ਆਤਿਸ਼ ਗੁਪਤਾ
ਚੰਡੀਗੜ੍ਹ, 7 ਫਰਵਰੀ
ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਤੋਂ ਸ਼ੁਰੂ ਹੋਏ ਸੰਘਰਸ਼ ਨੂੰ 4 ਮਹੀਨੇ ਤੋਂ ਵਧ ਸਮਾਂ ਬੀਤ ਜਾਣ ਦੇ ਬਾਵਜੂਦ ਸੂਬੇ ਭਰ ਵਿੱਚ ਟੌਲ ਪਲਾਜ਼ਿਆਂ ਤੇ ਭਾਜਪਾ ਆਗੂਆਂ ਦੇ ਘਰਾਂ ਬਾਹਰ 125 ਥਾਵਾਂ ’ਤੇ ਧਰਨੇ ਜਾਰੀ ਹਨ। ਇਨ੍ਹਾਂ ਧਰਨਿਆਂ ਨੂੰ ਸੰਬੋਧਨ ਕਰਦਿਆਂ ਕਿਸਾਨ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਤੋਂ ਉੱਠੇ ਕਿਸਾਨੀ ਅੰਦੋਲਨ ਨਾਲ ਦੇਸ਼ ਦਾ ਕਿਸਾਨ ਤਾਂ ਜਾਗ ਪਿਆ ਹੈ ਪਰ ਭਾਜਪਾਈਆਂ ਅਤੇ ਮੀਡੀਆ ਦੇ ਵੱਡੇ ਹਿੱਸੇ ਦੀ ਜ਼ਮੀਰ ਹਾਲੇ ਵੀ ਸੁੱਤੀ ਪਈ ਹੈ, ਜਿਨ੍ਹਾਂ ਵੱਲੋਂ ਹਾਲੇ ਵੀ ਜਨ ਅੰਦੋਲਨ ਨੂੰ ਇੱਕ ਸੂਬੇ ਦਾ ਸੰਘਰਸ਼ ਦੱਸਿਆ ਜਾ ਰਿਹਾ ਹੈ।
ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਲੰਘੇ ਦਿਨ ਸੂਬੇ ਵਿੱਚ 400 ਤੋਂ ਵੱਧ ਥਾਵਾਂ ’ਤੇ ਦਿੱਤੇ ਗਏ ਧਰਨੇ ਨੂੰ ਮਿਲੇ ਹੁੰਗਾਰੇ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਇਹ ਕਿਸੇ ਇੱਕ ਸੂਬੇ ਦਾ ਅੰਦੋਲਨ ਨਹੀਂ, ਸਗੋਂ ਜਨ ਅੰਦੋਲਨ ਦਾ ਰੂਪ ਧਾਰ ਚੁੱਕਿਆ ਹੈ। ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਚੱਕਾ ਜਾਮ ਵਿੱਚ ਹਰ ਤਬਕੇ ਦੇ ਲੋਕਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸੇ ਕਰਕੇ ਦੇਸ਼ ਭਰ ਵਿੱਚ ਦੁਪਹਿਰ 12 ਵਜੇ ਤੋਂ 3 ਵਜੇ ਤਕ ਬਹੁਤ ਸ਼ਾਂਤਮਈ ਢੰਗ ਨਾਲ ਪੂਰੀ ਤਰ੍ਹਾਂ ਆਵਾਜਾਈ ਬੰਦ ਰਹੀ ਹੈ।
