ਚੋਰੀਆਂ ਕਾਰਨ ਠੀਕਰੀ ਪਹਿਰੇ ਲੱਗਣੇ ਸ਼ੁਰੂ
ਧੂਰੀ ਸ਼ਹਿਰ ਵਿੱਚ ਲਗਾਤਾਰ ਵਧ ਰਹੀਆਂ ਚੋਰੀਆਂ ਦੀਆਂ ਘਟਨਾਵਾਂ ਨੇ ਲੋਕਾਂ ਦੀ ਨੀਂਦ ਉਡਾ ਦਿੱਤੀ ਹੈ। ਪਿਛਲੇ ਤਿੰਨ ਤੋਂ ਚਾਰ ਦਿਨਾਂ ਦੌਰਾਨ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਦੁਕਾਨਾਂ ਦੇ ਜਿੰਦੇ ਤੋੜ ਕੇ ਕੀਮਤੀ ਸਾਮਾਨ ਤੇ ਨਕਦੀ ਚੋਰੀ ਕੀਤੀ ਗਈ। ਸ਼ਹਿਰ...
ਧੂਰੀ ਸ਼ਹਿਰ ਵਿੱਚ ਲਗਾਤਾਰ ਵਧ ਰਹੀਆਂ ਚੋਰੀਆਂ ਦੀਆਂ ਘਟਨਾਵਾਂ ਨੇ ਲੋਕਾਂ ਦੀ ਨੀਂਦ ਉਡਾ ਦਿੱਤੀ ਹੈ। ਪਿਛਲੇ ਤਿੰਨ ਤੋਂ ਚਾਰ ਦਿਨਾਂ ਦੌਰਾਨ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਦੁਕਾਨਾਂ ਦੇ ਜਿੰਦੇ ਤੋੜ ਕੇ ਕੀਮਤੀ ਸਾਮਾਨ ਤੇ ਨਕਦੀ ਚੋਰੀ ਕੀਤੀ ਗਈ। ਸ਼ਹਿਰ ਵਿੱਚ ਲਗਾਤਾਰ ਹੋ ਰਹੀਆਂ ਇਨ੍ਹਾਂ ਵਾਰਦਾਤਾਂ ਕਾਰਨ ਵਪਾਰੀਆਂ ਅਤੇ ਆਮ ਨਾਗਰਿਕਾਂ ਵਿੱਚ ਡਰ ਦਾ ਮਾਹੌਲ ਹੈ। ਚੌਧਰੀ ਮੁਹੱਲੇ ਦੇ ਲੋਕਾਂ ਦਾ ਕਹਿਣਾ ਹੈ ਕਿ ਚੋਰ ਬਿਨਾਂ ਕਿਸੇ ਡਰ ਤੋਂ ਰਾਤ ਨੂੰ ਸ਼ਹਿਰ ਦੇ ਕਈ ਥਾਵਾਂ ’ਤੇ ਚੋਰੀਆਂ ਕਰ ਚੁੱਕੇ ਹਨ, ਜਿਸ ਕਾਰਨ ਉਨ੍ਹਾਂ ਮਜਬੂਰਨ ਰਾਤ ਨੂੰ ਪਹਿਰਾ ਦੇਣਾ ਪੈ ਰਿਹਾ। ਉਨ੍ਹਾਂ ਪੁਲੀਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸ਼ਹਿਰ ਵਿੱਚ ਰਾਤ ਦੀ ਪੁਲੀਸ ਗਸ਼ਤ ਵਧਾਈ ਜਾਵੇ, ਸੀ ਸੀ ਟੀ ਵੀ ਕੈਮਰਿਆਂ ਦੀ ਸਮੇਂ ’ਤੇ ਜਾਂਚ ਕੀਤੀ ਜਾਵੇ ਅਤੇ ਚੋਰਾਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇ। ਕਰਿਆਨਾ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਪ੍ਰਮੋਦ ਗੁਪਤਾ ਦਾ ਕਹਿਣਾ ਹੈ ਕਿ ਵਪਾਰੀਆਂ ਵਿੱਚ ਵੀ ਚੋਰੀ ਦੀਆਂ ਵਾਰਦਾਤਾਂ ਕਾਰਨ ਸਹਿਮ ਹੈ। ਉਨ੍ਹਾਂ ਕਿਹਾ ਇਸ ਸਬੰਧੀ ਪੁਲੀਸ ਅਧਿਕਾਰੀਆਂ ਨਾਲ ਗੱਲਬਾਤ ਵੀ ਕੀਤੀ।
