ਪੱਤਰ ਪ੍ਰੇਰਕ
ਨਵੀਂ ਦਿੱਲੀ, 21 ਦਸੰਬਰ
ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਦੇਸ਼ ਭਰ ਦੇ ਕਿਸਾਨ ਸਾਥੀਆਂ ਨੂੰ ਖ਼ੁਦਕੁਸ਼ੀਆਂ ਦਾ ਰਾਹ ਛੱਡਦਿਆਂ ਸੰਘਰਸ਼ ਦਾ ਪੱਲਾ ਫੜਨ ਦੀ ਅਪੀਲ ਕੀਤੀ ਹੈ। ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਅਤੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਚੱਲਦੇ ਸੰਘਰਸ਼ ਦੌਰਾਨ ਬੀਤੇ ਕੁਝ ਦਿਨਾਂ ’ਚ ਹੋਈਆਂ ਖ਼ੁਦਕੁਸ਼ੀਆਂ ਸਾਰਿਆਂ ਲਈ ਵੱਡੀ ਚਿੰਤਾ ਦਾ ਵਿਸ਼ਾ ਹੈ। ਆਗੂਆਂ ਨੇ ਕਿਹਾ, ‘ਸੰਘਰਸ਼ ਇੱਕੋ ਇੱਕ ਹੱਲ ਹੈ, ਸਾਡੇ ਸੰਘਰਸ਼ ਲੰਮੇ ਚੱਲ ਸਕਦੇ ਹਨ, ਪਰ ਅਸੀਂ ਸਰਕਾਰ ਨੂੰ ਝੁਕਣ ਲਈ ਮਜਬੂਰ ਕਰ ਦਿਆਂਗੇ। ਖ਼ੁਦਕੁਸ਼ੀ ਵਰਗਾ ਕਦਮ ਚੁੱਕਣਾ ਬੁਜ਼ਦਿਲੀ ਹੈ।’ ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਇਸ ਅੰਦੋਲਨ ਦੌਰਾਨ ਜਿਹੜੇ ਹੌਸਲੇ ਦਾ ਸਬੂਤ ਦਿੱਤਾ ਹੈ, ਉਸ ਦੀ ਚਰਚਾ ਇਸ ਵੇਲੇ ਪੂਰੀ ਦੁਨੀਆ ਵਿਚ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਵੱਲੋਂ ਬਣਾਏ ਹਾਲਾਤ ਨੇ ਕਿਸਾਨਾਂ ਨੂੰ ਪਿਛਲੇ ਸਾਲਾਂ ਵਿਚ ਖੁਦਕੁਸ਼ੀਆਂ ਦੇ ਰਾਹ ਤੋਰ ਦਿੱਤਾ ਸੀ, ਜਦੋਂ ਕਿ ਹੁਣ ਕਿਸਾਨਾਂ ਨੇ ਸਰਕਾਰ ਨੂੰ ਸ਼ਾਂਤਮਈ ਅੰਦੋਲਨ ਕਰਕੇ ਉਨ੍ਹਾਂ ਦੀ ਗੱਲ ਸੁਣਨ ਲਈ ਮਜਬੂਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਇਸ ਸੰਘਰਸ਼ ਵਿੱਚ ‘ਵੱਡੇ ਭਰਾ’ ਦਾ ਰੋਲ ਮਿਲਿਆ ਹੈ ਤੇ ਵੱਡਾ ਭਰਾ ਖ਼ੁਦਕੁਸ਼ੀ ਨਹੀਂ ਕਰ ਸਕਦਾ। ਇਸ ਲਈ ਭੁੱਲ ਕੇ ਵੀ ਖ਼ੁਦਕੁਸ਼ੀ ਬਾਰੇ ਨਾ ਸੋਚੋ।