ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 9 ਅਗਸਤ
‘ਆਪ’ ਨੇ ਵਿਰੋਧੀ ਧਿਰ ਦੇ ਨੇਤਾਵਾਂ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਭਾਜਪਾ, ਅਕਾਲੀ ਦਲ ਅਤੇ ਕਾਂਗਰਸ ਦਾ ਅਸਲ ਪੰਜਾਬੀ ਵਿਰੋਧੀ ਪੱਖ ਇਕ ਵਾਰ ਫਿਰ ਬੇਨਕਾਬ ਹੋ ਗਿਆ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਣੇ ਕਿਸੇ ਵੀ ਵਿਰੋਧੀ ਧਿਰ ਦੇ ਸੰਸਦ ਮੈਂਬਰ ਨੇ ਮੌਨਸੂਨ ਸੈਸ਼ਨ ਵਿੱਚ ਪੰਜਾਬ ਦੇ ਇੱਕ ਵੀ ਮੁੱਦੇ ’ਤੇ ਗੱਲ ਨਹੀਂ ਕੀਤੀ। ਪਾਰਟੀ ਦੇ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਚੰਡੀਗੜ੍ਹ ’ਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ‘ਆਪ’ ਦੇ ਸੰਸਦ ਮੈਂਬਰਾਂ ਨੇ ਪੰਜਾਬ ਪੱਖੀ ਕਈ ਮੁੱਦੇ ਸਦਨ ’ਚ ਉਠਾਏ। ਸ੍ਰੀ ਕੰਗ ਨੇ ਕਿਹਾ ਕਿ ਸੁਖਬੀਰ ਬਾਦਲ ਆਪਣੇ ਆਪ ਨੂੰ ‘ਪੰਜਾਬ ਹਿਤੈਸ਼ੀ’ ਹੋਣ ਦਾ ਦਾਅਵਾ ਕਰਦੇ ਹਨ, ਪਰ ਲੋਕ ਸਭਾ ਵਿੱਚ ਉਨ੍ਹਾਂ ਦੀ ਹਾਜ਼ਰੀ ਸਿਰਫ਼ 15 ਫ਼ੀਸਦ ਹੈ। ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ, ਮੁਹੰਮਦ ਸਦੀਕ ਤੇ ਸੰਨੀ ਦਿਓਲ ਨੇ ਕੋਈ ਮੁੱਦਾ ਨਹੀਂ ਉਠਾਇਆ।