ਤਰਨ ਤਾਰਨ ’ਚ ਝੰਡਾ ਮਾਰਚ ਕਰਨਗੇ ਜਲ ਸਪਲਾਈ ਕਾਮੇ
ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਪ੍ਰਦਰਸ਼ਨ 9 ਨੂੰ
ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਬ੍ਰਾਂਚ ਪ੍ਰਧਾਨ ਬਲਜਿੰਦਰ ਸਿੰਘ ਜਲਾਲਾਬਾਦ ਅਤੇ ਸੁਖਵਿੰਦਰ ਸਿੰਘ ਅਸਮਾਨਪੁਰ ਨੇ ਅੱਜ ਨਹਿਰੀ ਵਿਸ਼ਰਾਮ ਘਰ ਦੇਵੀਗੜ੍ਹ ਮੀਟਿੰਗ ਕੀਤੀ। ਆਗੂਆਂ ਨੇ ਕਿਹਾ ਕਿ ਜਿੱਥੇ ਇਕ ਪਾਸੇ ਪੇਂਡੂ ਜਲ ਸਪਲਾਈ ਸਕੀਮਾਂ ਤੇ ਫੀਲਡ ਅਤੇ ਦਫਤਰਾਂ ’ਚ ਪਿਛਲੇ 15-20 ਸਾਲਾਂ ਤੋਂ ਇਕ ਵਰਕਰ ਵਜੋਂ ਰੈਗੂਲਰ ਮੁਲਾਜ਼ਮਾਂ ਵਾਂਗ ਸੇਵਾਵਾਂ ਨਿਭਾ ਰਹੇ ਇਨਲਿਸਟਮੈਂਟ ਅਤੇ ਆਊਟਸੋਰਸ ਵਰਕਰਾਂ ਨੂੰ ਸਿੱਧਾ ਵਿਭਾਗ ’ਚ ਸ਼ਾਮਲ ਕਰਕੇ ਪੱਕਾ ਰੁਜ਼ਗਾਰ ਕਰਨ ਲਈ ਪੰਜਾਬ ਸਰਕਾਰ ਅਤੇ ਵਿਭਾਗੀ ਮੈਨੇਜਮੇਟ ਵੱਲੋਂ ਅਣਦੇਖੀ ਕੀਤੀ ਜਾ ਰਹੀ ਹੈ ਉਥੇ ਹੀ ਜਲ ਸਪਲਾਈ ਸਕੀਮਾਂ ’ਤੇ ਸਕਾਡਾ ਸਿਸਟਮ ਅਤੇ ਨਿੱਜੀਕਰਨ/ਪੰਚਾਇਤੀਕਰਨ ਕਰਨ ਦੀਆਂ ਨੀਤੀਆਂ ਲਾਗੂ ਕਰਕੇ ਵਰਕਰਾਂ ਦੇ ਕੱਚੇ-ਪਿੱਲੇ ਰੁਜ਼ਗਾਰ ਨੂੰ ਖੋਹ ਕੇ ਬੇਰੁਜ਼ਗਾਰ ਕਰਨ ਦੀਆਂ ਨਾਕਾਮ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜਿਸ ਕਾਰਨ ਵਰਕਰ ਮਜਬੂਰੀ ਵੱਸ ਆਪਣੇ ਰੁਜ਼ਗਾਰ ਨੂੰ ਬਚਾਉਣ ਲਈ ਸੰਘਰਸ਼ ਦਾ ਰਾਹ ਅਪਣਾ ਰਹੇ ਹਨ।
ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਜਿਵੇਂ ਕਿ ਇਨਲਿਸਟਮੈਂਟ ਅਤੇ ਆਊਟਸੋਰਸ ਠੇਕਾ ਆਧਾਰਿਤ ਮੁਲਾਜ਼ਮਾਂ ਨੂੰ ਤਜਰਬੇ ਦੇ ਆਧਾਰ ’ਤੇ ਸਬੰਧਤ ਵਿਭਾਗ ਵਿਚ ਮਰਜ ਕਰਕੇ ਪੱਕੇ ਰੁਜ਼ਗਾਰ ਦਾ ਪ੍ਰਬੰਧ ਕਰਨ ਵਾਲੀ ਮੰਗ ਨਹੀਂ ਮੰਨੀ ਜਾਂਦੀ, ਉਦੋਂ ਤੱਕ ਲੇਬਰ ਐਕਟ 1948 ਅਤੇ 2019 ਵਿਚ 15ਵੀਂ ਲੇਬਰ ਕਮਿਸ਼ਨਰ ਦੀਆਂ ਸਿਫਾਰਸ਼ਾਂ ਅਨੁਸਾਰ ਘੱਟੋ-ਘੱਟ ਉਜਰਤ 34244 ਰੁਪਏ ਜਸਸ ਵਿਭਾਗ ’ਚ ਫੀਲਡ ਅਤੇ ਦਫਤਰਾਂ ਵਿੱਚ ਕੰਮ ਕਰਦੇ ਇਨਲਿਸਟਮੈਂਟ/ਆਊਟਸੋਰਸ ਵਰਕਰਾਂ ਤੇ ਲਾਗੂ ਕੀਤਾ ਜਾਵੇ।
ਆਗੂਆਂ ਨੇ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ’ਚ ਸਾਲਾਂਬੱਧੀ ਸੇਵਾਵਾਂ ਨਿਭਾ ਰਹੇ ਆਊਟਸੋਰਸ, ਇਨਲਿਸਟਮੈਂਟ ਸਣੇ ਹਰ ਤਰ੍ਹਾਂ ਦੇ ਠੇਕਾ ਮੁਲਾਜ਼ਮਾਂ ਨੂੰ ਸਬੰਧਤ ਵਿਭਾਗਾਂ ਵਿੱਚ ਲਿਆ ਕੇ ਪੱਕਾ ਕਰਨ ਦੇ ਨਾਲ ਪੱਤਰ ਵਿੱਚ ਦਰਜ ਤਮਾਮ ਮੰਗਾਂ ਦਾ ਹੱਲ ਕਰਨ ਦੀ ਮੰਗ ਲਈ ਜ਼ਿਮਨੀ ਚੋਣ ਦੌਰਾਨ ਵਿਧਾਨ ਸਭਾ ਹਲਕਾ ਤਰਨ ਤਾਰਨ ਵਿੱਚ 9 ਨਵੰਬਰ ਨੂੰ ਝੰਡਾ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਹੈ, ਜਿਸ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਵਰਕਰ ਸ਼ਾਮਲ ਹੋਣਗੇ।

