ਪੰਜਾਬ ਦੀਆਂ ਮੰਡੀਆਂ ਵਿਚ ਹੁਣ ਤੱਕ 14.86 ਲੱਖ ਟਨ ਝੋਨੇ ਦੀ ਫ਼ਸਲ ਦੀ ਆਮਦ ਹੋਈ ਹੈ, ਜਿਸ ਵਿੱਚੋਂ 13.90 ਲੱਖ ਟਨ ਦੀ ਖ਼ਰੀਦ ਹੋ ਚੁੱਕੀ ਹੈ। ਇਸ ਵਿਚੋਂ 13.70 ਲੱਖ ਟਨ ਝੋਨੇ ਦੀ ਸਰਕਾਰੀ ਪੱਧਰ ’ਤੇ ਖ਼ਰੀਦ ਹੋਈ ਹੈ। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਪਨਗ੍ਰੇਨ ਵੱਲੋਂ 5,61,824 ਟਨ, ਐੱਫ਼ ਸੀ ਆਈ ਵੱਲੋਂ 1,542 ਟਨ, ਮਾਰਕਫੈੱਡ ਵੱਲੋਂ 3,94,764 ਟਨ, ਪਨਸਪ ਵੱਲੋਂ 2,49,075 ਟਨ, ਵੇਅਰ ਹਾਊਸ ਵੱਲੋਂ 1,63,013 ਟਨ ਝੋਨੇ ਦੀ ਫ਼ਸਲ ਦੀ ਖ਼ਰੀਦ ਕੀਤੀ ਗਈ ਹੈ ਅਤੇ 2.37 ਲੱਖ ਟਨ ਝੋਨੇ ਦੀ ਲਿਫ਼ਟਿੰਗ ਹੋਈ ਹੈ। ਵੀਰਵਾਰ ਤੱਕ 2,78,291 ਟਨ ਝੋਨੇ ਦੀ ਆਮਦ ਹੋਈ ਹੈ, ਜਦਕਿ 2,76,234 ਮੀਟ੍ਰਿਕ ਟਨ ਦੀ ਖ਼ਰੀਦ ਕੀਤੀ ਗਈ ਹੈ। ਚੇਅਰਮੈਨ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸਮੂਹ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਕਿਸਾਨਾਂ,ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਫ਼ਸਲ ਦੀ ਖ਼ਰੀਦ ਦੌਰਾਨ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਗੁਦਾਮਾਂ ’ਚੋਂ ਅਨਾਜ ਨੂੰ ਤੁਰੰਤ ਚੁਕਵਾਏ ਕੇਂਦਰ
ਮੰਡੀ ਬੋਰਡ ਦੇ ਚੇਅਰਮੈਨ ਨੇ ਪੰਜਾਬ ਦੇ ਗੁਦਾਮਾਂ ਵਿੱਚ ਪਏ ਅਨਾਜ ਦੀ ਸ਼ਿਫਟਿੰਗ ਨਾ ਕੀਤੇ ਜਾਣ ਕਾਰਨ ਨਵੀਂ ਫ਼ਸਲ ਦੀ ਸਟੋਰੇਜ ਨੂੰ ਲੈ ਕੇ ਸਮੱਸਿਆਵਾਂ ਪੈਦਾ ਹੋਣ ਦਾ ਖਦਸ਼ਾ ਪ੍ਰਗਟਾਇਆ ਹੈ। ਜੇ ਗੁਦਾਮਾਂ ਵਿੱਚ ਪਹਿਲਾਂ ਤੋਂ ਪਏ ਅਨਾਜ ਨੂੰ ਨਹੀਂ ਚੁੱਕਿਆ ਜਾਵੇਗਾ ਤਾਂ ਨਵੀਂ ਫ਼ਸਲ ਦੇ ਭੰਡਾਰਨ ਸਬੰਧੀ ਚੁਣੌਤੀਆਂ ਵਧ ਸਕਦੀਆਂ ਹਨ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਗੁਦਾਮਾਂ ਵਿੱਚ ਪਏ ਅਨਾਜ ਨੂੰ ਤੁਰੰਤ ਚੁਕਵਾਇਆ ਜਾਵੇ।

