ਲੋਕ ਸਭਾ ਵਿੱਚ ‘ਆਪ’ ਦਾ ਖਾਤਾ ਬੰਦ

ਲੋਕ ਸਭਾ ਵਿੱਚ ‘ਆਪ’ ਦਾ ਖਾਤਾ ਬੰਦ

ਨਿੱਜੀ ਪੱਤਰ ਪ੍ਰੇਰਕ

ਸੰਗਰੂਰ, 26 ਜੂਨ

ਸੰਗਰੂਰ ਸੰਸਦੀ ਹਲਕੇ ਦੀ ਉਪ ਚੋਣ ਹਾਰਨ ਮਗਰੋਂ ਆਮ ਆਦਮੀ ਪਾਰਟੀ ਦਾ ਜਿੱਥੇ ਲੋਕ ਸਭਾ ’ਚ ਖਾਤਾ ਬੰਦ ਹੋ ਗਿਆ ਹੈ, ਉਥੇ ਪੰਜਾਬ ਦੀ ਸੱਤਾ ’ਤੇ ਕਾਬਜ਼ ‘ਆਪ’  ਸੌ ਦਿਨ ਦੀ ਕਾਰਗੁਜ਼ਾਰੀ ਮਗਰੋਂ ਆਪਣੇ ਪਲੇਠੇ ਇਮਤਿਹਾਨ ਵਿੱਚ ਮਾਤ ਖਾ ਗਈ ਹੈ। ਸੰਗਰੂਰ ਲੋਕ ਸਭਾ ਹਲਕੇ ਤੋਂ ਸਾਲ 2014 ਦੀ ਚੋਣ ਵਿੱਚ ‘ਆਪ’ ਉਮੀਦਵਾਰ ਭਗਵੰਤ ਮਾਨ ਨੇ 2,11,721 ਵੋਟਾਂ ਦੇ ਵੱਡੇ ਫ਼ਰਕ ਨਾਲ ਜਿੱਤ ਪ੍ਰਾਪਤ ਕੀਤੀ ਸੀ। ਸਾਲ 2019 ਦੀ ਚੋਣ ਮੌਕੇ ਭਗਵੰਤ ਮਾਨ ਨੇ ਮੁੜ 1,10,211 ਵੋਟਾਂ ਨਾਲ ਜਿੱਤ ਦੇ ਝੰਡੇ ਬੁਲੰਦ ਰੱਖੇ। ਫਰਵਰੀ ਮਹੀਨੇ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ 92 ਸੀਟਾਂ ਜਿੱਤ ਕੇ ਸੂਬੇ ਦੀ ਸੱਤਾ ’ਤੇ ਕਾਬਜ਼ ਹੋਈ ਅਤੇ ਭਗਵੰਤ ਮਾਨ ਮੁੱਖ ਮੰਤਰੀ ਬਣੇ ਸਨ। ਉਨ੍ਹਾਂ ਦੇ ਅਸਤੀਫਾ ਦੇਣ ਨਾਲ ਸੰਗਰੂਰ ਲੋਕ ਸਭਾ ਸੀਟ ਖਾਲੀ ਹੋਈ ਸੀ ਜਿੱਥੋਂ ਅੱਜ ਆਏ ਚੋਣ ਨਤੀਜਿਆਂ ਵਿੱਚ ‘ਆਪ’ ਉਮੀਦਵਾਰ ਦੀ ਹਾਰ ਹੋਣ ਨਾਲ ਪਾਰਟੀ ਦੀ ਲੋਕ ਸਭਾ ’ਚ ਨੁਮਾਇੰਦਗੀ ਖਤਮ ਹੋ ਗਈ ਹੈ। ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸੰਗਰੂਰ ਸੰਸਦੀ ਹਲਕੇ ਵਿੱਚ ਪੈਂਦੇ 9 ਵਿਧਾਨ ਸਭਾ ਹਲਕਿਆਂ ਸੰਗਰੂਰ, ਧੂਰੀ, ਸੁਨਾਮ, ਦਿੜਬਾ, ਲਹਿਰਾਗਾਗਾ, ਮਾਲੇਰਕੋਟਲਾ, ਮਹਿਲ ਕਲਾਂ, ਬਰਨਾਲਾ ਅਤੇ ਭਦੌੜ ਵਿੱਚ ਹੂੰਝਾ ਫੇਰ ਜਿੱਤ ਪ੍ਰਾਪਤ ਕੀਤੀ ਸੀ, ਜਿਸ ਕਾਰਨ ਸੰਗਰੂਰ ਸੰਸਦੀ ਹਲਕੇ ਨੂੰ ‘ਆਪ’ ਦਾ ਗੜ੍ਹ ਮੰਨਿਆ ਜਾਂਦਾ ਸੀ। ਕੁਝ ਦਿਨ ਪਹਿਲਾਂ ਹੀ ਚੋਣ ਪ੍ਰਚਾਰ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਸੰਗਰੂਰ  ਦੀ ਧਰਤੀ ਇਨਕਲਾਬੀ ਹੈ, ਜਿੱਥੋਂ ਦੇ ਲੋਕ ਪੂਰੇ ਦੇਸ਼ ਵਿੱਚ ਬਦਲਾਅ ਲਿਆਉਣ ਲਈ ਜਾਣੇ ਜਾਂਦੇ ਹਨ। ਇਸ ਸਾਲ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਵਿੱਚ ਜਿਹੜਾ ਇਨਕਲਾਬ ਆਇਆ ਹੈ, ਉਸ ਦੀ ਸ਼ੁਰੂਆਤ ਵੀ 2014 ਵਿੱਚ ਸੰਗਰੂਰ ਦੇ ਲੋਕਾਂ ਨੇ ਹੀ ਕੀਤੀ ਸੀ। ਹੁਣ ਮੌਜੂਦਾ ਉਪ ਚੋਣ ’ਚ ਵੀ ਸੰਗਰੂਰ ਵਾਸੀਆਂ ਨੇ ‘ਆਪ’ ਨੂੰ ਸਿਆਸੀ ਝਟਕਾ ਦਿੱਤਾ ਹੈ। ਸੰਸਦੀ ਉੱਪ ਚੋਣ ਵਿੱਚ ਆਮ ਆਦਮੀ ਪਾਰਟੀ ਚਾਰ ਵਿਧਾਨ ਸਭਾ ਹਲਕਿਆਂ ਤੋਂ ਚੋਣ ਹਾਰ ਗਈ ਹੈ। ਇਨ੍ਹਾਂ ਚਾਰ ਹਲਕਿਆਂ ਮਾਲੇਰਕੋਟਲਾ, ਭਦੌੜ, ਬਰਨਾਲਾ ਅਤੇ ਦਿੜ੍ਹਬਾ ਤੋਂ ਸਿਮਰਨਜੀਤ ਸਿੰਘ ਮਾਨ ਕਰੀਬ 25 ਹਜ਼ਾਰ ਦੀ ਲੀਡ ਲੈਣ ਵਿੱਚ ਸਫ਼ਲ ਰਹੇ। ‘ਆਪ’ ਸਰਕਾਰ ਦੀ 100 ਦਿਨ ਦੀ ਕਾਰਗੁਜ਼ਾਰੀ ਦੇ ਹੱਕ ਵਿਚ ਸੰਗਰੂਰ ਹਲਕੇ ਦੇ ਲੋਕਾਂ ਨੇ ਫ਼ਤਵਾ ਨਹੀਂ ਦਿੱਤਾ ਕਿਉਂਕਿ ਸਰਕਾਰ ਦੇ 100 ਦਿਨਾਂ ਦੌਰਾਨ ਹੀ ਵੱਡੀ ਗਿਣਤੀ ’ਚ ਬੇਰੁਜ਼ਗਾਰ ਜਥੇਬੰਦੀਆਂ ਸੜਕਾਂ ’ਤੇ ਉਤਰੀਆਂ। ਟੈਂਕੀਆਂ ’ਤੇ ਚੜ੍ਹ ਕੇ ਪ੍ਰਦਰਸ਼ਨ ਹੋਏ ਅਤੇ ਮੁੱਖ ਮੰਤਰੀ ਦੀ ਕੋਠੀ ਅੱਗੇ ਪੱਕੇ ਮੋਰਚੇ ਚੱਲਦੇ ਰਹੇ। ਸੰਸਦੀ ਚੋਣ ਦੇ ਪ੍ਰਚਾਰ ਦੌਰਾਨ ਅਰਵਿੰਦ ਕੇਜਰੀਵਾਲ ਦੇ ਰੋਡ ਸ਼ੋਅ ਤੋਂ ਪਹਿਲਾਂ ਭਾਵੇਂ ਸਾਰੀਆਂ ਬੇਰੁਜ਼ਗਾਰ ਜਥੇਬੰਦੀਆਂ ਨਾਲ ਮੁੱਖ ਮੰਤਰੀ ਨੇ ਮੀਟਿੰਗਾਂ ਕਰਕੇ ਮੰਗਾਂ ਦੇ ਹੱਲ ਦਾ ਭਰੋਸਾ ਦਿੱਤਾ ਸੀ ਪਰ ਮਸਲੇ ਜਿਉਂ ਦੇ ਤਿਉਂ ਹੋਣ ਕਾਰਨ ਬੇਰੁਜ਼ਗਾਰਾਂ ਵਿੱਚ ਸਰਕਾਰ ਪ੍ਰਤੀ ਰੋਸ ਹੈ। 

