ਪੱਤਰ ਪ੍ਰੇਰਕ
ਦੇਵੀਗੜ੍ਹ, 11 ਮਾਰਚ
ਕੇਂਦਰ ਸਰਕਾਰ ਵੱਲੋਂ ਲਿਆਂਦੇ ਕਿਸਾਨ ਵਿਰੋਧੀ 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਿਹਾ ਕਿਸਾਨ ਅੰਦੋਲਨ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ ਤੋਂ ਬਾਅਦ ਹੁਣ ਸਾਰੇ ਦੇਸ਼ ਵਿੱਚ ਫੈਲ ਗਿਆ ਹੈ ਤੇ ਕਿਸਾਨ ਕੇਂਦਰ ਸਰਕਾਰ ਦੀਆਂ ਚਾਲਾਂ ਨੂੰ ਸਮਝ ਗਏ ਹਨ, ਇਸ ਕਰਕੇ ਇਹ ਸੰਘਰਸ਼ ਹੋਰ ਤੇਜ਼ ਹੋ ਗਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤ ਕਿਸਾਨ ਮੰਚ ਏਕਤਾ ਸ਼ਾਦੀਪੁਰ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਨੇ ਨਹਿਰੀ ਅਰਾਮ ਘਰ ਦੇਵੀਗੜ੍ਹ ਵਿੱਚ ਗਗਨਦੀਪ ਹਾਜੀਪੁਰ ਦੀ ਅਗਵਾਈ ਵਿੱਚ ਨੌਜਵਾਨਾਂ ਦੇ ਇੱਕ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।
ਸ਼ਾਦੀਪੁਰ ਨੇ ਕਿਹਾ ਕਿ ਕੇਂਦਰ ਸਰਕਾਰ ਭਾਵੇਂ ਕਿਸੇ ਵੀ ਏਜੰਸੀ ਰਾਹੀਂ ਕਿਸਾਨਾਂ ਜਾਂ ਵਪਾਰੀਆਂ ਨੂੰ ਤੰਗ ਕਰੇ ਫਿਰ ਵੀ ਕਿਸਾਨ ਅੰਦੋਲਨ ਹੁਣ ਮੱਠਾ ਪੈਣ ਵਾਲਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਹੁਣ ਨੌਜਵਾਨ ਭਾਰੀ ਉਤਸ਼ਾਹਿਤ ਹਨ। ਇਸ ਮੌਕੇ ਬਹੁਤ ਸਾਰੇ ਨੌਜਵਾਨਾਂ ਨੇ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਭਾਰਤੀ ਕਿਸਾਨ ਮੰਚ ਦਾ ਕੈਲੰਡਰ ਵੀ ਜਾਰੀ ਕੀਤਾ ਗਿਆ।