ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 20 ਅਗਸਤ
ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਲਗਾਤਾਰ ਦੋ ਵਿਧਾਨ ਸਭਾ ਚੋਣਾਂ ਬੁਰੀ ਤਰ੍ਹਾਂ ਹਾਰਨ ਮਗਰੋਂ ਪਾਰਟੀ ਨੂੰ ਮੁੜ ਲੀਹ ’ਤੇ ਲਿਆਉਣ ਲਈ ਵਰਕਰਾਂ ਵੱਲੋਂ ਦਿੱਤੇ ਜਾਣ ਵਾਲੇ ਸੁਝਾਵਾਂ ਨੂੰ ਬਗਾਵਤ ਨਹੀਂ ਸਮਝਣਾ ਚਾਹੀਦਾ ਸਗੋਂ ਉਸ ਦਾ ਸਵਾਗਤ ਕਰਨਾ ਚਾਹੀਦਾ ਹੈ।
ਪ੍ਰੋ. ਚੰਦੂਮਾਜਰਾ ਨੇ ਪਿੰਡ ਫੱਗੂਵਾਲਾ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਿਆ ਹਰ ਛੋਟਾ, ਵੱਡਾ ਆਗੂ ਤੇ ਵਰਕਰ ਪਾਰਟੀ ਨੂੰ ਮਜ਼ਬੂਤ ਕਰਨ ਲਈ ਸਰੋਕਾਰ ਰੱਖ ਰਿਹਾ ਹੈ ਅਤੇ ਸੁਧਾਰਾਂ ਦੀ ਆਸ ਰੱਖਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਦਿੱਲੀ ਦੇ ਉਪ ਮੁੱਖ ਮੰਤਰੀ ਦੇ ਘਰ ਸੀਬੀਆਈ ਦੇ ਛਾਪੇ ਨੇ ‘ਆਪ’ ਦਾ ਅਸਲੀ ਚਿਹਰਾ ਬੇਨਕਾਬ ਕਰ ਦਿੱਤਾ ਹੈ। ਉਨ੍ਹਾਂ ਪੰਜਾਬ ਦੀ ਮਾਨ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ‘ਆਪ’ ਸਰਕਾਰ ਨੂੰ ਮੁਹੱਲਾ ਕਲੀਨਿਕ ਖੋਲ੍ਹਣ ਦੀ ਥਾਂ ਹਸਪਤਾਲਾਂ ਵਿੱਚ ਡਾਕਟਰ ਪੂਰੇ ਕਰਨ ਨੂੰ ਤਰਜੀਹ ਦੇਣੀ ਚਾਹੀਦੀ ਹੈ।
ਅਕਾਲੀ ਆਗੂ ਨੇ ਕਿਹਾ ਕਿ 15 ਅਗਸਤ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਸ਼ਣ ਜ਼ਰੀਏ ਦੇਸ਼ ਵਿੱਚ ਮੱਧ ਕਾਲੀ ਚੋਣਾਂ ਕਰਵਾਉਣ ਦਾ ਇਸ਼ਾਰਾ ਦਿੱਤਾ ਹੈ ਅਤੇ ਇਹ ਵੀ ਹੋ ਸਕਦਾ ਹੈ ਕਿ ਸਾਰੇ ਸੂਬਿਆਂ ਅਤੇ ਕੇਂਦਰ ਦੀਆਂ ਇਕੱਠੀਆਂ ਹੀ ਚੋਣਾਂ ਕਰਵਾਈਆਂ ਜਾਣ। `ਇਸ ਮੌਕੇ ਪਾਰਟੀ ਆਗੂ ਹਰਵਿੰਦਰ ਸਿੰਘ ਕਾਕੜਾ, ਭਰਪੂਰ ਸਿੰਘ ਫੱਗੂਵਾਲਾ, ਇੰਦਰਜੀਤ ਸਿੰਘ ਤੂਰ, ਅਜੈਬ ਸਿੰਘ ਗਹਿਲਾਂ, ਰੰਗੀ ਖਾਂ, ਡਾ. ਗੁਰਚਰਨ ਸਿੰਘ ਅਤੇ ਦਰਸ਼ਨ ਸਿੰਘ ਦਿਆਲਗੜ੍ਹ ਮੌਜੂਦ ਸਨ।