ਸਰਬਜੀਤ ਸਿੰਘ ਭੰਗੂ
ਪਟਿਆਲਾ, 30 ਅਪਰੈਲ
ਸਰਕਾਰੀ ਰਾਜਿੰਦਰਾ ਹਸਪਤਾਲ ਵਿਚ ਅੱਜ 26 ਹੋਰ ਕਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਹੁਣ ਤੱਕ ਹਸਪਤਾਲ ਵਿਚ ਸਾਢੇ ਤੇਰਾਂ ਸੌ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਮਰੀਜ਼ ਵੱਖ ਵੱਖ ਜ਼ਿਲ੍ਹਿਆਂ ਤੇ ਹੋਰਨਾਂ ਰਾਜਾਂ ਨਾਲ ਸਬੰਧਤ ਸਨ। ਪਿਛਲੇ 24 ਘੰਟਿਆਂ ਦੌਰਾਨ ਮੌਤ ਦੇ ਮੂੰਹ ਪਏ ਕਰੋਨਾ ਮਰੀਜ਼ਾਂ ਵਿਚੋਂ 9 ਦਾ ਸਬੰਧ ਪਟਿਆਲਾ ਨਾਲ ਹੈ ਜਦਕਿ 6 ਸੰਗਰੂਰ ਜ਼ਿਲ੍ਹੇ ਤੇ 4 ਫਤਿਹਗੜ੍ਹ ਸਾਹਿਬ ਜ਼ਿਲ੍ਹੇ ਤੋਂ ਸਨ। ਇਸੇ ਤਰ੍ਹਾਂ ਬਠਿੰਡਾ ਅਤੇ ਮੁਹਾਲੀ ਜ਼ਿਲ੍ਹਿਆਂ ਤੋਂ ਵੀ ਦੋ- ਦੋ ਮਰੀਜ਼ਾਂ ਦੀ ਮੌਤ ਹੋਈ ਹੈ। ਦੋ ਹੋਰ ਮ੍ਰਿਤਕ ਦਿੱਲੀ ਅਤੇ ਚੰਡੀਗੜ੍ਹ ਨਾਲ ਸਬੰਧਿਤ ਸਨ। ਰਾਜਿੰਦਰਾ ਹਸਪਤਾਲ ਵਿੱਚ ਪੰਜਾਬ ਤੋਂ ਬਾਹਰਲੇ ਰਾਜਾਂ ਦੇ ਮਰੀਜ਼ ਦਾਖਲ ਹੋਣ ਦੀ ਗੱਲ ਸਵੀਕਾਰ ਕਰਦਿਆਂ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਕਿਹਾ ਕਿ ਕਿਸੇ ਵੀ ਮਰੀਜ਼ ਨੂੰ ਦਾਖਲ ਹੋਣ ਤੋਂ ਜਵਾਬ ਨਹੀਂ ਦਿੱਤਾ ਜਾ ਸਕਦਾ।