ਪੰਜਾਬ ਦੀਆਂ 22 ਕਿਸਾਨ ਜਥੇਬੰਦੀਆਂ ਵੱਲੋਂ ਚੋਣਾਂ ਲੜਨ ਦਾ ਐਲਾਨ : The Tribune India

ਪੰਜਾਬ ਦੀਆਂ 22 ਕਿਸਾਨ ਜਥੇਬੰਦੀਆਂ ਵੱਲੋਂ ਚੋਣਾਂ ਲੜਨ ਦਾ ਐਲਾਨ

‘ਸੰਯੁਕਤ ਸਮਾਜ ਮੋਰਚਾ’ ਪਾਰਟੀ ਬਣਾਈ; ‘ਆਪ’ ਨਾਲ ਚੋਣ ਗੱਠਜੋੜ ਦੇ ਆਸਾਰ

ਪੰਜਾਬ ਦੀਆਂ 22 ਕਿਸਾਨ ਜਥੇਬੰਦੀਆਂ ਵੱਲੋਂ ਚੋਣਾਂ ਲੜਨ ਦਾ ਐਲਾਨ

ਪੰਜਾਬ ’ਚ ਵਿਧਾਨ ਸਭਾ ਚੋਣਾਂ ਲੜਨ ਲਈ ਪਾਰਟੀ ਬਣਾਉਣ ਦਾ ਐਲਾਨ ਕਰਦੇ ਹੋਏ ਿਕਸਾਨ ਆਗੂ। -ਫੋਟੋ: ਮਨੋਜ ਮਹਾਜਨ

ਦਵਿੰਦਰ ਪਾਲ
ਚੰਡੀਗੜ੍ਹ, 25 ਦਸੰਬਰ

ਪੰਜਾਬ ਦੀਆਂ 22 ਕਿਸਾਨ ਜਥੇਬੰਦੀਆਂ ਨੇ ‘ਸੰਯੁਕਤ ਸਮਾਜ ਮੋਰਚੇ’ ਦੇ ਨਾਂ ਹੇਠ ਨਵੀਂ ਸਿਆਸੀ ਪਾਰਟੀ ਕਾਇਮ ਕਰਕੇ ਸੂਬੇ ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਇਨ੍ਹਾਂ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਅੱਜ ਇੱਥੇ ਬਲਦੇਵ ਸਿੰਘ ਨਿਹਾਲਗੜ੍ਹ ਦੀ ਪ੍ਰਧਾਨਗੀ ਹੇਠ ਮੀਟਿੰਗ ਮਗਰੋਂ ਸਿਆਸੀ ਤੌਰ ’ਤੇ ਕਿਸਮਤ ਅਜ਼ਮਾਉਣ ਦਾ ਫ਼ੈਸਲਾ ਕੀਤਾ ਹੈ। ਕਿਸਾਨ ਜਥੇਬੰਦੀਆਂ ਵੱਲੋਂ ਕਾਇਮ ਕੀਤੀ ਨਵੀਂ ਸਿਆਸੀ ਧਿਰ ਦਾ ਆਗੂ ਬਲਬੀਰ ਸਿੰਘ ਰਾਜੇਵਾਲ ਨੂੰ ਬਣਾਇਆ ਗਿਆ ਹੈ। ਸੂਤਰਾਂ ਦਾ ਦੱਸਣਾ ਹੈ ਕਿ ਇਸ ਨਵੀਂ ਪਾਰਟੀ ਦਾ ‘ਆਮ ਆਦਮੀ ਪਾਰਟੀ’ ਨਾਲ ਗੱਠਜੋੜ ਹੋਣ ਦੇ ਆਸਾਰ ਹਨ।

