ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 30 ਜੁਲਾਈ
ਪੰਜਾਬ ਸਰਕਾਰ ਨੇ ਗੰਨਾ ਕਾਸ਼ਤਕਾਰਾਂ ਲਈ 100 ਕਰੋੜ ਰੁਪਏ ਜਾਰੀ ਕਰਦਿਆਂ ਇਹ ਰਾਸ਼ੀ ਉਨ੍ਹਾਂ ਦੇ ਖਾਤਿਆਂ ਵਿੱਚ ਜਮ੍ਹਾ ਕਰਵਾ ਦਿੱਤੀ ਹੈ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਸ਼ੂਗਰਫੈੱਡ ਵੱਲੋਂ ਗੰਨਾ ਕਾਸ਼ਤਕਾਰਾਂ ਦੇ ਖਾਤਿਆਂ ਵਿੱਚ ਫੰਡ ਟਰਾਂਸਫਰ ਕੀਤੇ ਗਏ ਹਨ। ਸ਼ੂਗਰਫੈੱਡ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ ਅਦਾ ਕੀਤੀ ਜਾਣ ਵਾਲੀ ਬਕਾਇਆ ਰਾਸ਼ੀ ਹੁਣ 195.60 ਕਰੋੜ ਰੁਪਏ ਹੈ। ਇਸ ਵਿੱਚੋਂ 100 ਕਰੋੜ ਰੁਪਏ ਇਸ ਸਾਲ 31 ਅਗਸਤ ਤੱਕ ਅਦਾ ਕੀਤੇ ਜਾਣਗੇ ਅਤੇ ਬਾਕੀ 95.60 ਕਰੋੜ ਰੁਪਏ ਦੀ ਅਦਾਇਗੀ 15 ਸਤੰਬਰ ਤੱਕ ਕੀਤੀ ਜਾਵੇਗੀ। ਇਸ ਤੋਂ ਬਾਅਦ ਅਜਨਾਲਾ, ਬਟਾਲਾ, ਬੁੱਢੇਵਾਲ, ਭੋਗਪੁਰ, ਫਾਜ਼ਿਲਕਾ, ਗੁਰਦਾਸਪੁਰ, ਮੋਰਿੰਡਾ, ਨਕੋਦਰ ਅਤੇ ਨਵਾਂਸ਼ਹਿਰ ਵਿਖੇ ਸਰਕਾਰੀ ਮਾਲਕੀ ਵਾਲੀਆਂ 9 ਖੰਡ ਮਿੱਲਾਂ ਵੱਲ ਕੋਈ ਬਕਾਇਆ ਨਹੀਂ ਹੋਵੇਗਾ।