ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 5 ਦਸੰਬਰ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਅਤੇ ਬਾਦਲਾਂ ਦੇ ਫਰੈਂਡਲੀ ਮੈਚ ਦੀ ਸਜ਼ਾ ਪੰਜਾਬ ਕਈ ਦਹਾਕਿਆ ਤੋਂ ਭੁਗਤ ਰਿਹਾ ਹੈ। ਜੇਕਰ ਪੰਜਾਬ ਅੰਦਰ ਕੋਈ ਸਾਫ਼ ਨੀਅਤ ਅਤੇ ਨੀਤੀਆਂ ਵਾਲੀ ਸਰਕਾਰ ਆਈ ਹੁੰਦੀ ਤਾਂ ਕਥਿਤ ਭ੍ਰਿਸ਼ਟਾਚਾਰ ਕਰਨ ਵਾਲੇ ਕੈਪਟਨ ਅਤੇ ਬਾਦਲ ਪਰਿਵਾਰਾਂ ਸਮੇਤ ਸਲਾਖ਼ਾਂ ਪਿੱਛੇ ਹੁੰਦੇ। ਸ੍ਰੀ ਮਾਨ ਮੁਤਾਬਕ ਕੈਪਟਨ ਨੇ ਬਾਦਲਾਂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਨਵੇਂ ਅਤੇ ਪੁਰਾਣੇ ਕੇਸਾਂ ਸਮੇਤ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਬਿਲ ਕਲਾਂ-ਕੋਟਕਪੂਰਾ ਗੋਲੀਕਾਂਡ ਕੇਸਾਂ ਨੂੰ ਇਸ ਕਰਕੇ ਠੰਢੇ ਬਸਤੇ ’ਚ ਸੁੱਟ ਦਿੱਤਾ, ਕਿਉਂਕਿ ਬਾਦਲਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਵਿਰੁੱਧ ਘੁਟਾਲਿਆਂ ਦੇ ਕਈ ਕਥਿਤ ਕੇਸਾਂ ’ਚ ਕੈਪਟਨ ਪਰਿਵਾਰ ਦੀ ਉਸੇ ਤਰ੍ਹਾਂ ਮਦਦ ਕੀਤੀ ਗਈ ਹੈ, ਜਿਸ ਤਰ੍ਹਾਂ ਕੈਪਟਨ ਨੇ ਬਾਦਲਾਂ ਖ਼ਿਲਾਫ਼ ਭ੍ਰਿਸ਼ਟਾਚਾਰ ਅਤੇ ਮਾਫ਼ੀਆ ਨਾਲ ਜੁੜੇ ਹੋਰ ਮਾਮਲਿਆਂ ’ਚ ਉਨ੍ਹਾਂ ਦੀ ਮਦਦ ਕੀਤੀ। ਉਨ੍ਹਾਂ ਨੇ ‘ਆਪ’ ਵੱਲੋਂ ਕਿਸਾਨਾਂ ਦੇ 8 ਦਸੰਬਰ ਨੂੰ ਭਾਰਤ ਬੰਦ ਦੇ ਸੱਦੇ ਦੀ ਹਮਾਇਤ ਕਰਦਿਆਂ ਪਾਰਟੀ ਦੇ ਆਗੂਆਂ ਅਤੇ ਵਾਲੰਟੀਅਰਾਂ ਨੂੰ ਭਾਰਤ ਬੰਦ ’ਚ ਸ਼ਾਮਲ ਹੋਣ ਦੀ ਅਪੀਲ ਕੀਤੀ।