DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੰਜਾਬ ’ਚ ਪਹਿਲੇ ਦਿਨ 15 ਉਮੀਦਵਾਰਾਂ ਨੇ ਨਾਮਜ਼ਦਗੀਆਂ ਭਰੀਆਂ

ਲੋਕ ਸਭਾ ਹਲਕਾ ਫਿਰੋਜ਼ਪੁਰ ਵਿੱਚ ਪੰਜ ਤੇ ਪਟਿਆਲਾ ’ਚ ਤਿੰਨ ਨਾਮਜ਼ਦਗੀ ਪੱਤਰ ਦਾਖਲ
  • fb
  • twitter
  • whatsapp
  • whatsapp
Advertisement

ਆਤਿਸ਼ ਗੁਪਤਾ

ਚੰਡੀਗੜ੍ਹ, 7 ਮਈ

Advertisement

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ’ਤੇ ਅੱਜ ਪਹਿਲੇ ਦਿਨ 15 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਅੱਜ ਪਹਿਲੇ ਦਿਨ ਲੋਕ ਸਭਾ ਹਲਕਾ ਫਿਰੋਜ਼ਪੁਰ ਵਿੱਚ ਸਭ ਤੋਂ ਵੱਧ ਪੰਜ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ, ਜਿਸ ਵਿੱਚ ਦੋ ਉਮੀਦਵਾਰਾਂ ਨੇ 2-2 ਫਾਰਮ ਭਰੇ ਹਨ। ਇਸ ਤੋਂ ਬਾਅਦ ਪਟਿਆਲਾ ਵਿੱਚ ਤਿੰਨ, ਗੁਰਦਾਸਪੁਰ, ਅੰਮ੍ਰਿਤਸਰ, ਖਡੂਰ ਸਾਹਿਬ, ਹੁਸ਼ਿਆਰਪੁਰ, ਆਨੰਦਪੁਰ ਸਾਹਿਬ, ਫਰੀਦਕੋਟ ਤੇ ਸੰਗਰੂਰ ਤੋਂ ਇਕ-ਇਕ ਉਮੀਦਵਾਰ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਲੋਕ ਸਭਾ ਹਲਕਾ ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਬਠਿੰਡਾ ਤੋਂ ਕਿਸੇ ਨੇ ਵੀ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ।

ਚੋਣ ਕਮਿਸ਼ਨ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਆਜ਼ਾਦ ਉਮੀਦਵਾਰ ਮਨਪ੍ਰੀਤ ਕੌਰ ਨੇ ਦੋ, ਅੰਗਰੇਜ਼ ਸਿੰਘ ਨੇ ਦੋ ਅਤੇ ਅਰਵਿੰਦਰ ਸਿੰਘ ਨੇ ਇੱਕ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਹਲਕਾ ਪਟਿਆਲਾ ਤੋਂ ਭਾਰਤੀ ਜੀਵਨ ਕਿਸਾਨ ਪਾਰਟੀ ਵੱਲੋਂ ਦੇਵਿੰਦਰ ਰਾਜਪੁਰ, ਆਜ਼ਾਦ ਉਮੀਦਵਾਰ ਵਜੋਂ ਜਗਦੀਸ਼ ਕੁਮਾਰ ਤੇ ਡਿੰਪਲ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇਸੇ ਤਰ੍ਹਾਂ ਗੁਰਦਾਸਪੁਰ ਤੋਂ ਆਜ਼ਾਦ ਉਮੀਦਵਾਰ ਵਜੋਂ ਤਰਸੇਮ ਮਸੀਹ, ਅੰਮ੍ਰਿਤਸਰ ਤੋਂ ਕਮਿਊਨਿਸਟ ਪਾਰਟੀ ਆਫ ਇੰਡੀਆ ਦੀ ਦਸਵਿੰਦਰ ਕੌਰ, ਖਡੂਰ ਸਾਹਿਬ ਤੋਂ ਆਸ ਪੰਜਾਬ ਪਾਰਟੀ ਦੇ ਚੈਨ ਸਿੰਘ, ਹੁਸ਼ਿਆਰਪੁਰ ਤੋਂ ਆਜ਼ਾਦ ਉਮੀਦਵਾਰ ਵਜੋਂ ਰੋਹਿਤ ਕੁਮਾਰ, ਆਨੰਦਪੁਰ ਸਾਹਿਬ ਤੋਂ ਪੰਜਾਬ ਨੈਸ਼ਨਲ ਪਾਰਟੀ ਦੇ ਦਰਸ਼ਨ ਸਿੰਘ, ਫਰੀਦਕੋਟ ਤੋਂ ਆਜ਼ਾਦ ਵਜੋਂ ਬਹਾਦਰ ਸਿੰਘ ਅਤੇ ਸੰਗਰੂਰ ਤੋਂ ਪੰਜਾਬ ਨੈਸ਼ਨਲ ਪਾਰਟੀ ਦੇ ਉਮੀਦਵਾਰ ਕ੍ਰਿਸ਼ਨ ਦੇਵ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ 14 ਮਈ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣਗੇ। ਇਸ ਤੋਂ ਬਾਅਦ 15 ਮਈ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ ਅਤੇ 17 ਮਈ ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾਣਗੇ। ਲੋਕ ਸਭਾ ਚੋਣਾਂ ਲਈ ਵੋਟਾਂ ਪਹਿਲੀ ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ ਅਤੇ ਗਿਣਤੀ 4 ਜੂਨ ਨੂੰ ਹੋਵੇਗੀ।