ਭਾਰਤੀ ਕਿਸਾਨ ਯੂਨੀਅਨ ਦੇ ਆਗੂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਉਨ੍ਹਾਂ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਅਗਲੇਰੀ ਰਣਨੀਤੀ ਉਲੀਕੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅੱਜ ਪੰਜਾਬ ਦੇ ਹਰ ਘਰ ਦਾ ਮੈਂਬਰ ਰੋਜ਼ਾਨਾ ਕਿਸਾਨੀ ਸੰਘਰਸ਼ ਵਿੱਚ ਹਿੱਸਾ ਲੈ ਰਿਹਾ ਹੈ। ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਮਘਾਇਆ ਜਾਵੇਗਾ।
ਪੰਜਾਬ ਕਿਸਾਨ ਯੂਨੀਅਨ ਦੇ ਆਗੂ ਕੰਵਲਜੀਤ ਸਿੰਘ ਨੇ ਕਿਹਾ ਕਿ ਪੁਲੀਸ ਵੱਲੋਂ ਕਿਸਾਨ ਆਗੂਆਂ ਖ਼ਿਲਾਫ਼ ਦਰਜ ਕੀਤੇ ਗਏ ਝੂਠੇ ਕੇਸ ਰੱਦ ਕਰਵਾਉਣ ਲਈ ਕਾਨੂੰਨੀ ਮਦਦ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤੇ ਗਏ ਸੁਖਦੇਵ ਸਿੰਘ ਦੇ ਪਰਿਵਾਰ ਦਾ ਵਕੀਲਾਂ ਨਾਲ ਸੰਪਰਕ ਕਰਵਾ ਦਿੱਤਾ ਗਿਆ ਹੈ, ਜੋ ਆਉਣ ਵਾਲੇ ਦਿਨਾਂ ਵਿੱਚ ਸੁਖਦੇਵ ਦੇ ਕੇਸ ਦੀ ਪੈਰਵੀ ਕਰਨਗੇ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਹੱਦਾਂ ’ਤੇ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਢਾਈ ਮਹੀਨੇ ਬੀਤ ਚੁੱਕੇ ਹਨ ਪਰ ਕੇਂਦਰ ਸਰਕਾਰ ਹਾਲੇ ਵੀ ਆਪਣਾ ਅੜੀਅਲ ਵਤੀਰਾ ਛੱਡਣ ਲਈ ਤਿਆਰ ਨਹੀਂ।
ਕਿਸਾਨ ਯੂਨੀਅਨ ਦੇ ਸੂਬਾਈ ਆਗੂ ਜਸਵੀਰ ਸਿੰਘ ਪਿੰਦੀ, ਸੁਖਵਿੰਦਰ ਸਿੰਘ ਸਭਰਾ ਨੇ ਗ੍ਰਿਫ਼ਤਾਰ ਕਿਸਾਨਾਂ ਨੂੰ ਜਲਦ ਰਿਹਾਅ ਕਰਨ ਦੀ ਮੰਗ ਕੀਤੀ। ਯੂਨੀਅਨ ਆਗੂਆਂ ਨੇ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਦਾ 7ਵਾਂ ਜੱਥਾ 20 ਫਰਵਰੀ ਨੂੰ ਦਿੱਲੀ ਵੱਲ ਕੂਚ ਕਰੇਗਾ। ਮੋਰਚਾ ਖੇਤੀ ਕਾਨੂੰਨਾਂ ਰੱਦ ਹੋਣ ਤਕ ਜਾਰੀ ਰਹੇਗਾ।
ਕਿਸਾਨ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਬਜ਼ਿੱਦ
