ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਸਾਉਣੀ ਖਰੀਦ ਸੀਜ਼ਨ 2026-27 ਤਹਿਤ ਝੋਨੇ ਦੇ ਖ਼ਰੀਦ ਕਾਰਜਾਂ ’ਤੇ ਸੰਤੁਸ਼ਟੀ ਜਤਾਉਂਦੀਆਂ ਦੱਸਿਆ ਕਿ ਪੰਜਾਬ ਰਾਜ ਦੀਆਂ ਮੰਡੀਆਂ ਵਿੱਚ ਕੀਤੇ ਗਏ ਪੁਖ਼ਤਾ ਪ੍ਰਬੰਧਾਂ ਸਦਕਾ ਹੁਣ ਤੱਕ 137.10 ਲੱਖ ਟਨ ਝੋਨੇ ਦੀ ਫ਼ਸਲ ਦੀ ਖ਼ਰੀਦ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਰਾਜ ਦੀਆਂ ਮੰਡੀਆਂ ਵਿੱਚ 3 ਨਵੰਬਰ ਤੱਕ 142.50 ਲੱਖ ਟਨ ਝੋਨੇ ਦੀ ਫ਼ਸਲ ਦੀ ਆਮਦ ਹੋਈ ਹੈ, ਜਿਸ ਵਿੱਚੋਂ 137.10 ਲੱਖ ਟਨ ਝੋਨੇ ਦੀ ਖ਼ਰੀਦ ਹੋ ਚੁੱਕੀ ਹੈ। ਸਰਕਾਰੀ ਏਜੰਸੀਆਂ ਵੱਲੋਂ 135.46 ਲੱਖ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਮੰਡੀਆਂ ਵਿੱਚੋਂ 96.69 ਲੱਖ ਟਨ ਫ਼ਸਲ ਦੀ ਲਿਫਟਿੰਗ ਹੋ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਪਨਗਰੇਨ ਵੱਲੋਂ ਸਭ ਤੋਂ ਵੱਧ 57,68,392 ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸੇ ਤਰ੍ਹਾਂ ਮਾਰਕਫੈੱਡ ਵੱਲੋਂ 33,80,584 ਟਨ, ਪਨਸਪ ਵੱਲੋਂ 27,91,543 ਟਨ, ਵੇਅਰ ਹਾਊਸ ਵੱਲੋਂ 15,30,596 ਟਨ, ਐੱਫ਼ ਸੀ ਆਈ ਵੱਲੋਂ 74,545 ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 1,64,497 ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
ਬੀਤੇ ਮੰਗਲਵਾਰ ਨੂੰ ਮੰਡੀਆਂ ਵਿੱਚ 6.18 ਲੱਖ ਟਨ ਝੋਨੇ ਦੀ ਆਮਦ ਹੋਈ ਹੈ, ਜਦਕਿ 5.96 ਲੱਖ ਟਨ ਦੀ ਖ਼ਰੀਦ ਹੋਈ ਹੈ ਅਤੇ 5.49 ਲੱਖ ਟਨ ਝੋਨੇ ਦੀ ਲਿਫ਼ਟਿੰਗ ਹੋਈ ਹੈ। ਸ੍ਰੀ ਬਰਸਟ ਨੇ ਦਾਅਵਾ ਕੀਤਾ ਕਿ ਸਮੁੱਚੀਆਂ ਮੰਡੀਆਂ ਵਿਚ ਸਮੁੱਚੇ ਪ੍ਰਬੰਧ ਬਹੁਤ ਸੁਚਾਰੂ ਸਨ। ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਾਨ ਨੂੰ ਮੰਡੀਆਂ ਵਿਚ ਝੋਨਾ ਵੇਚਣ ਲਈ ਕੋਈ ਦਿੱਕਤ ਨਹੀਂ ਆਉਣ ਦਿੱਤੀ ਗਈ।

