ਗੁਰਦੀਪ ਸਿੰਘ ਲਾਲੀ
ਸੰਗਰੂਰ, 8 ਦਸੰਬਰ
ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਣ ਵਾਲੇ ਜ਼ਿਲ੍ਹਾ ਸੰਗਰੂਰ ਦੇ ਕਿਸਾਨ-ਮਜ਼ਦੂਰਾਂ ਦੀ ਯਾਦ ਨੂੰ ਸਮਰਪਿਤ ਪੰਜਾਬ ਦਾ ਪਹਿਲਾ ਸ਼ਹੀਦ ਕਿਸਾਨ ਸਮਾਰਕ ‘ਯਾਦਗਾਰ-ਏ-ਸ਼ਹੀਦਾਂ’ ਇਥੇ ਸੁਨਾਮੀ ਗੇਟ ਦੇ ਬਾਹਰ ਦਿੱਲੀ-ਲੁਧਿਆਣਾ ਹਾਈਵੇਅ ’ਤੇ ਸਥਿਤ ਚੌਕ ਵਿੱਚ ਸਥਾਪਤ ਕੀਤਾ ਗਿਆ। ਸ਼ਹੀਦ ਕਿਸਾਨ ਸਮਾਰਕ ਦਾ ਰਸਮੀ ਉਦਘਾਟਨ ਅੱਜ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਦੀ ਮੌਜੂਦਗੀ ਵਿੱਚ ਕੀਤਾ। ਸ਼ਹੀਦ ਕਿਸਾਨ ਸਮਾਰਕ ਵਿੱਚ ਖੰਡਾ ਤੇ ਉਸ ਦੇ ਦੋਵੇਂ ਪਾਸੇ ਕਣਕ ਦੀਆਂ ਬੱਲੀਆਂ ਬਣਾਈਆਂ ਗਈਆਂ ਹਨ। ਇਸ ਦੇ ਨਾਲ ਹੀ ਸਮਾਰਕ ’ਤੇ ਸ਼ਹੀਦਾਂ ਦੇ ਨਾਮ ਅਤੇ ਉਨ੍ਹਾਂ ਦੇ ਪਿੰਡਾਂ ਦੇ ਨਾਮ ਲਿਖੇ ਗਏ ਹਨ।
ਇਸ ਮੌਕੇ ਮੀਡੀਆ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਚੱਲੇ ਕਿਸਾਨ ਸੰਘਰਸ਼ ਦੌਰਾਨ 700 ਤੋਂ ਵੱਧ ਕਿਸਾਨ-ਮਜ਼ਦੂਰ ਸ਼ਹੀਦ ਹੋਏ ਹਨ, ਜਿਨ੍ਹਾਂ ਵਿੱਚ ਜ਼ਿਲ੍ਹਾ ਸੰਗਰੂਰ ਦੇ 58 ਸ਼ਹੀਦ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਦੇ ਸ਼ਹੀਦੀ ਦਿਵਸ ਮੌਕੇ ਉਨ੍ਹਾਂ ਦੀ ਸ਼ਹਾਦਤ ਨੂੰ ਨਤਮਸਤਕ ਹੁੰਦਿਆਂ ਅੱਜ ਜ਼ਿਲ੍ਹੇ ਦੇ 58 ਸ਼ਹੀਦ ਕਿਸਾਨਾਂ ਤੇ ਮਜ਼ਦੂਰਾਂ ਨੂੰ ਸਮਰਪਿਤ ਸ਼ਹੀਦ ਕਿਸਾਨ ਸਮਾਰਕ ਬਣਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਨੇ ਧਰਮ ਦੀ ਰਾਖੀ ਲਈ ਕੁਰਬਾਨੀ ਦਿੱਤੀ ਸੀ ਤੇ ਉਨ੍ਹਾਂ ਵੱਲੋਂ ਦਿਖਾਏ ਹੱਕ ਤੇ ਸੱਚ ਦੇ ਮਾਰਗ ’ਤੇ ਚਲਦਿਆਂ ਸਾਡੇ ਕਿਸਾਨ-ਮਜ਼ਦੂਰ ਭਰਾਵਾਂ ਨੇ ਵੀ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਇਕਜੁੱਟਤਾ ਨਾਲ ਟੱਕਰ ਲਈ ਤੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਉਕਤ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਪੰਜ-ਪੰਜ ਲੱਖ ਰੁਪਏ ਮੁਆਵਜ਼ਾ ਦਿੱਤਾ ਗਿਆ ਹੈ ਤੇ 26 ਪਰਿਵਾਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਜਦਕਿ ਬਾਕੀ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਦੇਣ ਲਈ ਲੋੜੀਂਦੀ ਪ੍ਰਕਿਰਿਆ ਚੱਲ ਰਹੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਰਾਮਵੀਰ ਤੇ ਐੱਸਐੱਸਪੀ ਸਵਪਨ ਸ਼ਰਮਾ ਵੀ ਮੌਜੂਦ ਸਨ।