ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 5 ਜੂਨ
ਪੰਜਾਬ ਦੇ ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੰਜਾਬ ਪੁਲੀਸ ਵੱਲੋਂ ਸੂਬੇ ਨੂੰ ਨਸ਼ਾ-ਮੁਕਤ ਬਣਾਉਣ ਲਈ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ 96ਵੇਂ ਦਿਨ ਵੀ ਕਾਰਵਾਈ ਜਾਰੀ ਰਹੀ। ਅੱਜ ਪੁਲੀਸ ਨੇ ਸੂਬੇ ਵਿੱਚੋਂ 154 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 1.6 ਕਿਲੋ ਹੈਰੋਇਨ ਅਤੇ 10.03 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਪੁਲੀਸ ਵੱਲੋਂ ਕਾਬੂ ਕੀਤੇ ਨਸ਼ਾ ਤਸਕਰਾਂ ਦੀ ਗਿਣਤੀ 15,861 ਹੋ ਗਈ ਹੈ। ਸ੍ਰੀ ਸ਼ੁਕਲਾ ਨੇ ਕਿਹਾ ਕਿ ਅੱਜ ਪੰਜਾਬ ਪੁਲੀਸ ਦੇ 101 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲੀਸ ਮੁਲਾਜ਼ਮਾਂ ਦੀਆਂ 200 ਤੋਂ ਵੱਧ ਪੁਲੀਸ ਟੀਮਾਂ ਨੇ ਰਾਜ ਭਰ ਵਿੱਚ 567 ਥਾਵਾਂ ’ਤੇ ਛਾਪੇ ਮਾਰੇ। ਇਸ ਦੌਰਾਨ 581 ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਗਈ, ਜਿਨ੍ਹਾਂ ਵਿੱਚੋਂ 154 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਸੂਬੇ ਵਿੱਚ ਪੁਲੀਸ ਨੇ ਨਸ਼ਾ ਤਸਕਰਾਂ ਵਿਰੁੱਧ 108 ਕੇਸ ਦਰਜ ਕੀਤੇ। ਇਸ ਤੋਂ ਇਲਾਵਾ ਪੁਲੀਸ ਨੇ 99 ਵਿਅਕਤੀਆਂ ਨੂੰ ਨਸ਼ਾ ਛਡਾਊ ਅਤੇ ਮੁੜ ਵਸੇਬਾ ਕੇਂਦਰ ’ਚ ਇਲਾਜ ਲਈ ਰਾਜ਼ੀ ਕੀਤਾ। ਪੁਲੀਸ ਵੱਲੋਂ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਬਟਾਲਾ, ਅੰਮ੍ਰਿਤਸਰ ਦਿਹਾਤੀ ਅਤੇ ਤਰਨ ਤਾਰਨ ਸਮੇਤ ਛੇ ਜ਼ਿਲ੍ਹਿਆਂ ਵਿੱਚ 82 ਦਵਾਈਆਂ ਦੀਆਂ ਦੁਕਾਨਾਂ ਦੀ ਜਾਂਚ ਕੀਤੀ ਗਈ। ਇਸ ਦੇ ਨਾਲ ਹੀ ਦੁਕਾਨਦਾਰਾਂ ਨੂੰ ਨਸ਼ੀਲੀਆਂ ਦਵਾਈਆਂ ਨਾ ਵੇਚਣ ਦੇ ਆਦੇਸ਼ ਦਿੱਤੇ ਗਏ। ਉਨ੍ਹਾਂ ਕਿਹਾ ਕਿ ਜੇ ਕੋਈ ਨਸ਼ੀਲੀਆਂ ਦਵਾਈਆਂ ਵੇਚਦਾ ਫੜਿਆ ਗਿਆ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।