ਸੰਗਰੂਰ (ਗੁਰਦੀਪ ਸਿੰਘ ਲਾਲੀ): ਕੇਂਦਰੀ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਚੱਲ ਰਹੇ ਰੋਸ ਧਰਨਿਆਂ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕੇਂਦਰ ਸਰਕਾਰ ਨੂੰ ਹਰ ਹਾਲ ਵਿੱਚ ਝੁਕਣਾ ਪਵੇਗਾ ਅਤੇ ਖੇਤੀ ਕਾਨੂੰਨ ਰੱਦ ਕਰਨੇ ਪੈਣਗੇ। ਇਥੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਭਾਜਪਾ ਆਗੂ ਦੇ ਘਰ, ਰਿਲਾਇੰਸ ਪੰਪ ਖੇੜੀ ਅੱਗੇ ਅਤੇ ਰੇਲਵੇ ਸਟੇਸ਼ਨ ਨੇੜੇ ਰੋਸ ਧਰਨੇ ਜਾਰੀ ਹਨ। ਭਾਜਪਾ ਆਗੂ ਦੇ ਘਰ ਅੱਗੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਗੋਬਿੰਦਰ ਸਿੰਘ ਮੰਗਵਾਲ ਨੇ ਕਿਹਾ ਕਿ ਜਦੋਂ ਉਹ ਮੁਗਲ ਸਾਮਰਾਜ ਅਤੇ ਅੰਗਰੇਜ਼ਾਂ ਖ਼ਿਲਾਫ਼ ਲੜੇ ਤਾਂ ਉਦੋਂ ਉਹ ਦੇਸ਼ ਭਗਤ ਸਨ ਪਰ ਹੁਣ ਜਦੋਂ ਆਪਣੇ ਹੱਕਾਂ ਲਈ ਲੜਿਆ ਜਾ ਰਿਹਾ ਹੈ ਤਾਂ ਉਨ੍ਹਾਂ ਨੂੰ ਅਤਿਵਾਦੀ, ਖਾਲਿਸਤਾਨੀ ਅਤੇ ਦੇਸ਼ਧ੍ਰੋਹੀ ਗਰਦਾਨਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਘੱਟ ਗਿਣਤੀਆਂ ਨੂੰ ਦਬਾਉਣ ਲਈ ਅਜਿਹੇ ਕਾਨੂੰਨ ਬਣਾ ਰਹੀ ਹੈ। ਕਿਸਾਨ ਅੰਦੋਲਨ ਪੂਰੀ ਦੁਨੀਆਂ ਵਿੱਚ ਫੈਲ ਚੁੱਕਿਆ ਹੈ ਅਤੇ ਕੌਮਾਂਤਰੀ ਪੱਧਰ ’ਤੇ ਕੇਂਦਰ ਸਰਕਾਰ ਦੀ ਭੰਡੀ ਹੋ ਰਹੀ ਹੈ। ਇਸੇ ਕਰਕੇ ਕੇਂਦਰ ਸਰਕਾਰ ਬੁਖਲਾਹਟ ਵਿੱਚ ਆ ਕੇ ਕਿਸਾਨੀ ਸੰਘਰਸ਼ ਨੂੰ ਢਾਹ ਲਾਉਣ ਲਈ ਤਰ੍ਹਾਂ-ਤਰ੍ਹਾਂ ਦੇ ਹਥਕੰਡੇ ਵਰਤ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਿਸਾਨ ਅੰਦੋਲਨ ਹੋਰ ਤੇਜ਼ ਹੋਵੇਗਾ ਅਤੇ ਮੋਦੀ ਸਰਕਾਰ ਨੂੰ ਕਿਸਾਨ ਰੋਹ ਅੱਗੇ ਝੁਕਦਿਆਂ ਖੇਤੀ ਵਿਰੋਧੀ ਕਾਲੇ ਕਾਨੂੰਨ ਵਾਪਸ ਲੈਣ ਲਈ ਮਜਬੂਰ ਹੋਣਾ ਪਵੇਗਾ। ਇਸ ਮੌਕੇ ਸਰੂਪ ਚੰਦ ਕਿਲਾਭਰੀਆਂ, ਗੁਰਦੀਪ ਸਿੰਘ ਕੰਮੋਮਾਜਰਾ, ਸਿੰਦਰ ਸਿੰਘ ਬਡਰੁੱਖਾਂ, ਹਰਦਿਆਲ ਸਿੰਘ, ਗੁਰਨੈਬ ਸਿੰਘ ਥਲੇਸਾਂ, ਬਲਜੀਤ ਕੌਰ ਕਿਲਾਭਰੀਆਂ ਮੌਜੂਦ ਸਨ।