ਰਵੇਲ ਸਿੰਘ ਭਿੰਡਰ
ਪਟਿਆਲਾ, 12 ਜੂਨ
ਇੱਥੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਨੇੜੇ ਪੈਂਦੇ ਮਿਨੀ ਬੱਸ ਅੱਡੇ ਕੋਲ ਐੱਨ.ਐੱਸ.ਕਿਊ. ਐਫ਼ ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਮੰਗਾਂ ਦੇ ਹੱਕ ’ਚ ਲਾਇਆ ਪੱਕਾ ਮੋਰਚਾ ਅੱਜ ਵੀ ਜਾਰੀ ਰਿਹਾ। ਇਸ ਦੌਰਾਨ ਅਧਿਆਪਕਾਂ ਵੱਲੋਂ ਅੱਜ ਕੀਤੇ ਗਏ ਰੋਸ ਪ੍ਰਰਦਸ਼ਨ ਦੌਰਾਨ ਰਾਹਗੀਰਾਂ ਤੋਂ ਭੀਖ਼ ਮੰਗ ਕੇ ਆਪਣੀਆਂ ਮੰਗਾਂ ਤੇ ਮਸਲਿਆਂ ਨੂੰ ਉਜਾਗਰ ਕਰਨ ਦੀ ਕੋਸ਼ਿਸ਼ ਕੀਤੀ ਗਈ।
ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਰਾਏ ਸਾਹਿਬ ਸਿੰਘ, ਸੂਬਾ ਸਕੱਤਰ ਅਨੂਪਜੀਤ ਸਿੰਘ, ਸੂਬਾ ਮੀਤ ਪ੍ਰਧਾਨ ਨਵਨੀਤ ਕੁਮਾਰ ਤੇ ਲਵਪ੍ਰੀਤ ਸਿੰਘ ਨੇ ਕੈਪਟਨ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੀ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਆਊਟਸੋਰਸ ਬੰਦ ਕਰ ਕੇ ਉਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਪੱਕਾ ਕੀਤਾ ਜਾਵੇਗਾ ਪਰ ਸਾਢੇ ਚਾਰ ਸਾਲ ਬੀਤਣ ’ਤੇ ਵੀ ਸਰਕਾਰ ਨੇ ਉਨ੍ਹਾਂ ਦੀ ਸਾਰ ਨਹੀਂ ਲਈ ਤੇ ਅੱਕ ਕੇ ਸੁੱਤੀ ਸਰਕਾਰ ਨੂੰ ਜਗਾਉਣ ਲਈ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਸ਼ਹਿਰ ’ਚ ਪੱਕਾ ਮੋਰਚਾ ਲਾਉਣ ਲਈ ਮਜਬੂਰ ਹੋਣਾ ਪਿਆ ਹੈ। ਆਗੂਆਂ ਨੇ ਆਖਿਆ ਕਿ ਜਦੋਂ ਤੱਕ ਉਨ੍ਹਾਂ ਦੀਆਂ ਰੈਗੂਲਰ ਕਰਨ ਸਮੇਤ ਹੋਰ ਮੰਗਾਂ ਤੇ ਮਸਲੇ ਹੱਲ ਨਹੀਂ ਹੋਣਗੇ, ਉਦੋਂ ਤੱਕ ਉਹ ਪੱਕੇ ਮੋਰਚੇ ਨੂੰ ਮਘਾਈ ਰੱਖਣਗੇ।
ਆਗੂਆਂ ਨੇ ਗਿਲਾ ਕੀਤਾ ਕਿ ਸਰਕਾਰ ਉਨ੍ਹਾਂ ਦਾ ਹਰ ਪੜਾਅ ’ਤੇ ਸ਼ੋਸ਼ਣ ਕਰ ਰਹੀ ਹੈ। ਨਿਗੁਣੀ ਤਨਖਾਹ ਨਾਲ ਘਰੇਲੂ ਗੁਜ਼ਾਰਾ ਚੱਲਣਾ ਮੁਸ਼ਕਲ ਹੋਇਆ ਪਿਆ ਹੈ। ਉਧਰ, ਪੱਕੇ ਮੋਰਚੇ ਨੂੰ ਅੱਜ ਅਧਿਆਪਕ ਜਥੇਬੰਦੀ ਡੀ.ਟੀ.ਐੱਫ਼ ਸਮੇਤ ਹੋਰ ਕਿਸਾਨ ਜਥੇਬੰਦੀਆਂ ਨੇ ਵੀ ਸਮਰਥਨ ਦਿੱਤਾ।
ਭੀਖ ਦੇ ਪੈਸੇ ਸਰਕਾਰੀ ਖ਼ਜ਼ਾਨੇ ’ਚ ਜਮ੍ਹਾਂ ਕਰਵਾਏ
ਪ੍ਰਦਰਸ਼ਨ ਦੌਰਾਨ ਅਧਿਆਪਕਾਂ ਵੱਲੋਂ ਰਾਹਗੀਰਾਂ ਤੋਂ ਮੰਗੀ ਭੀਖ ਦੇ ਇਕੱਤਰ ਹੋਏ ਪੈਸੇ ਉਨ੍ਹਾਂ ਨੇ ਸਰਕਾਰੀ ਖ਼ਜ਼ਾਨੇ ’ਚ ਜਮ੍ਹਾਂ ਕਰਵਾ ਕੇ ਸਰਕਾਰ ਤੱਕ ਅੱਪੜਦੇ ਕੀਤੇ। ਅਧਿਆਪਕਾਂ ਦਾ ਕਹਿਣਾ ਸੀ ਕਿ ਜੇ ਸਰਕਾਰ ਕੁਝ ਦੇ ਨਹੀਂ ਸਕਦੀ ਤਾਂ ਇਕੱਤਰ ਹੋਈ ਭੀਖ਼ ਹੀ ਵਸੂਲ ਲਵੇ। ਅਧਿਆਪਕਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।