ਸਰਬਜੀਤ ਸਿੰਘ ਭੰਗੂ
ਪਟਿਆਲਾ, 19 ਸਤੰਬਰ
ਕੇਂਦਰੀ ਬਿਜਲੀ ਤੇ ਨਵਿਆਉਣਯੋਗ ਊਰਜਾ ਬਾਰੇ ਮੰਤਰੀ ਆਰ.ਕੇ. ਸਿੰਘ ਨੇ ਪਟਿਆਲਾ ਜ਼ਿਲ੍ਹੇ ਅੰਦਰ ਚੱਲ ਰਹੀਆਂ ਵੱਖ-ਵੱਖ ਕੇਂਦਰੀ ਸਕੀਮਾਂ ਅਤੇ ਪ੍ਰੋਗਰਾਮਾਂ ਦੀ ਸਮੀਖਿਆ ਕਰਦਿਆਂ ਇਨ੍ਹਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ’ਤੇ ਜ਼ੋਰ ਦਿੱਤਾ। ਪ੍ਰਸ਼ਾਸਨ ਦਾ ਦਾਅਵਾ ਹੈ ਕਿ ਕੇਂਦਰੀ ਮੰਤਰੀ ਨੇ ਕੇਂਦਰੀ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਨ ਦੀ ਕਾਰਵਾਈ ’ਤੇ ਤਸੱਲੀ ਦਾ ਇਜ਼ਹਾਰ ਕੀਤਾ ਹੈ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੇਂਦਰੀ ਮੰਤਰੀ ਆਰ.ਕੇ. ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਸਕੀਮਾਂ ਦੇ ਫੰਡ 100 ਫੀਸਦੀ ਵਰਤੇ ਜਾਣੇ ਯਕੀਨੀ ਬਣਾਏ ਜਾਣ ਅਤੇ ਇਨ੍ਹਾਂ ਦੇ ਲਾਭ ਹੇਠਲੇ ਪੱਧਰ ’ਤੇ ਲਾਭਪਾਤਰੀਆਂ ਤੱਕ ਪੁੱਜਦੇ ਕੀਤੇ ਜਾਣ। ਉਨ੍ਹਾਂ ਆਯੂਸ਼ਮਾਨ ਭਾਰਤ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਇਸ ਯੋਜਨਾ ਦਾ ਲਾਭ ਦੇਣ ਵਿੱਚ ਪਟਿਆਲਾ ਜ਼ਿਲ੍ਹੇ ਦੇ ਰਾਜ ਵਿੱਚੋਂ ਮੋਹਰੀ ਰਹਿਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਮਹਾਤਮਾ ਗਾਂਧੀ ਰੋਜ਼ਗਾਰ ਗਾਰੰਟੀ ਯੋਜਨਾ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਪ੍ਰਧਾਨ ਮੰਤਰੀ ਸੜਕ ਯੋਜਨਾ, ਕੇਂਦਰੀ ਪ੍ਰਾਯੋਜਿਤ ਪੈਨਸ਼ਨ ਯੋਜਨਾ ਆਦਿ ਦੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਧਰਤੀ ਹੇਠਲਾ ਪਾਣੀ ਬਚਾਉਣ ਲਈ ਉਪਰਾਲੇ ਕੀਤੇ ਜਾਣ ਅਤੇ ਅੰਮ੍ਰਿਤ ਸਰੋਵਰ ਸਕੀਮ ਨੂੰ ਸਫ਼ਲ ਬਣਾਇਆ ਜਾਵੇ।
ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਦੀ ਸਮੀਖਿਆ ਕਰਦਿਆਂ ਉਨ੍ਹਾਂ ਸੜਕਾਂ ਦੀ ਨਿਰਮਾਣ ਸਮੱਗਰੀ ਦਾ ਮਿਆਰ ਉੱਚ ਪੱਧਰੀ ਰੱਖਣ ਸਮੇਤ ਸਮੇਂ-ਸਮੇਂ ’ਤੇ ਇਸ ਦੀ ਗੁਣਵੱਤਾ ਜਾਂਚ ਲਈ ਐੱਸ.ਡੀ.ਐਮਜ਼ ’ਤੇ ਅਧਾਰਤ ਇੱਕ ਕਮੇਟੀ ਦਾ ਗਠਨ ਕਰਨ ਲਈ ਆਖਿਆ। ਜਾਣਕਾਰੀ ਅਨੁਸਾਰ ਕੇਂਦਰੀ ਮੰਤਰੀ ਨੇ ਬੇਟੀ ਬਚਾਓ ਬੇਟੀ ਪੜ੍ਹਾਓ, ਸਵੱਛ ਭਾਰਤ ਸਕੀਮ, ਦੀਨ ਦਿਆਲ ਉਪਾਧਿਆਏ ਗ੍ਰਾਮ ਜਯੋਤੀ ਯੋਜਨਾ, ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ ਆਦਿ ਹੋਰ ਯੋਜਨਾਵਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਕ੍ਰਿਸ਼ੀ ਸਿੰਜਾਈ ਯੋਜਨਾ ਨੂੰ ਪਾਰਦਰਸ਼ੀ ਢੰਗ ਨਾਲ ਕਿਸਾਨਾਂ ਤੱਕ ਪੁੱਜਦਾ ਕਰਨ ਲਈ ਇੱਕ ਵਿਸ਼ੇਸ਼ ਪ੍ਰਣਾਲੀ ਵਿਕਸਤ ਕੀਤੀ ਜਾਵੇ ਤਾਂ ਕਿ ਇਸ ਯੋਜਨਾ ਦਾ ਲਾਭ ਕਿਸਾਨਾਂ ਨੂੰ ਸਮੇਂ ਸਿਰ ਮਿਲ ਸਕੇ। ਇਸ ਮੌਕੇ ਕੇਂਦਰੀ ਬਿਜਲੀ ਮੰਤਰੀ ਦਾ ਸਵਾਗਤ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਬਾਰੇ ਮੁਕੰਮਲ ਜਾਣਕਾਰੀ ਦਿੱਤੀ ਜਦਕਿ ਏ.ਡੀ.ਸੀ. (ਦਿਹਾਤੀ ਵਿਕਾਸ) ਈਸ਼ਾ ਸਿੰਘਲ ਨੇ ਕੇਂਦਰੀ ਸਕੀਮਾਂ ਬਾਰੇ ਪ੍ਰੈਜੈਂਟੇਸ਼ਨ ਪੇਸ਼ ਕੀਤੀ।