ਰਵੇਲ ਸਿੰਘ ਭਿੰਡਰ
ਪਟਿਆਲਾ, 6 ਜੂਨ
ਜੂਨ ’84 ਦੇ ਸ਼ਹੀਦਾਂ ਦੀ ਸਾਲਾਨਾ ਯਾਦ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਸਮੇਤ ਗੁਰਦੁਆਰਾ ਬਹਾਦਰਗੜ੍ਹ, ਗੁਰਦੁਆਰਾ ਬਾਬਾ ਅਜਾਪਾਲ ਅਤੇ ਗੁਰਦੁਆਰਾ ਕਰਹਾਲੀ ਸਾਹਿਬ ਵਿਖੇ ਸ਼ਹੀਦੀ ਸਮਾਗਮ ਕਰਵਾਏ ਗਏ। ਸ਼ਹੀਦਾਂ ਦੀ ਯਾਦ ਵਿੱਚ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਅਰਦਾਸ ਸਮਾਗਮ ਦੌਰਾਨ ਜੂਨ 1984 ਦੇ ਸ਼ਹੀਦਾਂ ਨੂੰ ਸ਼ਰਧਾ ਸਤਿਕਾਰ ਭੇਟ ਕੀਤਾ ਗਿਆ। ਇਸ ਮੌਕੇ ਹਜ਼ੂਰੀ ਕੀਰਤਨੀ ਜਥਿਆਂ ਨੇ ਗੁਰਬਾਣੀ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਅਰਦਾਸ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਸ਼ਹੀਦਾਂ ਨੂੰ ਸ਼ਰਧਾ ਸਤਿਕਾਰ ਭੇਟ ਕੀਤਾ। ਉਨ੍ਹਾਂ ਆਖਿਆ ਕਿ ਜੂਨ ’84 ਦੁਖਾਂਤ ਕੌਮ ਲਈ ਨਾਭੁੱਲਣਯੋਗ ਦਰਦ ਬਣ ਚੁੱਕਿਆ ਹੈ। ਅਰਦਾਸ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਰੱਖੜਾ, ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਤੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਸਮੇਤ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਸ਼ਿਰਕਤ ਕੀਤੀ। ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਜੂਨ 1984 ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਸੰਗਤ ਨੂੰ ਇਸ ਸਾਕੇ ਬਾਰੇ ਜਾਣੂ ਕਰਵਾਇਆ। ਇਸ ਮੌਕੇ ਸਾਬਕਾ ਸ੍ਰੀ ਚੰਦੂਮਾਜਰਾ, ਸ੍ਰੀ ਰੱਖੜਾ ਅਤੇ ਪ੍ਰੋ. ਬਡੂੰਗਰ ਨੇ ਸਾਂਝੇ ਤੌਰ ’ਤੇ ਕਿਹਾ ਕਿ ਦੁਨੀਆ ਦੇ ਇਤਿਹਾਸਕ ਅਤੇ ਮੁਕੱਦਸ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਹਿ-ਢੇਰੀ ਕਰਨ ਲਈ ਕੀਤਾ ਗਿਆ ਹਮਲਾ ਸਿੱਖਾਂ ਦੀ ਨਸਲਕੁਸ਼ੀ ਕਰਨ ਵਾਲਾ ਕਦਮ ਸੀ ਤੇ ਸੋਚੀ-ਸਮਝੀ ਸਾਜਿਸ਼ ਸੀ, ਜਿਸ ਨੂੰ ਕੌਮ ਕਦੇ ਭੁਲਾ ਨਹੀਂ ਸਕਦੀ। ਉਨਾਂ ਕਿਹਾ ਕਿ ਅਜਿਹੇ ਦੁਖਾਂਤ ਅਤੇ ਘਟਨਾਵਾਂ ਪ੍ਰਤੀ ਕੌਮ ਨੂੰ ਸੁਚੇਤ ਰਹਿਣ ਦੀ ਲੋੜ ਹੈ।
ਮਸਤੂਆਣਾ ਸਾਹਿਬ (ਐੱਸ.ਐੱਸ. ਸੱਤੀ): ਅਕਾਲ ਕਾਲਜ ਕੌਂਸਲ ਗੁਰਸਾਗਰ ਮਸਤੂਆਣਾ ਸਾਹਿਬ ਵੱਲੋਂ ਸਾਕਾ ਨੀਲਾ ਤਾਰਾ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਗੁਰਸਾਗਰ ਸਾਹਿਬ ਵਿਖੇ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਭਾਈ ਗੁਰਮੇਲ ਸਿੰਘ ਵੱਲੋਂ ਅਰਦਾਸ ਉਪਰੰਤ ਮੁੱਖ ਗ੍ਰੰਥੀ ਭਾਈ ਸੁਖਦੇਵ ਸਿੰਘ ਵੱਲੋਂ ਹੁਕਮਨਾਮਾ ਲਿਆ ਗਿਆ। ਅਕਾਲ ਧਰਮ ਪ੍ਰਚਾਰ ਕਮੇਟੀ ਦੇ ਪ੍ਰਧਾਨ ਜਥੇਦਾਰ ਹਰਜੀਤ ਸਿੰਘ ਸੰਜੂਮਾ ਨੇ ਸਾਕਾ ਨੀਲਾ ਤਾਰਾ ਦੇ ਸ਼ਹੀਦਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਅਕਾਲ ਕਾਲਜ ਕੌਂਸਲ ਵੱਲੋਂ ਧਰਮੀ ਫ਼ੌਜੀ ਭਾਈ ਕਰਨੈਲ ਸਿੰਘ ਹਰਿਆਣਾ ਨੂੰ ਸਿਰੋਪਾਓ ਭੇਟ ਕੀਤਾ ਗਿਆ। ਇਸੇ ਦੌਰਾਨ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਵੈੱਲਫੇਅਰ ਸੁਸਾਇਟੀ ਉੱਪਲੀ ਵੱਲੋਂ ਸਾਕਾ ਨੀਲਾ ਤਾਰਾ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ ਤੇ ਛਬੀਲ ਲਗਾਈ ਗਈ।