ਮੀਟਿੰਗ ਵਿੱਚ ਸ਼ਾਮਲ ਹੋਏ ਮਾਲਵੇ ਦੇ ਇੱਕ ਕਿਸਾਨ ਆਗੂ ਨੇ ਕਿਹਾ ਕਿ ਕਾਂਗਰਸ, ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਨਾਲ ਸਿਆਸੀ ਸਾਂਝ ਦੇ ਆਸਾਰ ਬਹੁਤ ਹੀ ਘੱਟ ਹਨ। ਚੋਣ ਮੈਦਾਨ ’ਚ ਉਤਰਨ ਸਬੰਧੀ ਆਖਰੀ ਐਲਾਨ ਕਰਨ ਤੋਂ ਪਹਿਲਾਂ ਦੋ ਦਰਜਨ ਦੇ ਕਰੀਬ ਆਗੂਆਂ ਨੇ ਤਕਰੀਬਨ ਤਿੰਨ ਘੰਟੇ ਮੀਟਿੰਗ ਕੀਤੀ। ਇਸ ਦੌਰਾਨ ਚੋਣ ਏਜੰਡਾ ਤੈਅ ਕਰਨ ਅਤੇ ਚੋਣ ਮੈਨੀਫੈਸਟੋ ਸਬੰਧੀ ਵੀ ਚਰਚਾ ਕੀਤੀ ਗਈ। ਸੰਯੁਕਤ ਕਿਸਾਨ ਮੋਰਚੇ ਦਾ ਹਿੱਸਾ ਰਹੀਆਂ ਇਹ ਜਥੇਬੰਦੀਆਂ ਜੋ ਚੋਣ ਮੈਦਾਨ ’ਚ ਨਿੱਤਰਨ ਲੱਗੀਆਂ ਹਨ, ਵੱਲੋਂ ਚੋਣ ਮੈਦਾਨ ’ਚੋਂ ਬਾਹਰ ਰਹਿਣ ਵਾਲੀਆਂ ਜਥੇਬੰਦੀਆਂ ਦੀ ਹਮਾਇਤ ਲੈਣ ਸਬੰਧੀ ਵੀ ਚਰਚਾ ਕੀਤੀ ਗਈ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਤਿੰਨ ਖੇਤੀ ਕਾਨੂੰਨ ਵਾਪਸ ਕਰਾਉਣ ਲਈ ਵਿੱਢੇ ਸੰਘਰਸ਼ ਦੀ ਜਿੱਤ ਤੋਂ ਬਾਅਦ ਜਥੇਬੰਦੀਆਂ ਦੇ ਆਗੂਆਂ ’ਤੇ ਯੂਨੀਅਨਾਂ ਦੇ ਵਰਕਰਾਂ ਅਤੇ ਲੋਕਾਂ ਦਾ ਭਾਰੀ ਦਬਾਅ ਹੈ ਕਿ ਚੋਣ ਰਣਨੀਤੀ ’ਚ ਕੁੱਦਿਆ ਜਾਵੇ। ਸ੍ਰੀ ਕਾਦੀਆਂ ਨੇ ਕਿਹਾ ਕਿ ਵਰਕਰਾਂ ਤੇ ਲੋਕਾਂ ਦੇ ਦਬਾਅ ਕਾਰਨ ਹੀ ਜਥੇਬੰਦੀਆਂ ਨੇ ਆਉਂਦੀਆਂ ਚੋਣਾਂ ਲੜਨ ਦਾ ਐਲਾਨ ਕੀਤਾ ਹੈ।ਉਨ੍ਹਾਂ ਕਿਹਾ ਕਿ ਨਵੀਂ ਸਿਆਸੀ ਪਾਰਟੀ ਦਾ ਨਾਮ ‘ਸੰਯੁਕਤ ਸਮਾਜ ਮੋਰਚਾ’ ਇਸ ਲਈ ਰੱਖਿਆ ਹੈ ਕਿਉਂਕਿ ਸੰਯੁਕਤ ਕਿਸਾਨ ਮੋਰਚੇ ਦੀ ਲੜਾਈ ਨੂੰ ਸਾਰੇ ਵਰਗਾਂ ਨੇ ਖੁੱਲ੍ਹੀ ਹਮਾਇਤ ਦਿੱਤੀ ਸੀ ਤੇ ਹੁਣ ਵੀ ਸਾਰੇ ਵਰਗਾਂ ਤੋਂ ਹਮਾਇਤ ਦੀ ਉਮੀਦ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਾਰਤੀ ਕਿਸਾਨ ਯੂਨੀਅਨ (ਡਕੌਂਦਾ), ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਅਤੇ ਮੇਜਰ ਸਿੰਘ ਪੁੰਨਾਵਾਲ ਦੀ ਅਗਵਾਈ ਹੇਠਲੀ ਕਿਸਾਨ ਜਥੇਬੰਦੀ ਵੀ ਇਸ ਨਵੀਂ ਸਿਆਸੀ ਧਿਰ ਦਾ ਹਿੱਸਾ ਬਣ ਸਕਦੀਆਂ ਹਨ। ਰਾਜੇਵਾਲ ਨੇ ਪੰਜਾਬ ਦੇ ਲੋਕਾਂ ਨੂੰ ਰਵਾਇਤੀ ਲੀਡਰਸ਼ਿਪ ਦੀਆਂ ਝੂਠੀਆਂ ਗੱਲਾਂ ’ਚ ਨਾ ਆਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਨਵਾਂ ਪੰਜਾਬ ਸਿਰਜਣ ਲਈ ਲੋਕਾਂ ਨੇ ਜਿਸ ਤਰ੍ਹਾਂ ਪਹਿਲਾਂ ਸਾਥ ਦਿੱਤਾ ਉਸੇ ਤਰ੍ਹਾਂ ਹੁਣ ਦੇਣ। ਉਨ੍ਹਾਂ ਕਿਹਾ ਕਿ ਮੌਕੇ ਮੁਤਾਬਕ ਪਹਿਲਾਂ ਵਾਲਾ ਫ਼ੈਸਲਾ ਵੀ ਦਰੁੱਸਤ ਸੀ ਤੇ ਹੁਣ ਵਾਲਾ ਫ਼ੈਸਲਾ ਵੀ ਠੀਕ ਹੈ। ਇਸ ਮੌਕੇ ਪ੍ਰੇਮ ਸਿੰਘ ਭੰਗੂ, ਕੁਲਵੰਤ ਸਿੰਘ ਸੰਧੂ, ਰੁਲਦੂ ਸਿੰਘ ਮਾਨਸਾ ਅਤੇ ਸੁਖਦਰਸ਼ਨ ਸਿੰਘ ਨੱਤ ਆਦਿ ਆਗੂ ਵੀ ਮੌਜੂਦ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

ਕਾਗਜ਼ੀ ਆਜ਼ਾਦੀ ਅਤੇ ਗੁਲਾਮੀ ਦੀਆਂ ਜੜ੍ਹਾਂ

ਕਾਗਜ਼ੀ ਆਜ਼ਾਦੀ ਅਤੇ ਗੁਲਾਮੀ ਦੀਆਂ ਜੜ੍ਹਾਂ

ਐੱਸਵਾਈਐੱਲ: ਪਾਣੀਆਂ ਦੀ ਵੰਡ ’ਚ ਵਿਤਕਰਾ

ਐੱਸਵਾਈਐੱਲ: ਪਾਣੀਆਂ ਦੀ ਵੰਡ ’ਚ ਵਿਤਕਰਾ

ਸ਼ਹਿਰ

View All