ਗੁਰਨਾਮ ਸਿੰਘ ਚੌਹਾਨ
ਪਾਤੜਾਂ, 15 ਅਕਤੂਬਰ
ਦਿਨੋਂ-ਦਿਨ ਵਧ ਰਹੇ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਲਈ ਕਿਸਾਨਾਂ ਵੱਲੋਂ ਆਧੁਨਿਕ ਖੇਤੀ ਮਸ਼ੀਨਰੀ ਦੀ ਵਰਤੋਂ ਕਰ ਕੇ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਨਿਪਟਾਰਾ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ। ਪਿੰਡ ਹਰਿਆਊ ਖੁਰਦ ਦੇ ਜਸਪਾਲ ਸਿੰਘ ਵਿਰਕ ਅਤੇ ਕਿਰਪਾਲ ਸਿੰਘ ਵਿਰਕ ਨੇ ਪਿਛਲੇ ਦੋ ਸਾਲਾਂ ਵਿੱਚ ਆਪਣੀ 70 ਏਕੜ ਜ਼ਮੀਨ ਵਿੱਚ ਬਿਨਾਂ ਅੱਗ ਲਗਾਏ ਕਣਕ ਦੀ ਬਿਜਾਈ ਕਰ ਕੇ ਚੰਗੀ ਆਮਦਨ ਲੈਣ ਦੇ ਨਾਲ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਵੀ ਬਚਾਇਆ ਹੈ।
ਕਿਸਾਨ ਜਸਪਾਲ ਸਿੰਘ ਨੇ ਦੱਸਿਆ ਕਿ ਉਹ ਦੋ ਸਾਲ ਤੋਂ ਪਰਾਲੀ ਨੂੰ ਅੱਗ ਲਗਾਏ ਬਿਨਾਂ ਚੌਪਰ, ਪਲਟਾਵੇ ਹੱਲਾਂ ਅਤੇ ਰੋਟਾਵੇਟਰ ਦੀ ਮਦਦ ਨਾਲ ਕਣਕ ਬੀਜ ਰਹੇ ਹਨ ਅਤੇ ਉਨ੍ਹਾਂ ਦੀ ਕਣਕ ਦਾ ਝਾੜ ਪਹਿਲਾਂ ਨਾਲੋਂ ਵੱਧ ਹੁੰਦਾ ਹੈ। ਉਨ੍ਹਾਂ ਵੱਲੋਂ ਕੰਬਾਈਨ ’ਤੇ ਲੱਗੇ ਸੁਪਰ ਐੱਸਐੱਮਐੱਸ ਅਤੇ ਫੇਰ ਸੁਪਰਸੀਡਰ ਨਾਲ ਕਣਕ ਦੀ ਕੀਤੀ ਜਾਂਦੀ ਬਿਜਾਈ ਦੇ ਹੁਣ ਸਾਰਥਕ ਨਤੀਜੇ ਵੀ ਸਾਹਮਣੇ ਆਉਣ ਲੱਗੇ ਹਨ। ਉਨ੍ਹਾਂ ਦੱਸਿਆ ਕਿ ਇਸ ਤਕਨੀਕ ਨਾਲ ਖੇਤੀ ਖਰਚਿਆਂ ਵਿੱਚ ਕਮੀ ਆਈ ਹੈ ਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਣ ਨਾਲ ਝਾੜ ਵਿੱਚ ਵੀ ਵਾਧਾ ਹੋਇਆ ਹੈ ਅਤੇ ਹੁਣ ਖੇਤਾਂ ’ਚ ਨਦੀਨ ਵੀ ਨਹੀਂ ਪੈਦਾ ਹੁੰਦੇ।
ਉਨ੍ਹਾਂ ਦੱਸਿਆ ਕਿ ਸੁਪਰ ਸੀਡਰ ਵਾਤਾਵਰਨ ਸਹਿਯੋਗੀ ਤਕਨੀਕ ਹੋਣ ਦੇ ਨਾਲ ਇਸ ਦੇ ਹੋਰ ਵੀ ਕਈ ਲਾਭ ਹਨ। ਪ੍ਰਮੁੱਖ ਤੌਰ ’ਤੇ ਇਸ ਦੀ ਵਰਤੋਂ ਨਾਲ ਕਣਕ ਦੀ ਬਿਜਾਈ ਇਕ ਵਾਰ ਵਿੱਚ ਹੀ ਹੋ ਜਾਂਦੀ ਹੈ ਤੇ ਇਸ ਨਾਲ ਸਮੇਂ ਦੀ ਬਹੁਤ ਬੱਚਤ ਹੁੰਦੀ ਹੈ। ਸੁਪਰ ਸੀਡਰ ਨਾਲ ਬੀਜੀ ਕਣਕ ਨੂੰ ਪਾਣੀ ਵੀ ਘੱਟ ਲੱਗਦਾ ਹੈ। ਕਿਸਾਨ ਜਸਪਾਲ ਸਿੰਘ ਨੇ ਹੋਰਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਸਾਨੂੰ ਸਾਰਿਆਂ ਨੂੰ ਖੇਤੀ ਲਈ ਆਧੁਨਿਕ ਮਸ਼ੀਨਰੀ ਦੀ ਵਰਤੋਂ ਕਰਕੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਹੰਭਲਾ ਮਾਰਨ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਆਧੁਨਿਕ ਮਸ਼ੀਨਰੀ ਨਾਲ ਜਿੱਥੇ ਪੈਸੇ ਅਤੇ ਸਮੇਂ ਦੀ ਬੱਚਤ ਹੋਵੇਗੀ ਉਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਵਿਚ ਵੀ ਵਾਧਾ ਹੋਵੇਗਾ।