ਪੱਤਰ ਪ੍ਰੇਰਕ
ਗਿੱਦੜਬਾਹਾ, 14 ਮਈ
ਹਲਕੇ ਦੇ ਪਿੰਡ ਗੁਰੂਸਰ ਵਿੱਚ ਬੀਤੇ ਦਿਨ ਆਰਥਿਕ ਤੰਗੀ ਕਾਰਨ ਕਿਸਾਨ ਸੁਖਮੰਦਰ ਸਿੰਘ (55) ਨੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੇ ਭਰਾ ਛਿੰਦਰਪਾਲ ਸਿੰਘ ਤੇ ਪੁੱਤਰ ਜਸਵੰਤ ਸਿੰਘ ਨੇ ਦੱਸਿਆ ਕਿ ਸੁਖਮੰਦਰ ਸਿੰਘ ਕੋਲ ਢਾਈ ਏਕੜ ਜ਼ਮੀਨ ਸੀ ਤੇ ਉਸ ਦੇ ਸਿਰ ਬੈਂਕਾਂ ਅਤੇ ਪ੍ਰਾਈਵੇਟ ਕਰੀਬ 10 ਲੱਖ ਰੁਪਏ ਦਾ ਕਰਜ਼ਾ ਸੀ। ਇਸ ਵਾਰ ਕਣਕ ਦਾ ਝਾੜ ਘੱਟ ਹੋਣ ਕਾਰਨ ਸੁਖਮੰਦਰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ। ਉਸ ਨੇ ਬੀਤੀ 10 ਮਈ ਨੂੰ ਆਪਣੇ ਖੇਤ ਵਿੱਚ ਕੋਈ ਜ਼ਹਿਰੀਲੀ ਦਵਾਈ ਨਿਗਲ ਲਈ। ਇਸ ਬਾਰੇ ਪਤਾ ਲੱਗਣ ’ਤੇ ਪਰਿਵਾਰਕ ਮੈਂਬਰ ਉਸ ਨੂੰ ਬਠਿੰਡਾ ਦੇ ਇੱਕ ਪ੍ਰਾਈਵੇਟ ਹਸਪਤਾਲ ਲੈ ਗਏ, ਜਿੱਥੇ ਬੀਤੇ ਦਿਨ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਸੁਖਮੰਦਰ ਦਾ ਪੁੱਤਰ ਜਸਵੰਤ ਸਿੰਘ ਅਪਾਹਜ ਹੈ। ਪੀੜਤ ਪਰਿਵਾਰ ਤੇ ਸਰਪੰਚ ਬੇਅੰਤ ਸਿੰਘ ਨੇ ਸਰਕਾਰ ਤੋਂ ਆਰਥਿਕ ਮਦਦ ਦੇਣ ਦੀ ਮੰਗ ਕੀਤੀ ਹੈ।