ਸੱਚ ਅਤੇ ਨਿਆਂ ਦੀ ਹਮੇਸ਼ਾ ਜਿੱਤ ਹੁੰਦੀ ਹੈ: ਗੋਇਲ
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਅਦਾਲਤ ਵੱਲੋਂ ਬਰੀ ਕੀਤੇ ਜਾਣ ’ਤੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਸੱਚ ਅਤੇ ਨਿਆਂ ਦੀ ਹਮੇਸ਼ਾ ਜਿੱਤ ਹੁੰਦੀ ਹੈ।...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਅਦਾਲਤ ਵੱਲੋਂ ਬਰੀ ਕੀਤੇ ਜਾਣ ’ਤੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਸੱਚ ਅਤੇ ਨਿਆਂ ਦੀ ਹਮੇਸ਼ਾ ਜਿੱਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅਦਾਲਤ ਦਾ ਇਹ ਫੈਸਲਾ ਲੋਕਤੰਤਰੀ ਪ੍ਰਣਾਲੀ ਦੀ ਮਜ਼ਬੂਤੀ ਦਾ ਪ੍ਰਤੀਕ ਹੈ ਅਤੇ ਕੇਂਦਰ ਦੀ ਭਾਜਪਾ ਸਰਕਾਰ ਦੇ ਝੂਠੇ ਪ੍ਰਚਾਰ ਦਾ ਠੂਠਾ ਭੰਨਦਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਭਾਜਪਾ ਸਰਕਾਰ ਦੇ ਉਨ੍ਹਾਂ ਆਗੂਆਂ ਦੇ ਮੂੰਹ ’ਤੇ ਕਰਾਰੀ ਚਪੇੜ ਹੈ ਜੋ ਕੱਟੜ ਇਮਾਨਦਾਰ ਰਹਿ ਕੇ ਰਾਜਨੀਤੀ ਬਦਲਣ ਆਏ ਅਰਵਿੰਦ ਕੇਜਰੀਵਾਲ ਵਰਗੇ ਨੇਤਾਵਾਂ ’ਤੇ ਝੂਠੇ ਦੋਸ਼ ਲਗਾਉਂਦੇ ਰਹੇ ਹਨ। ਉਹ ਅੱਜ ਇੱਥੇ ਹਲਕੇ ਦੇ ਪਿੰਡਾਂ ਵਿੱਚ ਕਰੀਬ 7.5 ਕਰੋੜ ਰੁਪਏ ਦੀ ਲਾਗਤ ਨਾਲ ਇੰਟਰਲਾਕ ਟਾਈਲਾਂ ਵਿਛਾਉਣ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਉਣ ਪਹੁੰਚੇ ਹੋਏ ਸਨ। ਇਸ ਮੌਕੇ ਸ੍ਰੀਹ ਗੋਇਲ ਨੇ ਦੱਸਿਆ ਕਿ ਇਨ੍ਹਾਂ ਵਿਕਾਸ ਪ੍ਰਾਜੈਕਟਾਂ ਅਧੀਨ ਲਗਪਗ 9 ਕਿਲੋਮੀਟਰ ਲੰਬੀਆਂ ਗਲੀਆਂ ਅਤੇ ਸੜਕਾਂ ਦਾ ਨਿਰਮਾਣ ਅਤੇ ਨਵੀਨੀਕਰਨ ਕੀਤਾ ਜਾਵੇਗਾ, ਜਿਸ ਨਾਲ ਪਿੰਡ ਵਾਸੀਆਂ ਨੂੰ ਆਵਾਜਾਈ ਦੀਆਂ ਸਹੂਲਤਾਂ ਵਿੱਚ ਵੱਡਾ ਸੁਧਾਰ ਮਿਲੇਗਾ। ਉਨ੍ਹਾਂ ਦੱਸਿਆ ਕਿ ਇਹ ਅੰਦਰੂਨੀ ਗਲੀਆਂ, ਸੜਕਾਂ ਹਲਕੇ ਦੇ ਪਿੰਡ ਖਾਈ, ਰਾਮਗੜ੍ਹ ਸੰਧੂਆਂ, ਸੇਖੂਵਾਸ, ਭਾਈ ਕੀ ਪਿਸ਼ੌਰ, ਘੋੜੇਨਾਬ, ਰੋੜੇਵਾਲਾ, ਜਲੂਰ ਅਤੇ ਰਾਏਧਰਾਣਾ ਵਿੱਚ ਬਣਾਈਆਂ ਜਾਣਗੀਆਂ। ਸ੍ਰੀ ਗੋਇਲ ਨੇ ਕਿਹਾ ਕਿ ਇੰਟਰਲਾਕ ਟਾਈਲਾਂ ਨਾਲ ਬਣੀਆਂ ਗਲੀਆਂ ਨਾ ਸਿਰਫ਼ ਟਿਕਾਊ ਹਨ, ਸਗੋਂ ਇਹ ਪਾਣੀ ਦੀ ਨਿਕਾਸੀ ਮੌਕੇ ਵੀ ਟਿਕਾਊ ਰਹਿੰਦੀਆਂ ਹਨ, ਜਿਸ ਨਾਲ ਪਾਣੀ ਖੜ੍ਹਾ ਹੋਣ ਅਤੇ ਚਿੱਕੜ ਦੀ ਸਮੱਸਿਆ ਤੋਂ ਪਿੰਡ ਵਾਸੀਆਂ ਨੂੰ ਰਾਹਤ ਮਿਲੇਗੀ। ਉਨ੍ਹਾਂ ਦੱਸਿਆ ਕਿ ਇਹ ਪ੍ਰਾਜੈਕਟ ਗੁਣਵੱਤਾ ਮਿਆਰਾਂ ਅਨੁਸਾਰ ਅਤੇ ਨਿਰਧਾਰਤ ਸਮੇਂ ਅੰਦਰ ਪੂਰੇ ਕੀਤੇ ਗਏ ਹਨ। ਇਸ ਮੌਕੇ ਉਨ੍ਹਾਂ ਪਿੰਡਾਂ ਦੇ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਅਤੇ ਆਪਣੇ ਇਲਾਕੇ ਦੀ ਤਰੱਕੀ ਵਿੱਚ ਸਹਿਯੋਗ ਦੇਣ।