ਰਾਤ ਦੀ ਗਸ਼ਤ ਹੋਰ ਤੇਜ਼ ਕਰ ਦਿੱਤੀ: ਡੀ ਐੱਸ ਪੀ
ਧੂਰੀ ਦੇ ਡੀ ਐੱਸ ਪੀ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਰਾਤ ਦੀ ਗਸ਼ਤ ਹੋਰ ਤੇਜ਼ ਕਰ ਦਿੱਤੀ ਗਈ ਹੈ ਤੇ ਜਿਹੜੀਆ ਚੋਰੀਆਂ ਸ਼ਹਿਰ ਅੰਦਰ ਹੋਈਆਂ ਸਨ, ਉਨ੍ਹਾਂ ਚੋਰਾ ਦੀ ਭਾਲ ਤੇਜ਼ੀ ਨਾਲ ਕੀਤੀ ਜਾ ਰਹੀ ਤੇ ਉਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਹਰ ਹਿੱਸੇ ਵਿੱਚ ਕੈਮਰੇ ਕੰਮ ਕਰ ਰਹੇ ਹਨ ਜਿੱਥੇ ਕੈਮਰੇ ਨਹੀਂ ਉਨ੍ਹਾਂ ਥਾਵਾਂ ’ਤੇ ਕੈਮਰੇ ਲਾਉਣ ਦਾ ਪ੍ਰਬੰਧ ਕੀਤਾ ਜਾ ਰਿਹਾ ਤੇ ਪੁਲੀਸ ਦੀ ਗਸ਼ਤ ਵਧਾਈ ਗਈ ਹੈ।
ਮੋਟਰਾਂ ਦੀਆਂ ਤਾਰਾਂ ਕੱਟਣ ਕਾਰਨ ਲੋਕ ਪ੍ਰੇਸ਼ਾਨ
ਪਾਤੜਾਂ (ਪੱਤਰ ਪ੍ਰੇਰਕ): ਪਿੰਡ ਚਿਚੜਵਾਲ ਵਿੱਚ ਮੋਟਰਾਂ ਦੀਆਂ ਤਾਰਾਂ ਕੱਟਣ ਕਾਰਨ ਲੋਕ ਪ੍ਰੇਸ਼ਾਨ ਹਨ। ਪਿੰਡ ਵਾਸੀ ਗੁਰਚਰਨ ਰਾਮ ਨੇ ਦੱਸਿਆ ਹੈ ਕਿ ਰਾਤ ਦੇ ਸਮੇਂ ਕਿਸਾਨਾਂ ਦੇ ਖੇਤਾਂ ਵਿੱਚੋਂ ਮੋਟਰਾਂ ਦੀਆਂ ਤਾਰਾਂ ਕੱਟੀਆਂ ਜਾ ਰਹੀਆਂ ਹਨ। ਉਨ੍ਹਾਂ ਮੰਗ ਹੈ ਕਿ ਪਿੰਡ ਵਿੱਚ ਨਸ਼ਾ ਵੇਚਣ ਵਾਲਿਆਂ ਖ਼ਿਲਾਫ ਤੁਰੰਤ ਕਾਰਵਾਈ ਕੀਤੀ ਜਾਵੇ, ਰਾਤ ਦੀ ਪੁਲੀਸ ਗਸ਼ਤ ਵਧਾਈ ਜਾਵੇ, ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਵੇ। ਉਧਰ, ਥਾਣਾ ਸ਼ੁਤਰਾਣਾ ਦੇ ਮੁਖੀ ਜਸਪਾਲ ਸਿੰਘ ਨੇ ਦੱਸਿਆ ਹੈ ਕਿ ਚਿੱਚੜਵਾਲਾ ਵਿੱਚ ਮੋਟਰਾਂ ਦੀਆਂ ਕੇਬਲਾਂ ਕੱਟੇ ਜਾਣ ਦਾ ਮਾਮਲਾ ਉਨ੍ਹਾਂ ਦੇ ਹੁਣ ਤੱਕ ਧਿਆਨ ਵਿੱਚ ਨਹੀਂ ਆਇਆ ਜਦੋਂ ਕੋਈ ਅਜਿਹਾ ਮਾਮਲਾ ਸਾਹਮਣੇ ਆਵੇਗਾ, ਤਾਂ ਪੜਤਾਲ ਕਰਕੇ ਮੁਲਜ਼ਮਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।

