ਗੁਰਨਾਮ ਸਿੰਘ ਅਕੀਦਾ
ਪਟਿਆਲਾ, 10 ਅਗਸਤ
ਨਾਭਾ ਰੋਡ ਸਥਿਤ ਦਫ਼ਤਰ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਐਂਪਲਾਈਜ਼ ਯੂਨੀਅਨ ਵੱਲੋਂ ਸੂਬਾ ਜਨਰਲ ਸਕੱਤਰ ਮੁਕੇਸ਼ ਕੰਡਾ ਦੀ ਅਗਵਾਈ ਵਿੱਚ ਕਰਮਚਾਰੀਆਂ ਦੀਆਂ ਮੰਗਾਂ ਲਈ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਖ਼ਿਲਾਫ਼ ਮੁਜ਼ਾਹਰਾ ਕੀਤਾ ਗਿਆ।
ਮੁਕੇਸ਼ ਕੰਡਾ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਦੇ ਲਗਭਗ 5 ਸਾਲ ਹੋਣ ਵਾਲੇ ਹਨ ਪਰ ਕੈਪਟਨ ਦੀ ਸਰਕਾਰ ਨੇ ਮੁਲਾਜ਼ਮਾਂ ਦੇ ਹਿਤ ਵਿੱਚ ਕੋਈ ਵੀ ਮੰਗ ਨੂੰ ਪ੍ਰਵਾਨ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਪਿਛਲੇ 15 ਅਤੇ 20 ਸਾਲਾਂ ਕਰਮਚਾਰੀ ਕੱਚੇ ਤੌਰ ’ਤੇ ਕੰਮ ਕਰਦੇ ਆ ਰਹੇ ਹਨ, ਜਿਨ੍ਹਾਂ ਨੂੰ ਪੱਕੇ ਕਰਨ ਲਈ ਪੰਜਾਬ ਸਰਕਾਰ ਵੱਲੋਂ ਕੋਈ ਉਪਰਾਲਾ ਨਹੀਂ ਕੀਤਾ ਗਿਆ। ਉਨ੍ਹਾਂ ਇਹ ਵੀ ਮੰਗ ਕੀਤੀ ਕਿ 2004 ਤੋਂ ਬਾਅਦ ਭਰਤੀ ਹੋਏ ਕਰਮਚਾਰੀਆਂ ਨੂੰ 2004 ਤੋਂ ਪਹਿਲਾਂ ਵਾਲੀ ਪੈਨਸ਼ਨ ਬਹਾਲ ਕੀਤੀ ਜਾਵੇ, ਜੇਕਰ ਮੁਲਾਜ਼ਮਾਂ ਦੀਆਂ ਉਕਤ ਮੰਗਾਂ ਨੂੰ ਨਾ ਮੰਨਿਆ ਗਿਆ ਤਾਂ ਕਰਮਚਾਰੀ ਵਰਗ ਨੂੰ ਕਾਂਗਰਸ ਦੀ ਪੰਜਾਬ ਸਰਕਾਰ ਨੂੰ ਮੁਲਾਜ਼ਮ ਵਿਰੋਧੀ ਮੰਨਦਿਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਇਸ ਦਾ ਢੁਕਵਾਂ ਜਵਾਬ ਦੇਣ ਲਈ ਮਜਬੂਰ ਹੋਣਾ ਪਵੇਗਾ।
ਇਸ ਮੌਕੇ ਸੂਬਾਈ ਪ੍ਰਚਾਰ ਸਕੱਤਰ ਧਰਮਪਾਲ ਲੋਟ, ਗੁਰਦੇਵ ਸਿੰਘ ਸਿਰਸਵਾਲ, ਦੀਪਕ ਕੁਮਾਰ, ਸੰਜੇ ਕੁਮਾਰ, ਰਾਮ ਗੋਪਾਲ, ਮੰਗਲ ਸਿੰਘ ਉਗਰਸੈਨ, ਜਸਵਿੰਦਰ ਸਿੰਘ, ਰਾਮ ਅਧਾਰ ਬਡੂੰਗਰ, ਹਰਵਿੰਦਰ ਸਿੰਘ, ਡੀ ਰਾਜ ਧਿਆਨ ਸਿੰਘ, ਭਜਨ ਸਿੰਘ ਤੇ ਪ੍ਰੇਮ ਨੇਗੀ ਸਰਦਾਰ ਅਲੀ ਆਦਿ ਹਾਜ਼ਰ ਸਨ।