ਜੋਗਿੰਦਰ ਸਿੰਘ ਮਾਨ
ਮਾਨਸਾ, 4 ਜੁਲਾਈ
ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਿੰਡ ਬੁਰਜ ਢਿੱਲਵਾਂ ਦੀ ਸੜਕ ਦੇ ਰੱਖੇ ਨੀਂਹ ਪੱਥਰ ਉਪਰੰਤ ਅੱਜ ਸੜਕ ਮੁਕੰਮਲ ਹੋਣ ’ਤੇ ਉਨ੍ਹਾਂ ਦੇ ਪਿਤਾ ਬਲਕੌਰ ਸਿੰਘ ਨੇ ਇਸ ਸੜਕ ਦਾ ਉਦਘਾਟਨ ਕੀਤਾ। ਇਸ ਮੌਕੇ ਮੰਚ ਤੋਂ ਸੰਬੋਧਨ ਕਰਦਿਆਂ ਸਿੱਧੂ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਭਾਵੁਕ ਹੁੰਦਿਆਂ ਕਿਹਾ ਕਿ ਚੋਣਾਂ ਸਮੇਂ ਹੀ ਸਿੱਧੂ ਉਤੇ 8 ਵਾਰ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਭਾਰੀ ਸੁਰੱਖਿਆ ਹੋਣ ਕਾਰਨ ਉਸ ਵੇਲੇ ਉਸ ਦਾ ਬਚਾਅ ਹੋ ਗਿਆ। ਉਨ੍ਹਾਂ ਦੱਸਿਆ ਕਿ ਸਿੱਧੂ ਨੂੰ ਮਾਰਨ ਲਈ 50-60 ਵਿਅਕਤੀ ਉਸ ਦੇ ਪਿੱਛੇ ਲੱਗੇ ਹੋਏ ਸਨ ਤੇ ਜੇਕਰ ਭਗਵੰਤ ਮਾਨ ਸਰਕਾਰ ਸੁਰੱਖਿਆ ਵਾਪਸ ਲੈਣ ਦਾ ਢਿੰਡੋਰਾ ਨਾ ਪਿੱਟਦੀ ਤਾਂ ਸ਼ਾਇਦ ਉਸ ਦੇ ਪੁੱਤ ਦੀ ਜਾਨ ਨਾ ਜਾਂਦੀ। ਉਨ੍ਹਾਂ ਕਿਹਾ ਕਿ ਖਤਰਾ ਹੋਣ ਦੇ ਬਾਵਜੂਦ ਵੀ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈਣਾ ਸਮਝ ਤੋਂ ਬਾਹਰ ਹੈ। ਮੂਸੇਵਾਲਾ ਦੇ ਪਿਤਾ ਨੇ ਕਿਹਾ ਕਿ ਅੱਜ ਪੰਜਾਬ ਵਿਚ ਸਰਕਾਰ ਦੇ ਬਰਾਬਰ ਗੈਂਗਸਟਰ ਆਪਣੀ ਵੱਖਰੀ ਸਰਕਾਰ ਚਲਾ ਰਹੇ ਹਨ। ਪਿਤਾ ਨੇ ਕਿਹਾ ਕਿ ਪੁੱਤਰ ਦੀ ਮੌਤ ਨਾਲ ਉਨ੍ਹਾਂ ਨੂੰ ਪਿਆ ਘਾਟਾ ਕਦੇ ਵੀ ਪੂਰਾ ਨਹੀਂ ਹੋਵੇਗਾ।