ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 25 ਦਸੰਬਰ
328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਚਾਰ ਨਵੰਬਰ ਤੋਂ ਅਣਮਿਥੇ ਸਮੇਂ ਦਾ ਧਰਨਾ ਲਾ ਕੇ ਬੈਠੀਆਂ ਸਿੱਖ ਜਥੇਬੰਦੀਆਂ ਸਿੱਖ ਸਦਭਾਵਨਾ ਦਲ ਅਤੇ ਅਕਾਲ ਬੁੰਗਾ ਦੇ ਨੁਮਾਇੰਦਿਆਂ ਨੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਲਈ ਕਾਂਗਰਸ ਸਰਕਾਰ ਦੇ ਮੰਤਰੀਆਂ ਦੇ ਘਰਾਂ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ।
ਜਥੇਬੰਦੀ ਦੇ ਮੁਖੀ ਭਾਈ ਬਲਦੇਵ ਸਿੰਘ ਵਡਾਲਾ ਨੇ ਆਖਿਆ ਕਿ ਉਹ ਦੋਸ਼ੀਆਂ ਖ਼ਿਲਾਫ਼ ਕਾਰਵਾਈ ਅਤੇ ਮਾਮਲੇ ਦੀ ਜਾਂਚ ਦੀ ਮੰਗ ਸਬੰਧੀ ਪਿਛਲੇ 52 ਦਿਨਾਂ ਤੋਂ ਹੈਰੀਟੇਜ ਸਟਰੀਟ ਵਿੱਚ ਅਣਮਿੱਥੇ ਸਮੇਂ ਦਾ ਧਰਨਾ ਲਾ ਕੇ ਬੈਠੇ ਹਨ ਪਰ ਸਰਕਾਰ ਵੱਲੋਂ ਹਾਲੇ ਤਕ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਉਹ ਪਿੰਡ-ਪਿੰਡ ਜਾ ਕੇ ਕਾਂਗਰਸ ਸਰਕਾਰ ਦੇ ਮੰਤਰੀਆਂ ਦੇ ਘਰਾਂ ਦਾ ਘਿਰਾਓ ਕਰਨ ਲਈ ਪੰਥਕ ਸੱਦਾ ਦੇਣਗੇ, ਜਿਸ ਤਹਿਤ 28 ਦਸੰਬਰ ਨੂੰ ਕਾਦੀਆਂ ਵਿੱਚ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਘਰ ਅੱਗੇ, 30 ਦਸੰਬਰ ਨੂੰ ਸੁਖਬਿੰਦਰ ਸਿੰਘ ਸੁਖ ਸਰਕਾਰੀਆ, 31 ਦਸੰਬਰ ਨੂੰ ਰੋਪੜ ਵਿੱਚ ਸਪੀਕਰ ਕੇਪੀ ਰਾਣਾ ਦੇ ਘਰ, 3 ਜਨਵਰੀ ਨੂੰ ਸੰਗਰੂਰ ਵਿੱਚ ਵਿਜੈਇੰਦਰ ਸਿੰਗਲਾ, 4 ਜਨਵਰੀ ਨੂੰ ਪਿੰਡ ਬਾਦਲ ਵਿੱਚ ਮਨਪ੍ਰੀਤ ਸਿੰਘ ਬਾਦਲ, 6 ਜਨਵਰੀ ਨੂੰ ਅੰਮ੍ਰਿਤਸਰ ਦੇ ਪੁਲੀਸ ਕਮਿਸ਼ਨਰ ਅਤੇ 7 ਜਨਵਰੀ ਨੂੰ ਓਪੀ ਸੋਨੀ, 12 ਜਨਵਰੀ ਨੂੰ ਲੁਧਿਆਣਾ ਵਿੱਚ ਭਾਰਤ ਭੂਸ਼ਣ ਆਸ਼ੂ, 13 ਜਨਵਰੀ ਨੂੰ ਬਰਨਾਲਾ ਵਿੱਚ ਬਲਬੀਰ ਸਿੰਘ ਸਿੱਧੂ, 21 ਜਨਵਰੀ ਨੂੰ ਖਰੜ ਵਿੱਚ ਚਰਨਜੀਤ ਸਿੰਘ ਚੰਨੀ ਅਤੇ 22 ਜਨਵਰੀ ਨੂੰ ਪਟਿਆਲਾ ਵਿੱਚ ਸ੍ਰੀ ਬ੍ਰਹਮ ਮਹਿੰਦਰਾ ਦੇ ਘਰ ਅੱਗੇ ਧਰਨਾ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਬੀਤੇ ਦਿਨ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਦੇ ਬਾਹਰ ਘਿਰਾਓ ਕਰਕੇ ਪੰਥਕ ਹੋਕਾ ਦਿੱਤਾ ਜਾ ਚੁੱਕਾ ਹੈ।