ਲੋਕਾਂ ਵਿੱਚੋਂ ਹਾਂ ਤੇ ਲੋਕਾਂ ’ਚ ਰਹਾਂਗੇ: ਕੰਗ

ਚੰਡੀਗੜ੍ਹ (ਟਨਸ): ‘ਆਪ’ ਪੰਜਾਬ ਦੇ ਪ੍ਰਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ‘ਆਪ’ ਉਮੀਦਵਾਰ ਗੁਰਮੇਲ ਸਿੰਘ ਬਹੁਤ ਹੀ ਸਖਤ ਮੁਕਾਬਲੇ ਵਿੱਚ ਹਾਰੇ ਹਨ। ਸ੍ਰੀ ਕੰਗ ਨੇ ਦਾਅਵਾ ਕੀਤਾ ਕਿ ‘ਆਪ’ ਨੂੰ ਸਾਲ 2019 ਦੀਆਂ ਲੋਕ ਸਭਾ ਚੋਣਾਂ ਮੁਕਾਬਲੇ ਸਿਰਫ਼ 2 ਫ਼ੀਸਦ ਵੋਟਾਂ ਘਟੀਆਂ ਹਨ, ਜਦਕਿ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਹੋ ਗਈਆਂ ਹਨ। ਸ੍ਰੀ ਕੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਜਿੱਤ-ਹਾਰ ਤੋਂ ਘਬਰਾਉਣ ਵਾਲੀ ਨਹੀਂ ਹੈ। ਅਸੀਂ ਆਮ ਲੋਕਾਂ ’ਚੋਂ ਹਾਂ ਅਤੇ ਲੋਕਾਂ ਵਿਚ ਰਹਾਂਗੇ। ਉਨ੍ਹਾਂ ਕਿਹਾ ਕਿ ਉਹ ਇਸ ਚੋਣ ਤੋਂ ਸਬਕ ਸਿੱਖਣਗੇ ਤੇ ਭਵਿੱਖ ਵਿੱਚ ਪੰਜਾਬ ਦੇ ਲੋਕਾਂ ਲਈ ਹੋਰ ਮਿਹਨਤ ਨਾਲ ਕੰਮ ਕਰਾਂਗੇ।

ਦਿੱਲੀ ਦੇ ਦਖ਼ਲ ਕਾਰਨ ‘ਆਪ’ ਜ਼ਿਮਨੀ ਚੋਣ ਹਾਰੀ: ਡਾ. ਗਾਂਧੀ

ਪਟਿਆਲਾ (ਪੱਤਰ ਪ੍ਰੇਰਕ): ਸਾਬਕਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਸੰਗਰੂਰ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਹੋਈ ਹਾਰ ਸਬੰਧੀ ਕਿਹਾ ਕਿ ਸੰਗਰੂਰ ਦੇ ਲੋਕਾਂ ਨੇ ਪੰਜਾਬ ਸਰਕਾਰ ਵਿੱਚ ਦਿੱਲੀ ਦੀ ਦਖ਼ਲਅੰਦਾਜ਼ੀ ਨੂੰ ਹਰਾਇਆ ਹੈ। ਉਨ੍ਹਾਂ ਕਿਹਾ ਕਿ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਹੁਕਮਾਂ ’ਤੇ ਪੰਜਾਬ ਦੇ ਮਾਮਲਿਆਂ ਵਿੱਚ ਰਾਘਵ ਚੱਢਾ ਦੀ ਦਖ਼ਲਅੰਦਾਜ਼ੀ ਲੋਕਾਂ ਨੂੰ ਰੜਕ ਰਹੀ ਹੈ। ਗਾਂਧੀ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਮਗਰੋਂ ਹੁਣ ਲੋਕ ਸਭਾ ਵਿੱਚ ਆਮ ਆਦਮੀ ਪਾਰਟੀ ਦਾ ਇਕ ਵੀ ਮੈਂਬਰ ਨਹੀਂ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਲੋਕ ਸਭਾ ਹਲਕਾ ਸੰਗਰੂਰ ਵਿੱਚ ‘ਆਪ’ ਦੋ ਮੰਤਰੀਆਂ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਵਿੱਚੋਂ ਬੁਰੀ ਤਰ੍ਹਾਂ ਹਾਰੀ ਹੈ।

