ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 6 ਅਕਤੂਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੇਂਦਰ ਸਰਕਾਰ ਨਾਲ ਨਾਰਾਜ਼ਗੀ ਜ਼ਾਹਿਰ ਕਰਦਿਆਂ ਕਿਹਾ ਕਿ ਅਫ਼ਗਾਨਿਸਤਾਨ ਵਿੱਚ ਬਣੇ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਉੱਥੇ ਰਹਿੰਦੇ ਸਿੱਖਾਂ ਦੀ ਸੁਰੱਖਿਆ ਲਈ ਕਦਮ ਨਹੀਂ ਪੁੱਟੇ ਜਾ ਰਹੇ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਕਾਬੁਲ ਦੇ ਗੁਰਦੁਆਰਾ ਕਰਤਾ ਪ੍ਰਵਾਨ ਵਿੱਚ ਜਬਰੀ ਦਾਖਲ ਹੋ ਕੇ ਕੁਝ ਹਥਿਆਰਬੰਦਾਂ ਨੇ ਭੰਨ-ਤੋੜ ਕੀਤੀ ਸੀ। ਇਸ ਘਟਨਾ ਤੋਂ ਬਾਅਦ ਅੱਜ ਬੀਬੀ ਜਗੀਰ ਕੌਰ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਅਫ਼ਗਾਨਿਸਤਾਨ ਵਿੱਚ ਸਿੱਖਾਂ ਦੀ ਸੁਰੱਖਿਆ ਲਈ ਤੁਰੰਤ ਠੋਸ ਕਦਮ ਚੁੱਕੇ। ਉਨ੍ਹਾਂ ਗੁਰਦੁਆਰੇ ਵਿੱਚ ਹੋਈ ਭੰਨ-ਤੋੜ ਵਾਲੀ ਘਟਨਾ ਦੀ ਨਿਖੇਧੀ ਕਰਦਿਆਂ ਕਿਹਾ ਕਿ ਅਫ਼ਗਾਨਿਸਤਾਨ ’ਚ ਕੁਝ ਸਮੇਂ ਦੌਰਾਨ ਸਿੱਖਾਂ ਦੀਆਂ ਸਮੱਸਿਆਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਕਰਕੇ ਸਿੱਖਾਂ ਅੰਦਰ ਡਰ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਅਫ਼ਗਾਨ ਵਿੱਚ ਕਈ ਇਤਿਹਾਸਕ ਗੁਰਦੁਆਰੇ ਹਨ ਅਤੇ ਸਦੀਆਂ ਤੋਂ ਸਿੱਖ ਉੱਥੇ ਰਹਿ ਰਹੇ ਹਨ ਪਰ ਕੁਝ ਕੱਟੜ ਸੋਚ ਵਾਲੇ ਲੋਕ ਸਿੱਖਾਂ ਨੂੰ ਨਿਸ਼ਾਨਾ ਬਣਾ ਰਹੇ ਹਨ, ਜੋ ਕਿਸੇ ਤਰ੍ਹਾਂ ਵੀ ਜਾਇਜ਼ ਨਹੀਂ ਹੈ। ਇਸ ਦੌਰਾਨ ਨਿਹੰੰਗ ਜਥੇਬੰਦੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਕਾਬੁਲ ਦੇ ਗੁਰਦੁਆਰੇ ਵਿੱਚ ਵਾਪਰੀ ਘਟਨਾ ਦੀ ਨਿਖੇਧੀ ਕਰਦਿਆਂ ਕਿਹਾ ਕਿ ਅਫਗਾਨਿਸਤਾਨ ਵਿੱਚ ਮਨੁੱਖੀ ਅਧਿਕਾਰਾਂ ਦਾ ਹੋ ਰਿਹਾ ਘਾਣ ਡੂੰਘੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਬੇਕਸੂਰ ਲੋਕਾਂ ਨੂੰ ਮਾਰਿਆ ਜਾ ਰਿਹਾ ਹੈ ਪਰ ਸਾਰੇ ਦੇਸ਼ ਮੂਕ ਦਰਸ਼ਕ ਬਣ ਕੇ ਤਮਾਸ਼ਾ ਦੇਖ ਰਹੇ ਹਨ। ਉਨ੍ਹਾਂ ਤਾਲਿਬਾਨ ਆਗੂਆਂ ਤੋਂ ਮੰਗ ਕੀਤੀ ਕਿ ਸਿੱਖਾਂ ਦੀ ਸੁਰੱਖਿਆ ਦੇ ਪ੍ਰਬੰਧ ਕੀਤੇ ਜਾਣ।
ਭੰਨ-ਤੋੜ ਕਰਨ ਵਾਲਿਆਂ ਦੀ ਸ਼ਨਾਖਤ ਦੱਸਣ ਦੀ ਮੰਗ
ਅਫਗਾਨਿਸਤਾਨ ਦੇ ਸਿੱਖ ਭਾਈਚਾਰੇ ਨੇ ਅੱਜ ਤਾਲਿਬਾਨ ਸਰਕਾਰ ਕੋਲ ਗੁਰਦੁਆਰੇ ਵਿਚ ਭੰਨਤੋੜ ਕਰਨ ਦੇ ਮਾਮਲੇ ਵਿਚ ਸਖਤ ਰੋਸ ਦਰਜ ਕਰਾਉਂਦਿਆਂ ਮੰਗ ਕੀਤੀ ਹੈ ਕਿ ਭੰਨ ਤੋੜ ਕਰਨ ਵਾਲੇ ਵਿਅਕਤੀਆਂ ਦੀ ਸ਼ਨਾਖਤ ਬਾਰੇ ਦੱਸਿਆ ਜਾਵੇ। ਇਥੇ ਦੱਸਣਯੋਗ ਹੈ ਕਿ ਤਾਲਿਬਾਨ ਸਰਕਾਰ ਦੇ ਅਧਿਕਾਰੀ ਪਹਿਲਾਂ ਹੀ ਇਸ ਭੰਨ ਤੋੜ ਦੀ ਘਟਨਾ ਨਾਲ ਕੋਈ ਸਬੰਧ ਹੋਣ ਤੋਂ ਇਨਕਾਰ ਕਰ ਚੁੱਕੇ ਹਨ। ਇਸ ਸਬੰਧੀ ਇਕ ਵੀਡਿਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਸੀ, ਜਿਸ ਵਿਚ ਮੂੰਹ ਢੱਕੇ ਹੋਏ ਇਹ ਵਿਅਕਤੀ ਗੁਰਦੁਆਰੇ ਦੇ ਅੰਦਰ ਅਲਮਾਰੀਆਂ ਅਤੇ ਹੋਰ ਸਮਾਨ ਦੀ ਤਲਾਸ਼ੀ ਲੈ ਰਹੇ ਹਨ। ਦਿੱਲੀ ਕਮੇਟੀ ਦੇ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਅਫਗਾਨਿਸਤਾਨ ਦੇ ਸਿੱਖਾਂ ਨੇ ਉਥੇ ਤਾਲਿਬਾਨ ਸਰਕਾਰ ਕੋਲ ਸ਼ਿਕਾਇਤ ਦੇ ਕੇ ਨਿਆਂ ਦੀ ਮੰਗ ਕੀਤੀ ਹੈ।