ਅੰਮ੍ਰਿਤਸਰ (ਜਗਤਾਰ ਸਿੰਘ ਲਾਂਬਾ): ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਇੱਥੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਹਰ ਫਰੰਟ ’ਤੇ ਫੇਲ੍ਹ ਸਰਕਾਰ ਕਰਾਰ ਦਿੰਦਿਆਂ ਕਿਹਾ ਕਿ ਉਸ ਵੱਲੋਂ ਸਿਆਸੀ ਬਦਲਾਖੋਰੀ ਦੀ ਭਾਵਨਾ ਤਹਿਤ ਕਾਂਗਰਸੀ ਆਗੂਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਹ ਅੱਜ ਸ਼ਾਮ ਇੱਥੇ ਕਾਂਗਰਸ ਦੇ ਸਾਬਕਾ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਵੱਲੋਂ ਮਨਾਏ ਦਸਹਿਰੇ ਦੇ ਤਿਉਹਾਰ ਵਿੱਚ ਸ਼ਾਮਲ ਹੋਣ ਲਈ ਪੁੱਜੇ ਸਨ। ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓਐੱਸਡੀ ਸੰਦੀਪ ਸੰਧੂ ਖ਼ਿਲਾਫ਼ ਮਾਮਲੇ ਬਾਰੇ ਸ੍ਰੀ ਵੜਿੰਗ ਕਿਹਾ ਕਿ ‘ਆਪ’ ਸਰਕਾਰ ਵੱਲੋਂ ਸਿਆਸੀ ਬਦਲਾਖੋਰੀ ਦੀ ਭਾਵਨਾ ਤਹਿਤ ਕਾਂਗਰਸੀ ਆਗੂਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਧਰਮਵੀਰ ਗਾਂਧੀ ਦੀ ਕਾਂਗਰਸ ਵਿੱਚ ਸ਼ਮੂਲੀਅਤ ਦੀ ਚਰਚਾ ਬਾਰੇ ਪਾਰਟੀ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਅਜਿਹਾ ਕੁਝ ਨਹੀਂ ਕਿਹਾ ਪਰ ਉਹ ਅਤੇ ਉਨ੍ਹਾਂ ਵਰਗੇ ਹੋਰ ਆਗੂਆਂ ਦਾ ਕਾਂਗਰਸ ਵਿੱਚ ਆਉਣ ’ਤੇ ਸਵਾਗਤ ਹੈ।