ਖੇਤਰੀ ਪ੍ਰਤੀਨਿਧ
ਪਟਿਆਲਾ, 22 ਦਸੰਬਰ
ਚਮਕੌਰ ਦੀ ਗੜ੍ਹੀ ਦੌਰਾਨ ਸ਼ਹਾਦਤ ਦੇਣ ਵਾਲੇ ਦਸਮੇਸ਼ ਪਿਤਾ ਦੇ ਵੱਡੇ ਸਾਹਿਬਜ਼ਾਦਿਆਂ ਅਤੇ ਸਮੂਹ ਸ਼ਹੀਦਾਂ ਨੂੰ ਸ਼ਰਧਾ ਸਤਿਕਾਰ ਭੇਂਟ ਕਰਨ ਲਈ ਅੱਜ ਇਥੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿੱਚ ਸਮਾਗਮ ਕਰਵਾਇਆ ਗਿਆ। ਹੈੱਡ ਗ੍ਰੰਥੀ ਭਾਈ ਪ੍ਰਿਤਪਾਲ ਸਿੰਘ ਨੇ ਜਪੁਜੀ ਸਾਹਿਬ ਅਤੇ ਚਪੋਈ ਸਾਹਿਬ ਦੇ ਪਾਠ ਸੰਗਤੀ ਰੂਪ ਵਿਚ ਕਰਵਾਏ ਅਤੇ ਸ਼ਰਧਾ ਸਤਿਕਾਰ ਭੇਟ ਕਰਦਿਆਂ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ’ਚ ਸਰਬੱਤ ਦੇ ਭਲੇ ਦੀ ਅਰਦਾਸ ਕਰਕੇ ਸਮੂਹ ਸ਼ਹੀਦਾਂ ਨੂੰ ਯਾਦ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਗੁਰਬਾਣੀ ਆਸ਼ੇ ਅਨੁਸਾਰ ਚੱਲਣ ਦੀ ਪ੍ਰੇਰਨਾ ਦਿੱਤੀ ਅਤੇ ਵੱਡੇ ਸਾਹਿਬਜ਼ਾਦਿਆਂ ਤੇ ਸਮੂਹ ਸ਼ਹੀਦਾਂ ਵੱਲੋਂ ਸ਼ਹਾਦਤ ਬਾਰੇ ਚਾਨਣਾ ਪਾਇਆ ਗਿਆ। ਇਸ ਮੌਕੇ ਸ਼ੋ੍ਮਣੀ ਕਮੇਟੀ ਮੈਂਬਰ ਸਤਵਿੰਦਰ ਟੌਹੜਾ, ਸ਼ਿਵੰਦਰ ਸੱਭਰਵਾਲ, ਗੁਰਦੁਆਰੇ ਦੇ ਮੈਨੇਜਰ ਕਰਨੈਲ ਸਿੰਘ ਨਾਭਾ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਵਿਰਕ ਹਾਜ਼ਰ ਸਨ।
ਘਨੌਰ (ਪੱਤਰ ਪ੍ਰੇਰਕ): ਇਸ ਖੇਤਰ ਵਿੱਚ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਅਤੇ ਸਮੂਹ ਸ਼ਹੀਦਾਂ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ’ਤੇ ਪਿੰਡ ਮਰਦਾਂਪੁਰ ਦੇ ਗੁਰਦੁਆਰਾ ਵਿੱਚ ਸਸੰਗਤ ਦੇ ਸਹਿਯੋਗ ਨਾਲ ਅਖੰਡ ਪਾਠ ਦੇ ਭੋਗ ਪਾਏ ਗਏ। ਭਾਈ ਪਰਮਜੀਤ ਸਿੰਘ ਤੇ ਬੀਬੀ ਰਜਨੀਤ ਕੌਰ ਦੇ ਜਥੇ ਨੇ ਕਥਾ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕਰਦਿਆਂ ਸ਼ਹੀਦਾਂ ਦੀ ਲਾਸ਼ਾਨੀ ਸ਼ਹਾਦਤ ਬਾਰੇ ਜਾਣਕਾਰੀ ਦਿੱਤੀ। ਇਸੇ ਦੌਰਾਨ ਸ਼ਹਿਰੀ ਖੇਤਰ ਦੇ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਮਹਿੰਦਰਗੰਜ ਵਿੱਚ ਕਥਾ ਕੀਰਤਨ ਦਰਬਾਰ ਸਜਾਏ ਗਏ ਅਤੇ ਗੁਰੂ ਕੇ ਲੰਗਰ ਅਤੁੱਟ ਲਗਾਏ ਗਏ। ਇਸੇ ਦੌਰਾਨ ਰਾਜਪੁਰਾ-ਅੰਬਾਲਾ ਜੀਟੀ ਰੋਡ ’ਤੇ ਅਨੇਕਾਂ ਥਾਵਾਂ ’ਤੇ ਸੰਗਤਾਂ ਵੱਲੋਂ ਰਾਹਗੀਰਾਂ ਲਈ ਲੰਗਰ ਲਗਾਏ ਗਏ।