Water Treatment Plant: ਘੱਗਾ ’ਚ ਜਲ ਸੋਧਕ ਪਲਾਂਟ ਦਾ ਨਿਰਮਾਣ ਸ਼ੁਰੂ
ਪਾਤੜਾਂ ਤੇ ਘੱਗਾ ਵਾਸੀਆਂ ਨੂੰ ਮਿਲੇਗਾ ਸਾਫ ਅਤੇ ਮਿਆਰੀ ਪਾਣੀ
ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਸੰਨੀ ਸਿੰਘ ਆਹਲੂਵਾਲੀਆ ਅਤੇ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਘੱਗਾ ਵਿੱਚ ਪਾਤੜਾਂ ਅਤੇ ਘੱਗਾ ਸ਼ਹਿਰ ਦੇ ਵਾਸੀਆਂ ਨੂੰ ਸਾਫ਼-ਸੁਥਰਾ ਪੀਣ ਵਾਲਾ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਅੰਮਰੁਤ-2 ਸਕੀਮ ਤਹਿਤ 31.77 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਜਲ ਸੋਧਕ ਪਲਾਂਟ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ| ਇਸ ਮੌਕੇ ਵਿਧਾਇਕ ਬਾਜ਼ੀਗਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਘੱਗਾ ਅਤੇ ਪਾਤੜਾਂ ਵਾਸੀਆਂ ਦੀ ਦਹਾਕਿਆਂ ਪੁਰਾਣੀ ਮੰਗ ਨੂੰ ਪੂਰਾ ਕੀਤਾ ਗਿਆ ਹੈ| ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਦੋਵਾਂ ਸ਼ਹਿਰਾਂ ਦੇ ਵਾਸੀਆਂ ਨੂੰ ਮਿਆਰੀ ਪੀਣ ਵਾਲਾ ਪਾਣੀ ਮੁਹੱਈਆ ਹੋਵੇਗਾ। ਚੇਅਰਮੈਨ ਆਹਲੂਵਾਲੀਆ ਨੇ ਦੱਸਿਆ ਕਿ ਇਸ ਜਲ ਸੋਧਕ ਪਲਾਂਟ ਲਈ ਪਾਣੀ ਕਰਮਗੜ੍ਹ ਲਿੰਕ ਤੋਂ ਲਿਆ ਜਾਵੇਗਾ| ਉਨ੍ਹਾਂ ਦੱਸਿਆ ਕਿ 11 ਐੱਮ ਐੱਲ ਡੀ ਸਮਰੱਥਾ ਵਾਲਾ ਇਹ ਪਲਾਂਟ 18 ਮਹੀਨਿਆਂ ਵਿੱਚ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ| ਉਨ੍ਹਾਂ ਕਿਹਾ ਕਿ ਪ੍ਰਾਜੈਕਟ ਦੇ ਮੁਕੰਮਲ ਹੋਣ ਉਪਰੰਤ ਪਾਤੜਾਂ ਅਤੇ ਘੱਗਾ ਸ਼ਹਿਰ ਵਾਸੀਆਂ ਨੂੰ ਸਾਫ਼-ਸੁਥਰੇ ਨਹਿਰੀ ਪਾਣੀ ਦੀ ਸਪਲਾਈ ਮੁਹੱਈਆ ਕਰਵਾਉਣ ਵਿੱਚ ਮਦਦ ਮਿਲੇਗੀ| ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਪ੍ਰਾਜੈਕਟ ਦਾ ਕੰਮ ਨਿਰਧਾਰਤ ਸਮਾਂ-ਸੀਮਾ ਅੰਦਰ ਗੁਣਵੱਤਾ, ਮਾਪਦੰਡਾਂ ਅਨੁਸਾਰ ਮੁਕੰਮਲ ਕਰਨ ਲਈ ਵੀ ਕਿਹਾ| ਇਸ ਮੌਕੇ ਹੋਰ ਅਧਿਕਾਰੀ ਤੇ ਪਤਵੰਤੇ ਵੀ ਮੌਜੂਦ ਸਨ |

