ਪੱਤਰ ਪ੍ਰੇਰਕ
ਘਨੌਰ, 22 ਅਕਤੂਬਰ
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀ ਮਾੜੀ ਕਾਰਗੁਜ਼ਾਰੀ ਕਾਰਨ ਪਿੰਡ ਨਰੜੂ ਵਾਸੀਆਂ ਨੂੰ ਚਾਰ ਦਿਨਾਂ ਤੋਂ ਪੀਣਯੋਗ ਪਾਣੀ ਦੀ ਸਪਲਾਈ ਨਾ ਮਿਲਣ ਕਾਰਨ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਦੀ ਵਾਟਰ ਵਰਕਸ ਤੋਂ ਪਾਣੀ ਦੀ ਸਪਲਾਈ ਮਿਲਦੀ ਹੈ, ਜਿਹੜੀ ਪਿਛਲੇ ਚਾਰ ਦਿਨਾਂ ਤੋਂ ਠੱਪ ਪਈ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਹਰ ਮਹੀਨੇ ਕਈ ਕਈ ਦਿਨਾਂ ਤੱਕ ਪੀਣਯੋਗ ਪਾਣੀ ਨਸੀਬ ਨਹੀਂ ਹੁੰਦਾ। ਸੰਪਰਕ ਕਰਨ ’ਤੇ ਵਿਭਾਗ ਦੀ ਐਕਸੀਅਨ ਗੁਰਜੋਤ ਕੌਰ ਦਾ ਕਹਿਣਾ ਹੈ ਕਿ ਉਕਤ ਪਿੰਡ ਵਿੱਚ ਪਾਣੀ ਦੀ ਸਪਲਾਈ ਠੱਪ ਹੋਣ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਨਹੀਂ ਸੀ। ਉਹ ਅੱਜ ਹੀ ਸਬੰਧਤ ਐੱਸ.ਡੀ.ਓ ਨੂੰ ਲੋੜੀਂਦੀ ਕਾਰਵਾਈ ਕਰਕੇ ਪਿੰਡ ਵਿੱਚ ਪਾਣੀ ਦੀ ਸਪਲਾਈ ਬਹਾਲ ਕਰਵਾਉਣ ਲਈ ਕਹਿਣਗੇ।