ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਲੁਧਿਆਣਾ ਤੇ ਨਵਾਂ ਸ਼ਹਿਰ ’ਚ ਭੀਖ ਮੰਗਣ ਵਾਲੇ 21 ਬੱਚੇ ਬਚਾਏ

ਭੀਖ ਮੰਗਣ ਲਈ ਮਜਬੂਰ ਕਰਨ ਵਾਲਿਆਂ ਖ਼ਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ
ਭੀਖ ਮੰਗਣ ਵਾਲੇ ਬੱਚਿਆਂ ਖ਼ਿਲਾਫ਼ ਕਾਰਵਾਈ ਕਰਦਾ ਹੋਇਆ ਅਮਲਾ।
Advertisement

ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਭਿਖਾਰੀ ਮੁਕਤ ਬਣਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੱਜ ਲੁਧਿਆਣਾ ਤੇ ਨਵਾਂ ਸ਼ਹਿਰ ਵਿੱਚ ਵੱਡੇ ਪੱਧਰ ’ਤੇ ਕਾਰਵਾਈ ਕੀਤੀ ਗਈ। ਇਸ ਦੌਰਾਨ ਸਮਾਜਿਕ ਸੁਰੱਖਿਆ ਵਿਭਾਗ ਨੇ ਕੁੱਲ 21 ਬੱਚਿਆਂ ਨੂੰ ਬਚਾਇਆ ਗਿਆ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਜ਼ਿਲ੍ਹਾ ਬਾਲ ਸੁਰੱਖਿਆ ਟੀਮ ਵੱਲੋਂ ਲੁਧਿਆਣਾ ਦੇ ਬੱਸ ਅੱਡੇ, ਰੇਲਵੇ ਸਟੇਸ਼ਨ ਅਤੇ ਹੋਰ ਥਾਵਾਂ ’ਤੇ ਛਾਪੇ ਮਾਰ ਕੇ 18 ਬੱਚਿਆਂ ਨੂੰ ਬਚਾਇਆ ਗਿਆ, ਜਦਕਿ ਸ਼ਹੀਦ ਭਗਤ ਸਿੰਘ ਨਗਰ (ਨਵਾਂ ਸ਼ਹਿਰ) ਤੋਂ 3 ਹੋਰ ਬੱਚੇ ਬਚਾਏ ਗਏ। ਇਨ੍ਹਾਂ ਸਾਰੇ ਬੱਚਿਆਂ ਨੂੰ ਬਾਲ ਭਲਾਈ ਕਮੇਟੀਆਂ ਅੱਗੇ ਪੇਸ਼ ਕਰਕੇ ਫਿਲਹਾਲ ਸੁਰੱਖਿਅਤ ਤੌਰ ’ਤੇ ਬਾਲ ਘਰਾਂ ਵਿੱਚ ਰੱਖਿਆ ਗਿਆ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਜੇ ਜਾਂਚ ਦੌਰਾਨ ਇਹ ਸਾਬਤ ਹੁੰਦਾ ਹੈ ਕਿ ਕਿਸੇ ਵਿਅਕਤੀ ਵੱਲੋਂ ਇਨ੍ਹਾਂ ਬੱਚਿਆਂ ਨੂੰ ਭੀਖ ਮੰਗਣ ਲਈ ਮਜਬੂਰ ਕੀਤਾ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼ੱਕ ਪੈਣ ’ਤੇ ਬਾਲ ਭਲਾਈ ਕਮੇਟੀਆਂ ਵੱਲੋਂ ਡਿਪਟੀ ਕਮਿਸ਼ਨਰ ਦੇ ਹੁਕਮਾਂ ਅਧੀਨ ਡੀਐੱਨਏ ਜਾਂਚ ਵੀ ਕਰਵਾਈ ਜਾ ਸਕਦੀ ਹੈ।

Advertisement

ਉਨ੍ਹਾਂ ਕਿਹਾ ਕਿ ਸੂਬੇ ’ਚੋਂ ਬਾਲ ਭਿਖਿਆ ਦੀ ਭਿਆਨਕ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਮਾਜਿਕ ਸੁਰੱਖਿਆ ਵਿਭਾਗ ਦੀਆਂ ਜ਼ਿਲ੍ਹਾ ਭਲਾਈ ਟੀਮਾਂ ਲਗਾਤਾਰ ਆਪੋ-ਆਪਣੇ ਇਲਾਕਿਆਂ ਵਿੱਚ ਅਜਿਹੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਕੈਬਨਿਟ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਬੱਚੇ ਨੂੰ ਭੀਖ ਨਾ ਦੇਣ ਅਤੇ ਜੇ ਕਿਤੇ ਵੀ ਕੋਈ ਬੱਚਾ ਭੀਖ ਮੰਗਦਾ ਨਜ਼ਰ ਆਵੇ ਤਾਂ ਤੁਰੰਤ 1098 ਚਾਈਲਡ ਹੈਲਪ ਲਾਈਨ ’ਤੇ ਸੂਚਨਾ ਦਿੱਤੀ ਜਾਵੇ, ਤਾਂ ਜੋ ਉਸ ਬੱਚੇ ਨੂੰ ਤੁਰੰਤ ਸੁਰੱਖਿਆ, ਸੰਭਾਲ ਅਤੇ ਸੁਚੱਜਾ ਭਵਿੱਖ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਸਾਂਝਾ ਯਤਨ ਹੀ ਪੰਜਾਬ ਨੂੰ ਭਿਖਾਰੀ ਮੁਕਤ ਬਣਾਉਣ ਵਿੱਚ ਸਹਾਈ ਹੋਵੇਗਾ ਅਤੇ ਬੱਚਿਆਂ ਨੂੰ ਸਿੱਖਿਆ ਤੇ ਸੁਰੱਖਿਅਤ ਬਚਪਨ ਦਾ ਅਧਿਕਾਰ ਮਿਲ ਸਕੇਗਾ।

Advertisement