਕੱਚੇ ਮੁਲਾਜ਼ਮਾਂ ਦੇ ਹੌਂਸਲੇ ਬੁਲੰਦ ਹਨ। ਉਨ੍ਹਾਂ ਕਿਹਾ ਕਿ ਪਹਿਲੀ ਕੈਬਨਿਟ ਦੀ ਮੀਟਿੰਗ ’ਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਵਾਅਦੇ ਤੋਂ ਸਰਕਾਰ ਭੱਜ ਰਹੀ ਹੈ। ਜੇਕਰ ਸਰਕਾਰ ਨੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਪੂਰਾ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਤਿੱਖਾ ਰੂਪ ਦਿੱਤਾ ਜਾਵੇਗਾ।
ਕੱਚੇ ਮੁਲਾਜ਼ਮਾਂ ਦੇ ਸੰਘਰਸ਼ ਦੀ ਹਮਾਇਤ ਵਿਚ ਕਿਸਾਨ ਜਥੇਬੰਦੀਆਂ, ਸੀਟੂ ਜਥੇਬੰਦੀ, ਹਰਿਆਣਾ ਰੋਡਵੇਜ਼ ਦੀਆਂ ਜਥੇਬੰਦੀਆਂ, ਆਲ ਇੰਡੀਆ ਫਰੀਡਮ ਫਾਈਟਰਜ਼ ਜਥੇਬੰਦੀਆਂ ਅਤੇ ਹੋਰ ਵੱਖ-ਵੱਖ ਜਥੇਬੰਦੀਆਂ ਨਿੱਤਰ ਆਈਆਂ ਹਨ। ਸੂਬਾ ਆਗੂ ਪਰਮਿੰਦਰ ਸਿੰਘ ਟਿੱਬਾ, ਡੀਪੂ ਪ੍ਰਧਾਨ ਜਸਵਿੰਦਰ ਸਿੰਘ ਜੱਸੀ ਅਤੇ ਸਕੱਤਰ ਸੁਖਜਿੰਦਰ ਸਿੰਘ ਸੀਪਾ ਨੇ ਕਿਹਾ ਕਿ ਕਮਾਈ ਵਾਲੇ ਮਹਿਕਮੇ ਟਰਾਂਸਪੋਰਟ ਵਿੱਚ ਕਿਸੇ ਨੂੰ ਪੱਕਾ ਤਾਂ ਕੀ ਕਰਨਾ ਸੀ ਸਗੋਂ ਸੰਘਰਸ਼ ਕਰ ਰਹੇ ਕੱਚੇ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਜਿਸ ਨੂੰ ਹੜਤਾਲੀ ਮੁਲਾਜ਼ਮ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਮੰਗ ਕੀਤੀ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਸਰਕਾਰੀ ਬੱਸਾਂ ਦੀ ਘੱਟੋ ਘੱਟ ਗਿਣਤੀ 10 ਹਜ਼ਾਰ ਕੀਤੀ ਜਾਵੇ, ਰਿਪੋਰਟਾਂ ਦੀਆਂ ਕੰਡੀਸ਼ਨਾਂ ਰੱਦ ਕਰਕੇ ਮੁਲਾਜ਼ਮ ਬਹਾਲ ਕੀਤੇ ਜਾਣ।
ਇਸ ਮੌਕੇ ਡਿਪੂ ਮੀਤ ਪ੍ਰਧਾਨ ਰਣਦੀਪ ਸਿੰਘ ਬਾਵਾ, ਚੇਅਰਮੈਨ ਲਖਵਿੰਦਰ ਸਿੰਘ ਬਿੱਟੂ, ਹਰਪ੍ਰੀਤ ਸਿੰਘ ਗਰੇਵਾਲ, ਰਣਜੀਤ ਸਿੰਘ, ਰੁਪਿੰਦਰ ਸਿੰਘ ਤੇ ਰਾਮ ਸਿੰਘ ਨੇ ਵੀ ਸੰਬੋਧਨ ਕੀਤਾ।
ਫੋਟੋ: ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਰੋਡਵੇਜ਼ ਦੇ ਕੱਚੇ ਮੁਲਾਜ਼ਮ।