ਪੱਤਰ ਪ੍ਰੇਰਕ
ਘਨੌਰ, 15 ਅਕਤੂਬਰ
ਆਰੀਅਨਜ਼ ਗਰੁਪ ਆਫ ਕਾਲਜ ਨੇਪਰਾਂ ਵਿੱਚ ਗਰੁਪ ਦੇ ਚੇਅਰਮੈਨ ਡਾ. ਅੰਸ਼ੂ ਕਟਾਰੀਆ ਦੀ ਪ੍ਰਧਾਨਗੀ ਹੇਠ ਕਰਵਾਏ ਜਾ ਰਹੇ ਦੋ ਰੋਜ਼ਾ ਉੱਤਰੀ ਜ਼ੋਨ ਯੁਵਕ ਮੇਲੇ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਬਤੌਰ ਮੁੱਖ ਮਹਿਮਾਨ ਅਤੇ ਹਲਕਾ ਰਾਜਪੁਰਾ ਦੀ ਵਿਧਾਇਕਾ ਨੀਨਾ ਮਿੱਤਲ ਵਿਸ਼ੇਸ ਮਹਿਮਾਨ ਵੱਜੋਂ ਸ਼ਾਮਲ ਹੋਏ। ਯੁਵਕ ਮੇਲੇ ਦਾ ਉਦਘਾਟਨ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਆਰੀਅਨ ਕਾਲਜ ਵੱਲੋਂ ਕਰਵਾਏ ਜਾ ਰਹੇ ਉੱਤਰੀ ਜ਼ੋਨ ਯੁਵਕ ਮੇਲੇ ਨਾਲ ਵਿਦਿਆਰਥੀ ਸੱਭਿਆਚਾਰ ਵੱਲ ਪ੍ਰੇਰਿਤ ਹੋਣਗੇ ਅਤੇ ਉਨ੍ਹਾਂ ਨੂੰ ਅਜਿਹੇ ਸੱਭਿਆਚਾਰਕ ਪ੍ਰੋਗਰਾਮ ਨਾਲ ਜੁੜਨ ਲਈ ਵੱਡਾ ਹੁੰਗਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਆਪ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਦ੍ਰਿੜ੍ਹ ਹੈ।
ਐੱਸ.ਵਾਈ.ਐੱਲ ਦੇ ਮੁੱਦੇ ’ਤੇ ਚੀਮਾ ਨੇ ਕਿਹਾ ਪੰਜਾਬ ਕੋਲ ਕਿਸੇ ਹੋਰ ਰਾਜ ਨੂੰ ਦੇਣ ਲਈ ਇੱਕ ਬੂੰਦ ਪਾਣੀ ਫਾਲਤੂ ਨਹੀਂ ਹੈ। ਪੰਜਾਬ ਦੀ ਆਰਥਿਕ ਸਥਿਤੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੀ ਆਰਥਿਕ ਸਥਿਤੀ ਪਹਿਲਾਂ ਨਾਲੋਂ ਬਿਹਤਰ ਹੋਈ ਹੈ। ਸਰਕਾਰ ਦੇ ਪਹਿਲੇ ਛੇ ਮਹੀਨਿਆਂ ਦੌਰਾਨ ਜੀ.ਐੱਸ.ਟੀ ਅਤੇ ਐਕਸਾਈਜ਼ ਪਾਲਿਸੀ ਨਾਲ ਖਜ਼ਾਨੇ ਵਿੱਚ 10 ਹਜ਼ਾਰ ਕਰੋੜ ਦਾ ਵਾਧਾ ਹੋਇਆ ਹੈ। ਭ੍ਰਿਸ਼ਟਾਚਾਰ ਸਬੰਧੀ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਨੱਥ ਪਾਈ ਹੈ। ਕਿਸੇ ਵੀ ਭ੍ਰਿਸ਼ਟਾਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਵਿਧਾਇਕਾ ਨੀਨਾ ਮਿੱਤਲ, ਡਾ. ਅੰਸ਼ੂ ਕਟਾਰੀਆ ਨੇ ਵੀ ਸੰਬੋਧਨ ਕੀਤਾ। ਯੁਵਕ ਮੇਲੇ ਦੇ ਪਹਿਲੇ ਦਿਨ ਕੌਮਾਂਤਰੀ ਲੋਕ ਨਾਚ, ਕੁਇੱਜ਼, ਭੰਗੜਾ ਅਤੇ ਹੋਰ ਸੱਭਿਆਚਾਰਕ ਪੇਸ਼ਕਾਰੀਆਂ ਕੀਤੀਆਂ ਗਈਆਂ। ਇਸ ਮੌਕੇ ਰੋਸ਼ਨ ਲਾਲ ਕਟਾਰੀਆ, ਪ੍ਰੋ. ਬੀ.ਐੱਸ ਸਿੱਧੂ ਅਤੇ ਹੋਰ ਮੌਜੂਦ ਸਨ।