ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 13 ਮਈ
ਗੌਰਮਿੰਟ ਕਾਲਜ ਆਫ ਐਜੂਕੇਸ਼ਨ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਵੈਬਿਨਾਰ ਪ੍ਰਿੰਸੀਪਲ ਡਾ. ਪਰਮਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਇਆ। ਡਾ. ਪਰਮਿੰਦਰ ਸਿੰਘ ਵੱਲੋਂ ਵੈਬਿਨਾਰ ਦੇ ਮੁੱਖ ਬੁਲਾਰੇ ਬਲਜਿੰਦਰ ਕੌਰ ਦਾ ਸਵਾਗਤ ਕਰਦਿਆਂ ਕਾਲਜ ਦੇ ਸਮੂਹ ਸਟਾਫ ਤੇ ਵਿਦਿਆਰਥੀਆਂ ਨੂੰ ਦਸਾਂ ਗੁਰੂ ਸਾਹਿਬਾਨਾਂ ਦੇ ਸਿਧਾਂਤਾਂ ਤੋਂ ਜਾਣੂ ਕਰਵਾਇਆ ਅਤੇ ਇਨ੍ਹਾਂ ਸਿਧਾਂਤਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਨੇ ਸਿੱਖ ਗੁਰੂਆਂ, ਵਿਸ਼ੇਸ਼ ਕਰਕੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਦੱਸੇ ਰਾਹ ’ਤੇ ਚਲਦਿਆਂ ਸਿੱਖ ਕੌਮ ਵਲੋਂ ਕਰੋਨਾ ਕਾਲ ਦੌਰਾਨ ਕੀਤੀ ਜਾ ਰਹੀ ਵੱਖ ਵੱਖ ਤਰ੍ਹਾਂ ਦੇ ਲੰਗਰਾਂ ਦੀ ਸੇਵਾ ਦਾ ਵੀ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ। ਉਨ੍ਹਾਂ ਨੇ ਪ੍ਰੋਗਰਾਮ ਇੰਚਾਰਜ ਪ੍ਰੋ. ਨਵਨੀਤ ਕੌਰ ਜੇਜੀ ਤੇ ਡਾ. ਪ੍ਰੀਤੀ ਭਾਟੀਆ ਵਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ। ਮੁੱਖ ਵਕਤਾ ਬਲਜਿੰਦਰ ਕੌਰ ਨੇ ਗੁਰੂ ਸਾਹਿਬ ਦੇ ਜੀਵਨ ਅਤੇ ਇਤਿਹਾਸਕ ਤੱਥਾਂ ਨੂੰ ਸਾਂਝੇ ਕੀਤਾ। ਪ੍ਰੋਗਰਾਮ ਇੰਚਾਰਜ ਪ੍ਰੋ. ਨਵਨੀਤ ਕੌਰ ਜੇਜੀ ਤੇ ਡਾ. ਪ੍ਰੀਤੀ ਭਾਟੀਆ ਨੇ ਸਮੂਹ ਹਾਜ਼ਰੀਨ ਦਾ ਧੰਨਵਾਦ ਕੀਤਾ।