ਗੁਰਦੀਪ ਸਿੰਘ ਲਾਲੀ
ਸੰਗਰੂਰ, 23 ਸਤੰਬਰ
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ ਸਬੰਧਤ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੈਂਬਰਾਂ ਨੇ ਅੱਜ ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੱਖਰੀ ਮਾਨਤਾ ਮਿਲਣ ਲਈ ਬਾਦਲ ਪਰਿਵਾਰ ਦੀਆਂ ਪੰਥ ਵਿਰੋਧੀ ਨੀਤੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰ ਮਿੱਠੂ ਸਿੰਘ ਕਾਹਨੇਕੇ, ਨਿਰਵੈਰ ਸਿੰਘ ਜੌਹਲਾਂ, ਜੈਪਾਲ ਸਿੰਘ ਮੰਡੀਆ, ਹਰਦੇਵ ਸਿੰਘ ਰੋਗਲਾ, ਭਾਈ ਮਲਕੀਤ ਸਿੰਘ ਚੰਗਾਲ ਤੇ ਰਾਮਪਾਲ ਸਿੰਘ ਬਹਿਣੀਵਾਲ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਬਾਦਲ ਪਰਿਵਾਰ ਦਾ ਮੋਹ ਛੱਡ ਕੇ ਪੰਥ ਦੇ ਭਲੇ ਲਈ ਸਿੱਖ ਪੰਥ ਦੀ ਸਹੀ ਅਗਵਾਈ ਕਰਨ ਤਾਂ ਜੋ ਪੰਥਕ ਏਕਤਾ ਸੰਭਵ ਹੋ ਸਕੇ।
ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਕਿਹਾ ਕਿ ਬਾਦਲ ਪਰਿਵਾਰ ਦੀ ਅਗਵਾਈ ਹੇਠ ਚੱਲੀ ਆ ਰਹੀ ਸ਼੍ਰੋਮਣੀ ਕਮੇਟੀ ਨੇ ਆਪਣੇ ਮੈਂਬਰਾਂ ਦੀਆਂ ਭਾਵਨਾਵਾਂ ਤੇ ਸਮੱਸਿਆਵਾਂ ਵੱਲ ਉੱਕਾ ਧਿਆਨ ਨਹੀਂ ਦਿੱਤਾ, ਜਿਸ ਕਰਕੇ ਹਰਿਆਣਾ ਦੇ ਸਿੱਖ ਭਾਈਚਾਰੇ ਨੂੰ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੰਗ ਉਠਾਉਣੀ ਪਈ। ਇਸੇ ਤਰ੍ਹਾਂ ਬਾਦਲ ਪਰਿਵਾਰ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਨਿੱਜੀ ਸਿਆਸੀ ਹਿੱਤਾਂ ਲਈ ਵਰਤਣ ਕਾਰਨ ਦਿੱਲੀ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੋਂਦ ਵਿੱਚ ਆਈ। ਸ੍ਰੀ ਕਾਹਨੇਕੇ ਨੇ ਕਿਹਾ ਕਿ ਜੇਕਰ ਹਰਿਆਣਾ ਦੇ ਸਿੱਖਾਂ ਤੇ ਸ਼੍ਰੋਮਣੀ ਕਮੇਟੀ ਮੈਬਰਾਂ ਦੀਆਂ ਸਮਸਿਆਵਾਂ ਵੱਲ ਧਿਆਨ ਦਿੱਤਾ ਜਾਂਦਾ ਤਾਂ ਕਦੇ ਵੱਖਰੀ ਕਮੇਟੀ ਨਾ ਬਣਦੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਸੁਪਰੀਮ ਕੋਰਟ ਅੰਦਰ ਚੱਲ ਰਹੇ ਕੇਸਾਂ ਦੀ ਸਹੀ ਪੈਰਵਾਈ ਨਹੀਂ ਕੀਤੀ, ਜਿਸ ਕਰਕੇ ਅੱਜ ਇਸ ਵੱਖਰੀ ਕਮੇਟੀ ਨੂੰ ਮਾਨਤਾ ਮਿਲੀ ਹੈ।