ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਪੰਜਾਬ ਵਿੱਚ ਚੋਣ ਜ਼ਾਬਤੇ ਦੌਰਾਨ ਵੱਖ-ਵੱਖ ਐਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 6 ਫਰਵਰੀ ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 365.52 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ। ਪੰਜਾਬ ਦੇ ਮੁੱਖ ਚੋਣ ਅਫਸਰ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਨਿਗਰਾਨ ਟੀਮਾਂ ਨੇ 23.09 ਕਰੋੜ ਰੁਪਏ ਦੀ 40.75 ਲੱਖ ਲਿਟਰ ਸ਼ਰਾਬ ਜ਼ਬਤ ਕੀਤੀ ਹੈ। ਐਨਫੋਰਸਮੈਂਟ ਵਿੰਗਾਂ ਵੱਲੋਂ 312.81 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 24.15 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ। ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1323 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਕੁੱਲ 3,90,275 ਲਾਇਸੈਂਸੀ ਹਥਿਆਰਾਂ ਵਿੱਚੋਂ ਹੁਣ ਤੱਕ 3,78,274 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ ਜਦਕਿ, ਸੂਬੇ ਵਿੱਚ 97 ਬਿਨਾਂ ਲਾਇਸੈਂਸ ਵਾਲੇ ਹਥਿਆਰ ਜ਼ਬਤ ਕੀਤੇ ਗਏ ਹਨ।