ਪੱਤਰ ਪ੍ਰੇਰਕ
ਪਟਿਆਲਾ, 11 ਜੂਨ
ਆਮ ਆਦਮੀ ਪਾਰਟੀ ਦੇ ਪਟਿਆਲਾ ਦਿਹਾਤੀ ਤੋਂ ਵਿਧਾਇਕ ਡਾ. ਬਲਬੀਰ ਸਿੰਘ ਨੇ ਪਿੰਡਾਂ ਵਿੱਚ ਸਰਪੰਚਾਂ ਤੇ ਪੰਚਾਇਤ ਸਕੱਤਰਾਂ ਦੀਆਂ ਮਨਮਾਨੀਆਂ ਰੋਕਣ ਲਈ ਸੰਵਿਧਾਨਕ ਕਦਮ ਚੁੱਕਿਆ ਹੈ। ਉਨ੍ਹਾਂ ਐਲਾਨ ਕੀਤਾ ਕਿ ਪਟਿਆਲਾ ਦਿਹਾਤੀ ਦੇ ਪਿੰਡਾਂ ਵਿੱਚ ਪੰਚਾਇਤਾਂ (ਗ੍ਰਾਮ ਸਭਾ) ਦਾ ਆਮ ਇਜਲਾਸ ਹੋਵੇਗਾ, ਜਿਸ ਵਿੱਚ ਵੋਟਰ ਸੂਚੀ ਵਿੱਚ ਸ਼ਾਮਲ ਨਾਗਰਿਕ ਆਪਣੀ ਰਾਏ ਰੱਖ ਸਕੇਗਾ। ਵਿਧਾਇਕ ਨੇ ਲੋਕਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਪਿੰਡ ਪੱਧਰ ਦੀ ਮੁਹਿੰਮ ਸ਼ੁਰੂ ਕੀਤੀ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਟਿਆਲਾ ਦਿਹਾਤੀ ਦੇ ਪਿੰਡਾਂ ਵਿੱਚ 15 ਤੋਂ 26 ਜੂਨ ਵਿਚਕਾਰ ਗ੍ਰਾਮ ਸਭਾ ਦੇ ਆਮ ਇਜਲਾਸ ਕੀਤੇ ਜਾਣਗੇ। 18 ਸਾਲ ਤੋਂ ਵੱਧ ਉਮਰ ਦਾ ਪਿੰਡ ਦਾ ਹਰ ਵਾਸੀ ਜਿਸ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਹੈ, ਉਹ ਇਸ ਇਜਲਾਸ ਵਿੱਚ ਹਿੱਸਾ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਬਹੁਤ ਅਹਿਮ ਹੈ ਕਿਉਂਕਿ ਇਸ ਰਾਹੀਂ ਪਿੰਡ ਦੇ ਲੋਕਾਂ ਨੂੰ ਹੱਕ ਹੈ ਕਿ ਪਿੰਡ ਵਿੱਚ ਕੀਤੇ ਗਏ ਵਿਕਾਸ ਕਾਰਜਾਂ ਦਾ ਵਿਸਥਾਰ ਵਿੱਚ ਲੇਖਾ-ਜੋਖਾ ਲਿਆ ਜਾ ਸਕੇ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਗ੍ਰਾਮ ਸਭਾ ਦੇ ਆਮ ਇਜਲਾਸ ਵਿੱਚ ਲੋਕਾਂ ਦੀ ਬਹੁਮਤ ਨਾਲ ਲਏ ਗਏ ਫ਼ੈਸਲੇ ਪੰਚਾਇਤ ਅਤੇ ਹੋਰ ਸਰਕਾਰੀ ਅਦਾਰਿਆਂ ਵਾਸਤੇ ਮੰਨਣੇ ਲਾਜ਼ਮੀ ਹਨ।