ਗੁਰਚਰਨਜੀਤ ਬਾਵਾ/ਦਲਬੀਰ ਸੱਖੋਵਾਲੀਆ
ਘੁਮਾਣ/ਬਟਾਲਾ, 17 ਨਵੰਬਰ
ਭਗਤ ਨਾਮਦੇਵ ਦੇ 750ਵੇਂ ਪ੍ਰਕਾਸ਼ ਦਿਹਾੜੇ ਮੌਕੇ ਅੱਜ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਸਮੇਤ ਹੋਰ ਸ਼ਖਸੀਅਤਾਂ ਭਗਤ ਨਾਮਦੇਵ ਦੀ ਅੰਤਿਮ ਸਮਾਧੀ ਘੁਮਾਣ ਵਿੱਚ ਨਤਮਸਤਕ ਹੋਈਆਂ। ਇਸ ਮੌਕੇ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਭਗਤ ਨਾਮਦੇਵ ਦੇ ਜੀਵਨ ’ਤੇ ਵਿਚਾਸ਼ ਗੋਸ਼ਟੀ ਕਰਵਾਈ ਗਈ। ਸਮਾਗਮ ਦੀ ਪ੍ਰਧਾਨਗੀ ਚਿੰਤਕ ਤੀਰਥ ਸਿੰਘ ਢਿੱਲੋਂ ਨੇ ਕੀਤੀ। ਇਸ ਮੌਕੇ ਰੰਧਾਵਾ ਨੇ ਦੱਸਿਆ ਕਿ ਭਗਤ ਨਾਮਦੇਵ ਨੇ ਸਮਾਜ ਵਿੱਚ ਜਾਤ-ਪਾਤ ਨੂੰ ਖ਼ਤਮ ਕਰਨ ਲਈ ਜੱਦੋ-ਜਹਿਦ ਕੀਤੀ ਅਤੇ ਲੋਕਾਂ ਨੂੰ ਵਹਿਮਾਂ-ਭਰਮਾਂ ’ਚੋਂ ਬਾਹਰ ਕੱਢਣ ਲਈ ਭਰਪੂਰ ਯੋਗਦਾਨ ਪਾਇਆ। ਉਨ੍ਹਾਂ ਦੱਸਿਆ ਕਿ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਉਨ੍ਹਾਂ ਦੇ 61 ਸਲੋਕ ਰਹਿੰਦੀ ਦੁਨੀਆਂ ਤੱਕ ਮਨੁੱਖਤਾ ਦਾ ਮਾਰਗ ਦਰਸ਼ਨ ਕਰਦੇ ਰਹਿਣਗੇ।
ਇਸ ਮੌਕੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਘੁਮਾਣ ਨਗਰ ਵਿੱਚ ਸੀਵਰੇਜ ਦੇ ਪ੍ਰਾਜੈਕਟ ’ਤੇ 16.50 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਘੁਮਾਣ ਨੂੰ ਵਿਕਾਸ ਪੱਖੋਂ ਸੂਬੇ ਦਾ ਮੋਹਰੀ ਨਗਰ ਬਣਾਇਆ ਜਾਵੇਗਾ। ਇਸ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਪ੍ਰੋਫ਼ੈਸਰ ਡਾ. ਧਰਮ ਸਿੰਘ ਨੇ ਕਿਹਾ ਕਿ ਭਗਤ ਨਾਮਦੇਵ ਭਗਤੀ ਲਹਿਰ ਦੇ ਉੱਘੇ ਸੰਤ ਹਨ ਅਤੇ ਉਨ੍ਹਾਂ ਨੇ ਆਪਣੀ ਬਾਣੀ ਵਿੱਚ ਊਚ-ਨੀਚ ਦੇ ਪਾੜੇ ਨੂੰ ਖਤਮ ਕਰਨ ਦੀ ਗੱਲ ਕੀਤੀ ਹੈ। ਅੰਤ ਵਿੱਚ ਪ੍ਰਬੰਧਕਾਂ ਵੱਲੋਂ ਕੈਬਨਿਟ ਮੰਤਰੀ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਡੀਸੀ ਮੁਹੰਮਦ ਇਸ਼ਫ਼ਾਕ, ਡਾ. ਸਤਨਾਮ ਸਿੰਘ ਨਿੱਝਰ, ਤਰਸੇਮ ਸਿੰਘ ਬਾਵਾ, ਸੁਖਜਿੰਦਰ ਸਿੰਘ ਲਾਲੀ, ਪ੍ਰਿੰਸੀਪਲ ਸਤਿੰਦਰ ਕੌਰ ਪੰਨੂ ਤੇ ਹੋਰ ਹਾਜ਼ਰ ਸਨ।