ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਸਤੰਬਰ
ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਐਲਾਨ ਕੀਤਾ ਕਿ ਖਿਡਾਰੀਆਂ ਨੂੰ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕਰਨ ਵਾਸਤੇ ਹੇਠਲੇ ਪੱਧਰ ’ਤੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਲਈ ‘ਓਲੰਪੀਅਨ ਬਲਬੀਰ ਸਿੰਘ ਸੀਨੀਅਰ ਵਜ਼ੀਫ਼ਾ ਸਕੀਮ’ ਦੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਭਾਰਤੀ ਹਾਕੀ ਦੇ ਮਹਾਨ ਖਿਡਾਰੀ ਬਲਬੀਰ ਸਿੰਘ ਸੀਨੀਅਰ ਦੇ ਨਾਮ ਉਤੇ ਉੱਘੇ ਖਿਡਾਰੀਆਂ ਲਈ ਇਹ ਨਿਵੇਕਲੀ ਸਕੀਮ ਸ਼ੁਰੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ।
ਉਨ੍ਹਾਂ ਦੱਸਿਆ ਕਿ ਹਰ ਸਾਲ ਸੀਨੀਅਰ ਨੈਸ਼ਨਲ ਵਿੱਚ ਤਗ਼ਮੇ ਜਿੱਤਣ ਵਾਲੇ ਪੰਜਾਬ ਦੇ ਖਿਡਾਰੀਆਂ ਨੂੰ ਇਕ ਸਾਲ ਲਈ 8000 ਰੁਪਏ ਪ੍ਰਤੀ ਮਹੀਨਾ ਅਤੇ ਜੂਨੀਅਰ ਨੈਸ਼ਨਲ ਵਿੱਚ ਤਗ਼ਮਾ ਜਿੱਤਣ ਵਾਲੇ ਖਿਡਾਰੀਆਂ ਨੂੰ ਇਕ ਸਾਲ ਲਈ 6000 ਰੁਪਏ ਪ੍ਰਤੀ ਮਹੀਨਾ ਵਜ਼ੀਫ਼ਾ ਦਿੱਤੇ ਜਾਣਗੇ। ਖਿਡਾਰੀ ਨੇ ਸੋਨੇ, ਚਾਂਦੀ ਤੇ ਕਾਂਸੀ ਦਾ ਕੋਈ ਵੀ ਤਗ਼ਮਾ ਜਿੱਤਿਆ ਹੋਵੇ, ਉਸ ਨੂੰ ਇਹ ਰਾਸ਼ੀ ਇਕ ਸਾਲ ਲਈ ਪ੍ਰਤੀ ਮਹੀਨਾ ਮਿਲੇਗੀ। ਇਸ ਸਕੀਮ ਲਈ ਖੇਡ ਵਿਭਾਗ ਵੱਲੋਂ ਸਾਲਾਨਾ 12.50 ਕਰੋੜ ਰੁਪਏ ਬਜਟ ਰੱਖਿਆ ਗਿਆ ਹੈ।
ਮੀਤ ਹੇਅਰ ਨੇ ਦੱਸਿਆ ਕਿ ਖਿਡਾਰੀਆਂ ਲਈ ਸਿਹਤ ਬੀਮਾ ਵੀ ਸ਼ੁਰੂ ਕੀਤਾ ਜਾ ਰਿਹਾ ਹੈ। ਖਿਡਾਰੀਆਂ ਨੂੰ ਖੇਡ ਸਾਮਾਨ ਮੁਹੱਈਆ ਕਰਵਾਉਣ ਤੋਂ ਇਲਾਵਾ ਵੱਡੀ ਪੱਧਰ ਉੱਤੇ ਨਵੇਂ ਕੋਚਾਂ ਦੀ ਭਰਤੀ ਵੀ ਕੀਤੀ ਜਾ ਰਹੀ ਹੈ। ਡੇਅ ਸਕਾਲਰ ਖਿਡਾਰੀਆਂ ਦੀ ਡਾਈਟ 100 ਰੁਪਏ ਤੋਂ ਵਧਾ ਕੇ 125 ਰੁਪਏ ਅਤੇ ਹੋਸਟਲ ਵਾਲੇ ਖਿਡਾਰੀਆਂ ਲਈ ਡਾਈਟ 200 ਤੋਂ ਵਧਾ ਕੇ 225 ਰੁਪਏ ਕਰ ਦਿੱਤੀ ਗਈ ਹੈ। ਖੇਡ ਮਾਹਿਰਾਂ ਦੀ ਰਾਏ ਨਾਲ ਨਵੀਂ ਖੇਡ ਨੀਤੀ ਲਿਆਂਦੀ ਜਾ ਰਹੀ ਹੈ ਜਿਸ ਦਾ ਮਨੋਰਥ ਖਿਡਾਰੀਆਂ ਦੀ ਪ੍ਰਤਿਭਾ ਪਛਾਣ ਕੇ ਉਨ੍ਹਾਂ ਨੂੰ ਮੁਕਾਬਲਿਆਂ ਲਈ ਤਿਆਰ ਕਰਨਾ। ਖਿਡਾਰੀਆਂ ਲਈ ਡਾਈਟ, ਕੋਚਿੰਗ, ਖੇਡ ਸਾਮਾਨ, ਨੌਕਰੀਆਂ ਤੇ ਨਗਦ ਪੁਰਸਕਾਰ ਨਾਲ ਸਨਮਾਨਤ ਕਰਨਾ ਨੀਤੀ ਦਾ ਅਹਿਮ ਅੰਗ ਹੋਵੇਗਾ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਹੈ ਕਿ 2024 ਵਿੱਚ ਪੈਰਿਸ ਓਲੰਪਿਕ ਖੇਡਾਂ ਅਤੇ 2028 ਵਿੱਚ ਲਾਸ ਏਂਜਲਸ ਓਲੰਪਿਕ ਖੇਡਾਂ ਲਈ ਪੰਜਾਬ ਦੇ ਖਿਡਾਰੀ ਵੱਧ ਤੋਂ ਵੱਧ ਹਿੱਸਾ ਲੈ ਕੇ ਪ੍ਰਾਪਤੀਆਂ ਹਾਸਲ ਕਰਨ।
ਮੀਤ ਹੇਅਰ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਵੀ ਸਵਾ ਦੋ ਲੱਖ ਤੋਂ ਵੱਧ ਖਿਡਾਰੀ ਇਨਾਂ ਖੇਡਾਂ ਵਿੱਚ ਹਿੱਸਾ ਲੈ ਰਹੇ ਹਨ।