ਪੰਜਾਬ ਦੇ ਲੋਕਾਂ ਨੂੰ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਦਸੰਬਰ ਮਹੀਨੇ ਤੋਂ ਮਿਲਣਾ ਸ਼ੁਰੂ ਹੋਵੇਗਾ ਪਰ ਇਸ ਯੋਜਨਾ ਲਈ ਤਰਨ ਤਾਰਨ ਤੇ ਬਰਨਾਲਾ ਜ਼ਿਲ੍ਹੇ ਵਿੱਚ ਰਜਿਸਟਰੇਸ਼ਨ ਦਾ ਕੰਮ ਜ਼ੋਰਾਂ ’ਤੇ ਚੱਲ ਰਿਹਾ ਹੈ। ਦੋਵਾਂ ਜ਼ਿਲ੍ਹਿਆਂ ਵਿੱਚ ਯੋਜਨਾ ਤਹਿਤ ਰਜਿਸਟਰੇਸ਼ਨ ਕਰਵਾਉਣ ਲਈ ਲੋਕਾਂ ਦੀਆਂ ਲੰਮੀਆਂ ਲਾਈਨਾਂ ਲੱਗੀਆਂ ਹੋਈਆਂ ਹਨ। ਜਾਣਕਾਰੀ ਅਨੁਸਾਰ ਹੁਣ ਤੱਕ 28,187 ਲੋਕਾਂ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਰਜਿਸਟਰੇਸ਼ਨ ਕਰਵਾਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਦੇ ਲੋਕਾਂ ਦਾ ਦਸ ਲੱਖ ਰੁਪਏ ਪ੍ਰਤੀ ਪਰਿਵਾਰ ਨਕਦੀ ਰਹਿਤ ਇਲਾਜ ਕਰਨ ਦਾ ਐਲਾਨ ਕੀਤਾ ਹੈ। ਇਸ ਯੋਜਨਾ ਲਈ ਪੰਜਾਬ ਵਿੱਚ 23 ਸਤੰਬਰ ਤੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਲਈ ਤਰਨ ਤਾਰਨ ਤੇ ਬਰਨਾਲਾ ਤੋਂ ਰਜਿਸਟਰੇਸ਼ਨ ਦਾ ਕਾਰਜ ਸ਼ੁਰੂ ਹੋ ਗਿਆ ਸੀ। ਸਰਕਾਰ ਦਾ ਦਾਅਵਾ ਸੀ ਕਿ ਇਨ੍ਹਾਂ ਦੋ ਜ਼ਿਲ੍ਹਿਆਂ ਮਗਰੋਂ ਹੋਰਨਾਂ ਜ਼ਿਲ੍ਹਿਆਂ ਵਿੱਚ ਰਜਿਸਟਰੇਸ਼ਨ ਕੀਤੀ ਜਾਵੇਗੀ।