ਚੰਡੀਗੜ੍ਹ: ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਸਹਿਕਾਰੀ ਖੰਡ ਮਿੱਲਾਂ ਵੱਲੋੋਂ ਗੰਨਾ ਕਾਸ਼ਤਕਾਰਾਂ ਦੀ 2019-20 ਅਤੇ 2020-21 ਦੀ ਬਕਾਇਆ ਰਾਸ਼ੀ ਦੀ ਅਦਾਇਗੀ ਲਈ ਸਰਕਾਰ ਵੱਲੋੋਂ 100 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ ਅਤੇ ਇਹ ਰਾਸ਼ੀ ਅੱਜ ਹੀ ਗੰਨਾ ਕਾਸ਼ਤਕਾਰਾਂ ਦੇ ਖਾਤਿਆਂ ਵਿੱਚ ਪਾ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋੋਂ ਸਹਿਕਾਰੀ ਖੰਡ ਮਿੱਲਾਂ ਦੀ ਸਾਲ 2019-20 ਦੀ ਬਰਾਮਦ ਸਬਸਿਡੀ ਦੀ ਲਗਪਗ 31 ਕਰੋੜ ਰੁਪਏ ਅਤੇ ਬਫਰ ਸਟਾਕ ਸਬਸਿਡੀ ਦੀ ਲਗਪਗ 10 ਕਰੋੋੜ ਰੁਪਏ ਦੀ ਅਦਾਇਗੀ ਅਜੇ ਤੱਕ ਜਾਰੀ ਨਾ ਕੀਤੇ ਜਾਣ ਦੇ ਬਾਵਜੂਦ ਪੰਜਾਬ ਸਰਕਾਰ ਨੇ ਝੋੋਨੇ ਦੀ ਬਿਜਾਈ ਨੂੰ ਮੁੱਖ ਰੱਖਦਿਆਂ ਆਪਣੇ ਪੱਧਰ ’ਤੇ 100 ਕਰੋੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਰੰਧਾਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਬਕਾਇਆ ਰਾਸ਼ੀ ਦੀ ਮੁਕੰਮਲ ਅਦਾਇਗੀ ਲਈ ਸਾਲ 2021-22 ਦੇ ਬਜਟ ਵਿੱਚ 300 ਕਰੋੋੜ ਰੁਪਏ ਦਾ ਪ੍ਰਬੰਧ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਹਿਕਾਰੀ ਖੰਡ ਮਿੱਲਾਂ ਦੀ ਖੰਡ ਬਰਾਮਦ ਸਬਸਿਡੀ ਅਤੇ ਬਫਰ ਸਟਾਕ ਕਲੇਮ ਵਜੋੋਂ ਬਣਦੀ ਲਗਪਗ 41 ਕਰੋੜ ਰੁਪਏ ਦੀ ਅਦਾਇਗੀ ਲਈ ਕੇਂਦਰ ਸਰਕਾਰ ਨਾਲ ਸੰਪਰਕ ਕੀਤਾ ਜਾ ਰਿਹਾ ਹੈ। -ਟ੍ਰਿਬਿਊਨ ਨਿਊਜ਼ ਸਰਵਿਸ