ਪਟਿਆਲਾ, 29 ਮਈ
ਪੰਜਾਬ ਦੇ ਖੇਡ ਤੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਵਿੱਚ ਖੇਡਾਂ ਦਾ ਮਿਆਰ ਉੱਚਾ ਚੁੱਕਣ ਲਈ ਸਰਕਾਰ ਵੱਲੋਂ ਪਿੰਡ ਅਤੇ ਸਕੂਲ ਪੱਧਰ ’ਤੇ ਉੱਚ ਪਾਏ ਦੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ। ਮੀਤ ਹੇਅਰ ਇੱਥੇ ਜਿੱਮਖਾਨਾ ਕਲੱਬ ਵਿਚ ਇੰਟਰ ਕਲੱਬ ਮਾਸਟਰ ਬੈਡਮਿੰਟਨ ਟੂਰਨਾਮੈਂਟ ਵਿਚ ਬਤੌਰ ਮੁੱਖ ਮਹਿਮਾਨ ਪੁੱਜੇ ਸਨ। ਉਨ੍ਹਾਂ ਨਾਲ ਪਟਿਆਲਾ ਸ਼ਹਿਰੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਨਾਲ ਨਾਲ ਖੇਡਾਂ ਦਾ ਮਿਆਰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਚੰਗੀਆਂ ਨੀਤੀਆਂ ਬਣਾ ਰਹੀ ਹੈ, ਇਸ ਲਈ ਉਹ ਨਿੱਜੀ ਤੌਰ ਉੱਤੇ ਅਤੇ ਮਾਹਿਰਾਂ ਤੋਂ ਵੀ ਜਾਣਕਾਰੀ ਹਾਸਲ ਕਰ ਰਹੇ ਹਨ। ਮਹਾਰਾਣੀ ਕਲੱਬ (ਜਿੱਮਖਾਨਾ ਕਲੱਬ) ਪਟਿਆਲਾ ਤੋਂ ਇਲਾਵਾ ਇਸ ਟੂਰਨਾਮੈਂਟ ਵਿਚ ਲੁਧਿਆਣਾ, ਚੰਡੀਗੜ੍ਹ, ਅੰਮ੍ਰਿਤਸਰ ਆਦਿ ਦੀਆਂ ਟੀਮਾਂ ਨੇ ਭਾਗ ਲਿਆ ਹੈ। ਟੂਰਨਾਮੈਂਟ ਦੀ ਸ਼ੁਰੂਆਤ ਕੈਬਨਿਟ ਮੰਤਰੀ ਮੀਤ ਹੇਅਰ ਅਤੇ ਵਿਧਾਇਕ ਅਜੀਤਪਾਲ ਕੋਹਲੀ ਨੇ ਕੀਤੀ, ਮੀਤ ਹੇਅਰ ਇੱਥੇ ਆਪ ਵੀ ਬੈਡਮਿੰਟਨ ਖੇਡੇ। ਉਨ੍ਹਾਂ ਦੇ ਨਾਲ ਸਪੋਰਟਸ ਡਾਇਰੈਕਟਰ ਰਾਜੇਸ਼ ਧੀਮਾਨ, ਆਈਟੀਓ ਵਿਕਰਮਜੀਤ ਸਿੰਘ ਵੀ ਸਨ।