ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ’ਚੋਂ 19 ਮੋਬਾਈਲ ਫੋਨ ਬਰਾਮਦ
ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿੱਚ ਸੁਰੱਖਿਆ ਪ੍ਰਬੰਧਾਂ ’ਚ ਕਥਿਤ ਅਣਗਹਿਲੀ ਕਾਰਨ ਮੁੜ ਵੱਡੀ ਮਾਤਰਾ ਵਿੱਚ ਪਾਬੰਦੀਸ਼ੁਦਾ ਸਾਮਾਨ ਅਤੇ 19 ਮੋਬਾਈਲ ਫੋਨ ਬਰਾਮਦ ਹੋਏ ਹਨ। ਜੇਲ੍ਹ ਦੇ ਸਹਾਇਕ ਸੁਪਰਡੈਂਟ ਸਰਬਜੀਤ ਸਿੰਘ ਵੱਲੋਂ ਪੁਲੀਸ ਨੂੰ ਦਿੱਤੇ ਬਿਆਨ ਅਨੁਸਾਰ ਚੈਕਿੰਗ ਦੌਰਾਨ ਵੱਖ-ਵੱਖ ਬੈਰਕਾਂ ਵਿੱਚ ਕੈਦੀਆਂ ਅਤੇ ਹਵਾਲਾਤੀਆਂ ਕੋਲੋਂ 19 ਮੋਬਾਈਲ ਫੋਨ, ਪੰਜ ਸਿਮ, ਪੰਜ ਚਾਰਜਰ, ਅੱਧੀ ਦਰਜਨ ਡੇਟਾ ਕੇਬਲ, ਨਸ਼ੇ ਦੇ 75 ਕੈਪਸੂਲ ਅਤੇ 130 ਗੋਲੀਆਂ, ਤੰਬਾਕੂ ਦੀਆਂ 21 ਪੁੜੀਆਂ, ਬੀੜੀਆਂ ਦੇ 10 ਬੰਡਲ, ਹੀਟਰ ਦੇ ਸਪਰਿੰਗ, ਲਾਈਟਰ ਤੋਂ ਇਲਾਵਾ ਹੋਰ ਸਾਮਾਨ ਬਰਾਮਦ ਹੋਇਆ ਹੈ।
ਇਨ੍ਹਾਂ ਮਾਮਲਿਆਂ ਸਬੰਧੀ ਜੇਲ੍ਹ ਅਧਿਕਾਰੀ ਦੇ ਬਿਆਨਾਂ ’ਤੇ ਥਾਣਾ ਗੋਇੰਦਵਾਲ ਸਾਹਿਬ ਵਿੱਚ ਕੇਸ ਦਰਜ ਕੀਤੇ ਗਏ ਹਨ। ਇਸ ਤੋਂ ਪਹਿਲਾਂ ਵੀ ਵੱਖ-ਵੱਖ ਸਮੇਂ ਚੈਕਿੰਗ ਦੌਰਾਨ ਜੇਲ੍ਹ ਵਿੱਚੋਂ ਮੋਬਾਈਲ ਫੋਨ, ਚਾਰਜਰ, ਹੀਟਰ, ਬੀੜੀਆਂ ਦੇ ਬੰਡਲ, ਸ਼ਰਾਬ ਅਤੇ ਗ਼ੈਰਕਾਨੂੰਨੀ ਪਦਾਰਥਾਂ ਦੀ ਵੱਡੀ ਮਾਤਰਾ ਮਿਲ ਚੁੱਕੀ ਹੈ।
ਜੇਲ੍ਹ ਪ੍ਰਸ਼ਾਸਨ ਦੀ ਕਥਿਤ ਅਣਗਹਿਲੀ ਕਾਰਨ ਵਾਰ-ਵਾਰ ਜੇਲ੍ਹ ਅੰਦਰੋਂ ਪਾਬੰਦੀਸ਼ੁਦਾ ਚੀਜ਼ਾਂ ਦੇ ਮਿਲਣ ਅਤੇ ਵਰਤੋਂ ’ਤੇ ਸਵਾਲ ਖੜ੍ਹੇ ਹੋ ਰਹੇ ਹਨ। ਜਾਂਚ ਅਧਿਕਾਰੀ ਏ ਐੱਸ ਆਈ ਅਰਜਨ ਸਿੰਘ ਅਤੇ ਪ੍ਰਗਟ ਸਿੰਘ ਨੇ ਦੱਸਿਆ ਕਿ ਜੇਲ੍ਹ ਅੰਦਰੋਂ ਬਰਾਮਦ ਹੋਏ ਮੋਬਾਈਲ ਫੋਨ ਅਤੇ ਨਸ਼ੀਲੇ ਪਦਾਰਥਾਂ ਸਬੰਧੀ ਥਾਣਾ ਗੋਇੰਦਵਾਲ ਸਾਹਿਬ ਵਿੱਚ ਕੇਸ ਦਰਜ ਕੀਤਾ ਗਿਆ ਹੈ। ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ ਨੇ ਆਖਿਆ ਕਿ ਉਨ੍ਹਾਂ ਨੂੰ ਹਾਲ ਵਿੱਚ ਹੀ ਜੇਲ੍ਹ ਦੇ ਸੁਪਰਡੈਂਟ ਦੀ ਜ਼ਿੰਮੇਵਾਰੀ ਮਿਲੀ ਹੈ।
ਉਹ ਜੇਲ੍ਹ ਅੰਦਰ ਦਾਖ਼ਲ ਹੋਏ ਵਾਲੀਆਂ ਪਾਬੰਦੀਸ਼ੁਦਾ ਵਸਤਾਂ ’ਤੇ ਸਖ਼ਤੀ ਕਰਨਗੇ ਅਤੇ ਜੇਲ੍ਹ ਪ੍ਰਬੰਧਾਂ ਨੂੰ ਸੁਧਾਰਨ ਕੀਤਾ ਜਾਵੇਗਾ।
