ਏਸ਼ਿਆਈ ਖੇਡਾਂ ’ਚ ਸੋਨ ਤਗਮਾ ਜੇਤੂ ਦਾ ਸਵਾਗਤ
ਪੱਤਰ ਪ੍ਰੇਰਕ
ਪਟਿਆਲਾ, 25 ਜੁਲਾਈ
ਪਿੰਡ ਮੰਡੌੜ ਦੇ ਜਸਕਰਨ ਸਿੰਘ ਧਾਲੀਵਾਲ ਨੇ ਜਾਰਡਨ ਵਿਚ ਹੋਈਆਂ ਜੂਨੀਅਰ ਏਸ਼ੀਅਨ ਕੁਸ਼ਤੀ (ਰੈਸਲਿੰਗ) ਖੇਡਾਂ ਵਿੱਚ ਅੰਡਰ 20 ਵਿੱਚ 65 ਕਿੱਲੋ ਭਾਰ ਵਰਗ ਅੰਦਰ ਸੋਨ ਤਗਮਾ ਜਿੱਤ ਕੇ ਦੇਸ਼ ਦਾ ਮਾਣ ਵਧਾਇਆ ਹੈ। ਅੱਜ ਇੱਥੇ ਪਟਿਆਲਾ ਪੁੱਜਣ ‘ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਰੈਸਲਰ ਜਸਕਰਨ ਸਿੰਘ ਧਾਲੀਵਾਲ ਦਾ ਰਿੰਕ ਹਾਲ ਵਿਖੇ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਨਗਰ ਨਿਗਮ ਦੇ ਕਮਿਸ਼ਨਰ ਅਦਿੱਤਿਆ ਉੱਪਲ ਵੀ ਮੌਜੂਦ ਸਨ।
ਜਸਕਰਨ ਸਿੰਘ ਧਾਲੀਵਾਲ ਨੂੰ ਹੋਰਨਾਂ ਖਿਡਾਰੀਆਂ ਅਤੇ ਸਾਰੇ ਨੌਜਵਾਨਾਂ ਲਈ ਪ੍ਰੇਰਣਾ ਸ੍ਰੋਤ ਦੱਸਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੇਸ਼ ਤੇ ਸੂਬੇ ਲਈ ਇਹ ਮਾਣ ਦੀ ਗੱਲ ਹੈ ਕਿ ਇਥੋਂ ਦੇ ਖਿਡਾਰੀ ਕੌਮਾਂਤਰੀ ਪੱਧਰ ‘ਤੇ ਦੇਸ਼ ਦਾ ਨਾਮ ਰੌਸ਼ਨ ਕਰ ਰਹੇ ਹਨ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਸੂਬੇ ਸਰਕਾਰ ਵਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ। ਦੱਸਣਯੋਗ ਹੈ ਕਿ ਪਟਿਆਲਾ ਦੇ ਮੰਡੋੜ ਪਿੰਡ ਦੇ ਜਸਕਰਨ ਸਿੰਘ ਧਾਲੀਵਾਲ ਨੇ ਪਹਿਲਾਂ ਵੀ ਹੰਗਰੀ ਵਿਖੇ ਹੋਈਆਂ ਏਸ਼ੀਅਨ ਖੇਡਾਂ ‘ਚ ਵੀ ਚਾਂਦੀ ਦਾ ਤਗਮਾ ਜਿੱਤਿਆ ਸੀ।