ਸੁਖਪਾਲ ਖਹਿਰਾ ਤੇ ਡਾ. ਗਾਂਧੀ ਅੱਜ ਕਰਨਗੇ ਨਾਮਜ਼ਦਗੀ ਪੱਤਰ ਦਾਖਲ

ਸੁਖਪਾਲ ਖਹਿਰਾ, ਧਰਮਵੀਰ ਗਾਂਧੀ

ਲੋਕ ਸਭਾ ਹਲਕਾ ਪਟਿਆਲਾ ਤੋਂ ਕਾਂਗਰਸ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਅਤੇ ਸੰਗਰੂਰ ਤੋਂ ਉਮੀਦਵਾਰ ਸੁਖਪਾਲ ਸਿੰਘ ਖਹਿਲਾ ਭਲਕੇ 8 ਮਈ ਨੂੰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਖਡੂਰ ਸਾਹਿਬ ਤੋਂ ਕੁਲਬੀਰ ਸਿੰਘ ਜ਼ੀਰਾ 9 ਮਈ ਨੂੰ ਨਾਮਜ਼ਦਗੀ ਪੱਤਰ ਦਾਖਲ ਕਰ ਸਕਦੇ ਹਨ। ਇਸੇ ਤਰ੍ਹਾਂ ਗੁਰਦਾਸਪੁਰ ਤੋਂ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ, ਜਲੰਧਰ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਹੁਸ਼ਿਆਰਪੁਰ ਤੋਂ ਯਾਮਿਨੀ ਗੋਮਰ, ਫਤਿਹਗੜ੍ਹ ਸਾਹਿਬ ਤੋਂ ਡਾ. ਅਮਰ ਸਿੰਘ, ਫਰੀਦਕੋਟ ਤੋਂ ਅਮਰਜੀਤ ਕੌਰ ਸਹੋਕੇ ਅਤੇ ਬਠਿੰਡਾ ਤੋਂ ਜੀਤ ਮਹਿੰਦਰ ਸਿੰਘ ਸਿੱਧੂ 10 ਮਈ ਨੂੰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਗੁਰਜੀਤ ਸਿੰਘ ਔਜਲਾ 11 ਮਈ ਨੂੰ ਅਤੇ ਆਨੰਦਪੁਰ ਸਾਹਿਬ ਤੋਂ ਵਿਜੈ ਇੰਦਰ ਸਿੰਗਲਾ 13 ਮਈ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨਗੇ।

ਕਾਂਗਰਸ ਨੇ ਸ਼ੇਰ ਸਿੰਘ ਘੁਬਾਇਆ ਨੂੰ ਫ਼ਿਰੋਜ਼ਪੁਰ ਤੋਂ ਉਮੀਦਵਾਰ ਐਲਾਨਿਆ

ਚੰਡੀਗੜ੍ਹ (ਆਤਿਸ਼ ਗੁਪਤਾ): ਕਾਂਗਰਸ ਪਾਰਟੀ ਨੇ ਦੋ ਵਾਰ ਦੇ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ (61) ਨੂੰ ਪੰਜਾਬ ਦੇ ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਹੈ। ਇਸ ਦੇ ਨਾਲ ਹੀ ਕਾਂਗਰਸ ਨੇ ਪੰਜਾਬ ਦੀਆਂ ਸਾਰੀਆਂ 13 ਸੀਟਾਂ ’ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਸ਼ੇਰ ਸਿੰਘ ਘੁਬਾਇਆ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ’ਤੇ ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਹੀ ਸਾਲ 2009 ਤੇ 2014 ਵਿੱਚ ਸੰਸਦ ਮੈਂਬਰ ਚੁਣੇ ਗਏ ਸਨ ਪਰ ਉਹ 2019 ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ। ਦੱਸਣਯੋਗ ਹੈ ਕਿ ਹਲਕਾ ਫਿਰੋਜ਼ਪੁਰ ਤੋਂ ਸੱਤਾਧਾਰੀ ਧਿਰ ‘ਆਪ’ ਨੇ ਜਗਦੀਪ ਸਿੰਘ ਕਾਕਾ ਬਰਾੜ ਤੇ ਅਕਾਲੀ ਦਲ ਨੇ ਨਰਦੇਵ ਸਿੰਘ ਮਾਨ ਜਦਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਭੁਪਿੰਦਰ ਸਿੰਘ ਭੁੱਲਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਭਾਜਪਾ ਵੱਲੋਂ ਉਮੀਦਵਾਰ ਦਾ ਐਲਾਨ ਹਾਲੇ ਬਾਕੀ ਹੈ।

Advertisement
×