ਖੇਤਰੀ ਪ੍ਰਤੀਨਿਧ
ਪਟਿਆਲਾ, 20 ਜੁਲਾਈ
ਸਥਾਨਕ ਸਰਕਾਰੀ ਸਟੇਟ ਕਾਲਜ ਆਫ਼ ਐਜੂਕੇਸ਼ਨ ਵਿੱਚ ਪੰਜਾਬ ਸਰਕਾਰ ਵੱਲੋਂ ਜਾਰੀ ਰੂਸਾ ਇਨਫ੍ਰਾਸਟ੍ਰਕਚਰ ਗ੍ਰਾਂਟ ਵਿੱਚੋਂ ਤਿਆਰ ਵਰਚੁਅਲ ਕਲਾਸ ਰੂਮ ਅੱਜ ਡਾਇਰੈਕਟਰ ਸਿੱਖਿਆ ਵਿਭਾਗ (ਕਾਲਜ) ਪੰਜਾਬ ਰਾਜੀਵ ਕੁਮਾਰ ਗੁਪਤਾ ਨੇ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ। ਵਿਦਿਆਰਥੀਆਂ ਨਾਲ ਰੂ-ਬ-ਰੂ ਹੁੰਦਿਆਂ, ਉਨ੍ਹਾਂ ਆਪਣੇ ਵਿਦਿਆਰਥੀ ਜੀਵਨ ਦੇ ਤਜਰਬੇ ਅਤੇ ਸਫਲਤਾ ਪ੍ਰਾਪਤੀ ਲਈ ਕੀਤੇ ਸੰਘਰਸ਼ ਸਬੰਧੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੈਸ਼ਨ 2022-23 ਤੋਂ ਇਸ ਕਾਲਜ ਵਿਚ 50 ਸੀਟਾਂ ਦਾ ਵਾਧਾ ਕੀਤਾ ਗਿਆ ਹੈ। ਏਡੀਪੀਆਈ (ਕਾਲਜਾਂ) ਪ੍ਰੋ. ਅਸ਼ਵਨੀ ਭੱਲਾ ਨੇ ਵਿਦਿਆਰਥੀ ਨੂੰ ਫ਼ੀਸ ਮੁਆਫ਼ੀ ਸਬੰਧੀ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਜਾਣ ਵਾਲੀਆਂ ਸਕੀਮਾਂ ਬਾਰੇ ਦੱਸਿਆ। ਪ੍ਰਿੰਸੀਪਲ ਪ੍ਰੋ. ਪਰਮਿੰਦਰ ਸਿੰਘ ਨੇ ਕਾਲਜ ਦੇ ਇਤਿਹਾਸ, ਵਿਸ਼ੇਸ਼ਤਾਵਾਂ ਅਤੇ ਵੱਖ-ਵੱਖ ਖੇਤਰਾਂ ਵਿੱਚ ਚੱਲ ਰਹੀਆਂ ਗਤੀਵਿਧੀਆਂ ਸਬੰਧੀ ਦੱਸਿਆ। ਇਸ ਅਵਸਰ ’ਤੇ ਕਾਲਜ ਦਾ ਸਾਲਾਨਾ ਮੈਗਜ਼ੀਨ ‘ਐਜੂਕੇਸ਼ਨਲ ਰਿਕਾਰਡ’ 2021-22 ਰਿਲੀਜ਼ ਕੀਤਾ ਗਿਆ। ਇਸ ਮੌਕੇ ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ ਦੇ ਪ੍ਰਿੰਸੀਪਲ ਡਾ. ਕੁਸੁਮ ਲਤਾ, ਕਾਲਜ ਅਲੂਮਨੀ ਐਸੋਸੀਏਸ਼ਨ ਦੇ ਪ੍ਰਧਾਨ ਵੀਰਦੇਵ ਸਿੰਘ, ਮੀਤ ਪ੍ਰਧਾਨ ਡਾ. ਜਗਮੋਹਨ ਸ਼ਰਮਾ, ਐਸੋਸੀਏਟ ਪ੍ਰੋਫੈਸਰ ਅੰਮ੍ਰਿਤ ਸਮਰਾ ਹਾਜ਼ਰ ਸਨ।