ਅਬੋਹਰ ਦੇ ਪਿੰਡ ਬਜ਼ੀਦਪੁਰ ’ਚ 37 ਸਾਲਾ ਵਿਅਕਤੀ ਵੱਲੋਂ ਖ਼ੁਦਕੁਸ਼ੀ
ਇਥੋਂ 30 ਕਿਲੋਮੀਟਰ ਦੂਰ ਸਥਿਤ ਪਿੰਡ ਬਜ਼ੀਦਪੁਰ ਭੋਮਾ ਵਿੱਚ 37 ਸਾਲਾ ਵਿਅਕਤੀ ਨੇ ਸ਼ੁੱਕਰਵਾਰ ਸ਼ਾਮੀਂ ਆਪਣੇ ਲਾਇਸੈਂਸੀ ਪਿਸਤੌਲ ਨਾਲ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਸੂਚਨਾ ਮਿਲਣ ’ਤੇ ਪੁਲੀਸ ਮੌਕੇ ’ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ। ਮ੍ਰਿਤਕ ਦੀ ਪਛਾਣ ਸੰਦੀਪ ਸਿੰਘ ਬਰਾੜ ਵਜੋਂ ਹੋਈ ਹੈ।
ਸੂਤਰਾਂ ਨੇ ਦੱਸਿਆ ਕਿ ਪਰਿਵਾਰ ਦੇ ਬਹੁਤੇ ਮੈਂਬਰ ਵਿਦੇਸ਼ ਵਿੱਚ ਰਹਿੰਦੇ ਹਨ। ਸੰਦੀਪ ਸਿੰਘ ਬਰਾੜ ਦਾ ਆਪਣੀ ਪਤਨੀ ਨਾਲ ਸਾਲ 2016 ਵਿੱਚ ਤਲਾਕ ਹੋ ਗਿਆ ਸੀ। ਉਦੋਂ ਤੋਂ ਉਹ ਮਾਨਸਿਕ ਤੌਰ ’ਤੇ ਪਰੇਸ਼ਾਨ ਰਹਿਣ ਲੱਗ ਪਿਆ। ਕਥਿਤ ਤੌਰ ’ਤੇ ਉਸ ਨੇ ਸ਼ੁੱਕਰਵਾਰ ਦੇਰ ਸ਼ਾਮ ਘਰ ਵਿੱਚ ਲਾਇਸੈਂਸੀ ਪਿਸਤੌਲ ਨਾਲ ਆਪਣੇ ਸਿਰ ਵਿੱਚ ਗੋਲੀ ਮਾਰ ਲਈ। ਨੇੜਲੇ ਲੋਕ ਉਸ ਨੂੰ ਫੌਰੀ ਅਬੋਹਰ ਦੇ ਸਰਕਾਰੀ ਹਸਪਤਾਲ ਲੈ ਗਏ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮੌਕੇ ’ਤੇ ਪੁੱਜੀ ਪੁਲੀਸ ਵੱਲੋਂ ਪਿੰਡ ਵਾਸੀਆਂ ਅਤੇ ਰਿਸ਼ਤੇਦਾਰਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