ਅਕਾਲੀ ਦਲ ਤੇ ਕਾਂਗਰਸ ਦੇ ਵੋਟ ਫ਼ੀਸਦ ਨੂੰ ਲੱਗਿਆ ਖੋਰਾ

ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਵਿੱਚ ਨੌਜਵਾਨ ਵਰਗ ਨੇ ਵੱਡੀ ਭੂਮਿਕਾ ਰਹੀ ਹੈ। ਮਰਹੂਮ ਅਦਾਕਾਰ ਦੀਪ ਸਿੱਧੂ ਦੀ ਸੜਕ ਹਾਦਸੇ ’ਚ ਮੌਤ ਅਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀਆਂ ਘਟਨਾਵਾਂ ਮਗਰੋਂ ਨੌਜਵਾਨ ਵਰਗ ਦਾ ਝੁਕਾਅ ਸਿਮਰਨਜੀਤ ਸਿੰਘ ਮਾਨ ਵੱਲ ਹੋਇਆ, ਜੋ ਮਾਨ ਦੀ ਜਿੱਤ ਦਾ ਕਾਰਨ ਮੰਨਿਆ ਜਾ ਰਿਹਾ ਹੈ। ਭਾਵੇਂ ਕਿ ਸਾਲ 2019 ਦੇ ਮੁਕਾਬਲੇ ‘ਆਪ’ ਦੀ ਵੋਟ ਕਰੀਬ 2.5 ਫੀਸਦੀ ਹੀ ਘਟੀ ਹੈ ਪਰ ਅਕਾਲੀ ਦਲ ਦੀ ਵੋਟ 23.8 ਫੀਸਦੀ ਤੋਂ ਘਟ ਕੇ ਸਿਰਫ਼ 6.25 ਰਹਿ ਗਈ ਹੈ। ਭਾਵ ਕਿ ਅਕਾਲੀ ਦਲ ਦੀਆਂ 17 ਫੀਸਦੀ ਵੋਟਾਂ ਨੂੰ ਖੋਰਾ ਲੱਗਿਆ ਹੈ। ਇਸੇ ਤਰ੍ਹਾਂ 2019 ਵਿੱਚ ਕਾਂਗਰਸ ਦੀ ਵੋਟ 27.4 ਫੀਸਦੀ ਸੀ, ਜੋ  ਹੁਣ 11.21 ਫੀਸਦੀ ਰਹਿ ਗਈ ਹੈ। ਸਿਮਰਨਜੀਤ ਸਿੰਘ ਮਾਨ ਨੂੰ 2019 ਦੀ ਸੰਸਦੀ ਚੋਣ ਵਿੱਚ ਸਿਰਫ਼ 4.37 ਫੀਸਦੀ ਵੋਟਾਂ ਮਿਲੀਆਂ ਸੀ, ਜਦਕਿ ਹੁਣ 35.61 ਫੀਸਦੀ ਵੋਟਾਂ ਮਿਲੀਆਂ ਹਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਉੜੀਸਾ ਦੇ ਲੋਕ ‘ਅੱਛੇ ਦਿਨ’ ਮਹਿਸੂਸ ਕਰ ਰਹੇ ਨੇ: ਸ਼ਾਹ

ਉੜੀਸਾ ਦੇ ਲੋਕ ‘ਅੱਛੇ ਦਿਨ’ ਮਹਿਸੂਸ ਕਰ ਰਹੇ ਨੇ: ਸ਼ਾਹ

ਕੇਂਦਰੀ ਗ੍ਰਹਿ ਮੰਤਰੀ ਸ਼ਿਵ ਮੰਦਰ ’ਚ ਹੋਏ ਨਤਮਸਤਕ; ਨੇਤਾਜੀ ਸੁਭਾਸ਼ ਚੰਦਰ...

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਖੇਡਾਂ ਦੇ ਸਮਾਪਤੀ ਸਮਾਰੋਹ ’ਚ ਸ਼ਰਤ ਕਮਲ ਤੇ ਨਿਖਤ ਜ਼ਰੀਨ ਹੋਣਗੇ ਭਾਰਤੀ ...

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਮੰਤਰੀ ਨੇ ਬਿੱਲ ਨੂੰ ਸਥਾਈ ਕਮੇਟੀ ਨੂੰ ਭੇਜਣ ਦੀ ਅਪੀਲ ਕੀਤੀ

ਸ਼ਹਿਰ

View All