ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 6 ਜਨਵਰੀ
ਇਟਲੀ ਤੋਂ ਇਕ ਹਵਾਈ ਉਡਾਣ ਰਾਹੀਂ ਅੰਮ੍ਰਿਤਸਰ ਹਵਾਈ ਅੱਡੇ ’ਤੇ ਪੁੱਜੇ 179 ਯਾਤਰੂਆਂ ਵਿੱਚੋਂ 125 ਕਰੋਨਾ ਪਾਜ਼ੇਟਿਵ ਪਾਏ ਗਏ ਹਨ। ਯਾਤਰੂਆਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਭਾਰਤ ਆਉਣ ਤੋਂ ਪਹਿਲਾਂ ਲੋੜੀਂਦਾ ਕੋਵਿਡ ਟੈਸਟ ਆਰਟੀਪੀਸੀਆਰ ਕਰਵਾਇਆ ਸੀ, ਜਿਸ ਦੀ ਰਿਪੋਰਟ ਨੈਗੇਟਿਵ ਆਉਣ ਮਗਰੋਂ ਹੀ ਉਨ੍ਹਾਂ ਨੂੰ ਇਸ ਉਡਾਣ ਰਾਹੀਂ ਆਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ।
ਯਾਤਰੂਆਂ ਨੇ ਆਖਿਆ ਕਿ ਹਵਾਈ ਜਹਾਜ਼ ਵਿੱਚ ਬੈਠਣ ਦੇ ਕੁਝ ਸਮੇਂ ਦੌਰਾਨ ਹੀ ਉਹ ਕਰੋਨਾ ਪਾਜ਼ੇਟਿਵ ਕਿਵੇਂ ਹੋ ਸਕਦੇ ਹਨ। ਉਨ੍ਹਾਂ ਆਪਣੀਆਂ ਕਰੋਨਾ ਨੈਗੇਟਿਵ ਦੀਆਂ ਰਿਪੋਰਟਾਂ ਵੀ ਮੀਡੀਆ ਨੂੰ ਦਿਖਾਈਆਂ। ਯਾਤਰੂਆਂ ਨੇ ਦੋਸ਼ ਲਾਇਆ ਕਿ ਕਿਸੇ ਸਾਜਿਸ਼ ਤਹਿਤ ਉਨ੍ਹਾਂ ਨੂੰ ਕਰੋਨਾ ਪਾਜ਼ੇਟਿਵ ਕਰਾਰ ਦਿੱਤਾ ਗਿਆ ਹੈ। ਇਸ ਦੌਰਾਨ ਯਾਤਰੂਆਂ ਨੂੰ ਲੈਣ ਆਏ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਨੇ ਵੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਹ ਸਿਲਸਿਲਾ ਲਗਪਗ ਚਾਰ ਪੰਜ ਘੰਟੇ ਜਾਰੀ ਰਿਹਾ। ਮੌਕੇ ’ਤੇ ਹਾਜ਼ਰ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਆਖਿਆ ਕਿ ਵੱਡੀ ਗਿਣਤੀ ਵਿੱਚ ਯਾਤਰੂਆਂ ਦੀ ਕਰੋਨਾ ਟੈਸਟ ਰਿਪੋਰਟ ਪਾਜ਼ੇਟਿਵ ਆਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਦਿਸ਼ਾ ਨਿਰਦੇਸ਼ ਮੁਤਾਬਕ ਇਨ੍ਹਾਂ ਨੂੰ ਸਥਾਨਕ ਹਸਪਤਾਲਾਂ ਵਿੱਚ ਇਕਾਂਤਵਾਸ ਕਰਨਾ ਜ਼ਰੂਰੀ ਹੈ ਪਰ ਯਾਤਰੂਆਂ ਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਦੇ ਵਿਰੋਧ ਨੂੰ ਦੇਖਦਿਆਂ ਘਰ ਵਿੱਚ ਇਕਾਂਤਵਾਸ ਰਹਿਣ ਦੀ ਸ਼ਰਤ ’ਤੇ ਹਵਾਈ ਅੱਡੇ ਤੋਂ ਜਾਣ ਦੀ ਆਗਿਆ ਦਿੱਤੀ ਹੈ। ਹਵਾਈ ਅੱਡੇ ਦੇ ਡਾਇਰੈਕਟਰ ਵੀਕੇ ਸੇਠ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਯਾਤਰੂਆਂ ਨੂੰ ਹਸਪਤਾਲਾਂ ਵਿੱਚ ਇਕਾਂਤਵਾਸ ਲਈ ਆਖਿਆ ਗਿਆ ਸੀ ਪਰ ਉਹ ਨਹੀਂ ਮੰਨੇ।
ਹਸਪਤਾਲ ਵਿੱਚੋਂ 13 ਮਰੀਜ਼ ਫ਼ਰਾਰ
ਇਟਲੀ ਤੋਂ ਆਏ 125 ਕਰੋਨਾ ਪਾਜ਼ੇਟਿਵ ਮਰੀਜ਼ਾਂ ਵਿੱਚੋਂ 13 ਮਰੀਜ਼ ਅੰਮ੍ਰਿਤਸਰ ਹਵਾਈ ਅੱਡੇ ਅਤੇ ਗੁਰੂ ਨਾਨਕ ਦੇਵ ਹਸਪਤਾਲ ਵਿੱਚੋਂ ਫਰਾਰ ਹੋ ਗਏ ਹਨ। ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਏਡੀਸੀ ਰੂਹੀ ਦੁੱਗ ਨੂੰ ਇਨ੍ਹਾਂ ਸਾਰੇ ਮਰੀਜ਼ਾਂ ਖ਼ਿਲਾਫ਼ ਪੁਲੀਸ ਕੋਲ ਐਪੀਡੈਮਿਕ ਅਤੇ ਡਿਜਾਸਟਰ ਮੈਨੇਜਮੈਂਟ ਐਕਟ ਅਧੀਨ ਪਰਚੇ ਦਰਜ ਕਰਵਾਉਣ ਦੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਜਾਂ ਤਾਂ ਸਵੇਰ ਤੱਕ ਸਾਰੇ ਫਰਾਰ ਹੋਏ ਕਰੋਨਾ ਪੀੜਤ ਵਾਪਸ ਹਸਪਤਾਲ ਆ ਜਾਣ, ਨਹੀਂ ਉਨ੍ਹਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਪਾ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਗ੍ਰਹਿ ਵਿਭਾਗ ਨੂੰ ਸਾਰੇ ਮਰੀਜ਼ਾਂ ਦੇ ਪਾਸਪੋਰਟ ਰੱਦ ਕਰਨ ਦੀ ਸਿਫਾਰਿਸ਼ ਕੀਤੀ ਜਾਵੇਗੀ।